ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ। ਸੰਗਤ ਨੂੰ ਹੁਕਮਨਾਮਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ। ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨਾਲ ਭਗਤ ਧੰਨਾ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਨਾਮ ਜਪਣ, ਸੱਚੀ ਕਿਰਤ ਅਤੇ ਪਰਮਾਤਮਾ ’ਤੇ ਭਰੋਸੇ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਸੰਗਤਾਂ ਨੂੰ ਭਗਤ ਧੰਨਾ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਜੀਵਨ ਇਤਿਹਾਸ ਤੋਂ ਸੇਧ ਲੈਣ ਦੀ ਅਪੀਲ ਕੀਤੀ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਗੁਰਦਿਆਲ ਸਿੰਘ, ਪ੍ਰੋ. ਸੁਖਦੇਵ ਸਿੰਘ, ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।