ਅੰਮ੍ਰਿਤਸਰ-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰੂ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਜੀਵਨ ਮਨੁੱਖਤਾ ਲਈ ਚਾਨਣ-ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਵੱਡਾ ਪਰਉਪਕਾਰ ਕਰਦਿਆਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਤਿਆਰ ਕਰਵਾਇਆ ਅਤੇ ਸੰਗਤਾਂ ਨੂੰ ਸ਼ਬਦ ਨਾਲ ਜੋੜਿਆ। ਐਡਵੋਕੇਟ ਧਾਮੀ ਨੇ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈਣ ਅਤੇ ਗੁਰਬਾਣੀ ਉਪਦੇਸ਼ਾਂ ’ਤੇ ਚੱਲਣ ਦੀ ਅਪੀਲ ਵੀ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਸੰਤੋਖਸਰ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪੰਥ ਪ੍ਰਸਿੱਧ ਕਥਾਵਾਚਕਾਂ ਨੇ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ, ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲ, ਸ. ਹਰਪਾਲ ਸਿੰਘ ਜੱਲਾ, ਭਾਈ ਅਜਾਇਬ ਸਿੰਘ ਅਭਿਆਸੀ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਵਧੀਕ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਬਿਜੈ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਆਦਿ ਹਾਜ਼ਰ ਸਨ।