ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਨੂੰ ਭਾਰਤੀ ਮੂਲ ਦੇ ਕੈਨੇਡੀਅਨ ਨਾਗਰਿਕਾਂ, ਜਿਨ੍ਹਾਂ ਕੋਲ ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓਸੀਆਈ) ਕਾਰਡ ਨਹੀਂ ਹਨ, ਲਈ ਵੀਜ਼ਾ ਸੇਵਾਵਾਂ ਮੁੜ ਸ਼ੁਰੂ ਕਰਨ ਦੀ ਬੇਨਤੀ ਕੀਤੀ ਹੈ। ਸ੍ਰ. ਸਾਹਨੀ ਨੇ ਕਿਹਾ ਕਿ ਉਨ੍ਹਾਂ ਨੂੰ ਭਾਰਤੀ ਪ੍ਰਵਾਸੀ ਵਿਸ਼ੇਸ਼ ਤੌਰ 'ਤੇ ਪੰਜਾਬੀਆਂ ਵੱਲੋਂ ਆਪਣੇ ਮਾਤਾ-ਪਿਤਾ ਦੀ ਗੰਭੀਰ ਬਿਮਾਰੀ, ਪਰਿਵਾਰਕ ਵਿਆਹਾਂ ਅਤੇ ਹੋਰ ਪਰਿਵਾਰਕ ਜ਼ਰੂਰਤਾਂ ਲਈ ਭਾਰਤੀ ਵੀਜ਼ਾ ਪ੍ਰਾਪਤ ਕਰਨ ਤੋਂ ਅਸਮਰੱਥਾ ਬਾਰੇ ਹਰ ਰੋਜ਼ ਬਹੁਤ ਸਾਰੀਆਂ ਬੇਨਤੀਆਂ ਮਿਲ ਰਹੀਆਂ ਹਨ। ਪੰਜਾਬ ਦੇ ਹਰ ਦੂਜੇ ਘਰ ਕੈਨੇਡਾ ਵਿੱਚ ਪਰਿਵਾਰ ਦਾ ਕੋਈ ਨਾ ਕੋਈ ਮੈਂਬਰ ਰਹਿੰਦਾ ਹੈ। ਸ੍ਰ. ਸਾਹਨੀ ਨੇ ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨਰ ਸੰਜੇ ਕੁਮਾਰ ਵਰਮਾ ਨੇ ਕਿਹਾ ਕਿ ਉਹ ਸਿਰਫ਼ ਮੌਤ ਦੇ ਮਾਮਲਿਆਂ ਲਈ ਹੀ ਐਮਰਜੈਂਸੀ ਵੀਜ਼ਾ 'ਤੇ ਵਿਚਾਰ ਕਰ ਸਕਦੇ ਹਨ। ਕਿਸੇ ਹੋਰ ਐਮਰਜੈਂਸੀ ਦੇ ਹੋਰ ਸਾਰੇ ਮਾਮਲਿਆਂ ਲਈ, ਉਹ ਵਿਦੇਸ਼ ਮੰਤਰਾਲੇ ਤੋਂ ਨੀਤੀਗਤ ਦਿਸ਼ਾ-ਨਿਰਦੇਸ਼ਾਂ ਦੀ ਉਡੀਕ ਕਰਦੇ। ਸ੍ਰ. ਸਾਹਨੀ ਨੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਕਿ ਕੈਨੇਡਾ ਵਿੱਚ ਭਾਰਤੀ ਮੂਲ ਦੇ ਲੋਕਾਂ ਨੂੰ ਵੀਜ਼ਾ ਨਾ ਜਾਰੀ ਕਰਨ ਨਾਲ ਉਨ੍ਹਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਨ੍ਹਾਂ ਨੂੰ ਦੂਰ ਕਰਨ ਦੀ ਲੋੜ ਹੈ। ਸ੍ਰ. ਸਾਹਨੀ ਨੇ ਉਮੀਦ ਪ੍ਰਗਟ ਕੀਤੀ ਕਿ ਚੰਗੀ ਸੂਝ-ਬੂਝ ਤੋਂ ਕੰਮ ਲੈਂਦਿਆਂ ਵਿਦੇਸ਼ ਵਿਭਾਗ ਕੈਨੇਡਾ ਵਿੱਚ ਆਪਣੇ ਹਾਈ ਕਮਿਸ਼ਨ ਅਤੇ ਕੌਂਸਲੇਟ ਨੂੰ ਵੀਜ਼ਾ ਜਾਰੀ ਕਰਨ ਲਈ ਨਿਰਦੇਸ਼ ਜਾਰੀ ਕਰੇਗਾ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਭਾਰਤੀ ਮਿਸ਼ਨਾਂ ਵਿੱਚ ਸਟਾਫ ਦੀ ਕਮੀ ਦੇ ਮਾਮਲੇ ਵਿੱਚ, ਈ-ਵੀਜ਼ਾ ਦੇਣ 'ਤੇ ਵਿਚਾਰ ਕੀਤਾ ਜਾ ਸਕਦਾ ਹੈ, ਪਰ ਅਸੀਂ ਆਪਣੇ ਹੀ ਭੈਣਾਂ-ਭਰਾਵਾਂ ਨੂੰ ਉਨ੍ਹਾਂ ਦੀ ਕੋਈ ਗ਼ਲਤੀ ਬਗੈਰ ਸਜ਼ਾ ਨਹੀਂ ਦੇ ਸਕਦੇ।