ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰ ਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਤੰਬਰ 2024 ਵਿੱਚ ਪੰਥਕ ਰਵਾਇਤਾਂ ਅਨੁਸਾਰ ਮਨਾਈ ਜਾਵੇਗੀ। ਇਸ ਸ਼ਤਾਬਦੀ ਨੂੰ ਸਮਰਪਿਤ ਜ਼ੋਰਦਾਰ ਧਰਮ ਪ੍ਰਚਾਰ ਲਹਿਰ ਅੱਗੇ ਵਧਾਈ ਜਾਵੇਗੀ, ਜਿਸ ਤਹਿਤ ਪਿੰਡ ਪੱਧਰ ਤੱਕ ਧਰਮ ਪ੍ਰਚਾਰ ਕਮੇਟੀ ਵੱਲੋਂ ਪ੍ਰਚਾਰਕ ਜਥੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਇਤਿਹਾਸਕ ਦਿਹਾੜੇ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਗੁਰ-ਇਤਿਹਾਸ ਅਤੇ ਸਿੱਖ ਸਿਧਾਂਤਾਂ ਨਾਲ ਜੋੜਣਗੇ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਦੀ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਵਿਖੇ ਹੋਈ ਇਕੱਤਰਤਾ ਦੌਰਾਨ ਤੀਸਰੇ ਪਾਤਸ਼ਾਹ ਜੀ ਦੇ ਜੋਤੀ ਜੋਤਿ ਦਿਹਾੜੇ ਦੇ 450 ਸਾਲਾ ਸਮਾਗਮਾਂ ਸਬੰਧੀ ਰੂਪ ਰੇਖਾ ਤਿਆਰ ਕਰਨ ਲਈ ਇੱਕ ਉੱਚ-ਪੱਧਰੀ ਕਮੇਟੀ ਗਠਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਧਰਮ ਇਤਿਹਾਸ ਦੇ ਸ਼ਤਾਬਦੀ ਦਿਹਾੜੇ ਕੌਮ ਅੰਦਰ ਵੱਡੀ ਅਹਿਮੀਅਤ ਰੱਖਦੇ ਹਨ, ਜਿਨ੍ਹਾਂ ਨੂੰ ਕੌਮੀ ਪ੍ਰੰਪਰਾਵਾਂ ਅਨੁਸਾਰ ਮਨਾਉਣਾ ਕੌਮ ਦਾ ਫਰਜ਼ ਹੈ। ਇਸੇ ਤਹਿਤ ਹੀ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਸਬੰਧੀ 450 ਸਾਲਾ ਸ਼ਤਾਬਦੀ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਮਨਾਈ ਜਾਵੇਗੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਸੇ ਸਾਲ ਫਰਵਰੀ ਮਹੀਨੇ ਵਿੱਚ ਆ ਰਹੀ ਜੈਤੋ ਦੇ ਮੋਰਚੇ ਦੀ 100 ਸਾਲਾ ਸ਼ਤਾਬਦੀ ਨੂੰ ਵੀ ਵਿਸ਼ਾਲ ਪੱਧਰ ’ਤੇ ਮਨਾਇਆ ਜਾਵੇਗਾ, ਜਿਸ ਦੇ ਸਮਾਗਮਾਂ ਨੂੰ ਲੈ ਕੇ ਧਰਮ ਪ੍ਰਚਾਰ ਕਮੇਟੀ ਨੇ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਸਮਾਗਮ 19 ਤੋਂ 21 ਫਰਵਰੀ ਤੱਕ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਜੈਤੋ (ਫਰੀਦਕੋਟ) ਵਿਖੇ ਕਰਵਾਏ ਜਾਣਗੇ। ਇਸ ਤੋਂ ਪਹਿਲਾਂ ਜੈਤੋ ਦੇ ਨਜ਼ਦੀਕੀ ਪਿੰਡਾਂ, ਸ਼ਹਿਰਾਂ, ਕਸਬਿਆਂ ਵਿੱਚ ਸਿੱਖੀ ਪ੍ਰਚਾਰ ਲਈ ਧਾਰਮਿਕ ਦੀਵਾਨਾਂ ਦੀ ਲੜੀ ਚਲਾਈ ਜਾਵੇਗੀ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਜੈਤੋ ਮੋਰਚੇ ਦੀ ਇਸ ਪਹਿਲੀ ਸ਼ਤਾਬਦੀ ਮੌਕੇ ਇੱਕ ਇਤਿਹਾਸਕ ਵੀਡੀਓ ਡਾਕਊਮੈਂਟਰੀ ਵੀ ਤਿਆਰ ਕਰਵਾਈ ਜਾ ਰਹੀ ਹੈ, ਜਿਸ ਨੂੰ ਵੱਖ-ਵੱਖ ਮੰਚਾਂ ਰਾਹੀਂ ਸੰਗਤ ਤੱਕ ਪਹੁੰਚਾਇਆ ਜਾਵੇਗਾ। ਇਸ ਦੇ ਨਾਲ ਹੀ ਧਾਰਮਿਕ ਸਾਹਿਤ ਵੀ ਉਚੇਚੇ ਤੌਰ ’ਤੇ ਤਿਆਰ ਕਰਵਾ ਕੇ ਵੰਡਿਆ ਜਾਵੇਗਾ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਵਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਗੁਰਪੁਰਬ ਵੀ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਕੌਮੀ ਪੱਧਰ ’ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ 17 ਜਨਵਰੀ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪੁੱਜ ਕੇ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਸਮਾਗਮਾਂ ਵਿੱਚ ਹਾਜ਼ਰੀ ਭਰਨ।
ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਵਿੱਚ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਭਾਈ ਪ੍ਰਿਤਪਾਲ ਸਿੰਘ, ਸ. ਮਨਜੀਤ ਸਿੰਘ ਬੱਪੀਆਣਾ, ਸ. ਅਵਤਾਰ ਸਿੰਘ ਵਣਵਾਲਾ, ਸ. ਤੇਜਿੰਦਰਪਾਲ ਸਿੰਘ ਲਾਡਵਾ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਗੁਰਮੀਤ ਸਿੰਘ ਬੂਹ, ਓਐੱਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਆਦਿ ਹਾਜ਼ਰ ਸਨ।