ਨਵੀਂ ਦਿੱਲੀ- ਦੇਸ਼ ਭਰ ਵਿਚ ਸਿੱਖਾਂ ਦੇ ਪੰਜਾਂ ਤਖ਼ਤਾਂ ਦੇ ਦਰਸ਼ਨਾਂ ਵਾਸਤੇ ਤਖਤ ਸ੍ਰੀ ਹਜ਼ੂਰ ਸਾਹਿਬ ਸ੍ਰੀ ਨਾਂਦੇੜ ਸਾਹਿਬ ਤੋਂ ਰਵਾਨਾ ਹੋਇਆ 1300 ਸਿੰਘਾਂ ਦਾ ਜੱਥਾ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਪੁੱਜਾ।
ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਜੱਥੇ ਅਤੇ ਇਸਦੀ ਅਗਵਾਈ ਕਰਨ ਵਾਲੇ ਸਿੰਘਾਂ ਦਾ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਸਿਰੋਪਾਓ ਬਖਸ਼ਿਸ਼ ਕਰ ਕੇ ਸਨਮਾਨਤ ਕੀਤਾ।
ਇਸ ਮੌਕੇ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਇਹ ਜੱਥਾ ਤਖਤ ਸ੍ਰੀ ਹਜ਼ੂਰ ਸਾਹਿਬ ਸ੍ਰੀ ਨਾਂਦੇੜ ਸਾਹਿਬ ਤੋਂ ਰਵਾਨਾ ਹੋਇਆ ਹੈ ਤੇ ਤਖਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਮਗਰੋਂ ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਪੁੱਜਾ ਹੈ ਜਿਥੋਂ ਅਗਲੇ ਪੜਾਅ ਲਈ ਪੰਜਾਬ ਵਾਸਤੇ ਰਵਾਨਾ ਹੋਵੇਗਾ। ਜੱਥਾ ਵੱਲੋਂ ਪੰਜਾਬ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ, ਤਖਤ ਸ੍ਰੀ ਕੇਸਗੜ੍ਹ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਦਰਸ਼ਨਾਂ ਵਾਸਤੇ ਰਵਾਨਾ ਹੋਵੇਗਾ।
ਉਹਨਾਂ ਕਿਹਾ ਕਿ ਇਸ ਯਾਤਰਾ ਲਈ ਭਾਈ ਗੁਰਮੀਤ ਸਿੰਘ ਮੀਤ ਗ੍ਰੰਥੀ ਸ੍ਰੀ ਹਜ਼ੂਰ ਸਾਹਿਬ, ਭਾਈ ਰਵਿੰਦਰ ਸਿੰਘ ਬੁੰਗਾਈ ਪ੍ਰਧਾਨ ਸ਼ਹੀਦ ਬਾਬਾ ਭੁਜੰਗ ਸਿੰਘ ਟਰੱਸਟ ਹਜ਼ੂਰ ਸਾਹਿਬ ਵਿਸ਼ੇਸ਼ ਤੌਰ ’ਤੇ ਵਧਾਈ ਦੇ ਪਾਤਰ ਹਨ ਜਿਹਨਾਂ ਨੇ ਇਹ ਉਪਰਾਲਾ ਕੀਤਾ ਹੈ। ਉਹਨਾਂ ਦੱਸਿਆ ਕਿ ਇਸ ਯਾਤਰਾ ਦੀ ਸਮਾਪਤੀ 4 ਸਤੰਬਰ ਨੂੰ ਹੋਣੀ ਹੈ।
ਉਹਨਾਂ ਕਿਹਾ ਕਿ ਉਹ ਸੰਗਤਾਂ ਵੱਡਭਾਗੀ ਹਨ ਜਿਹਨਾਂ ਨੂੰ ਪੰਜਾਂ ਤਖ਼ਤਾਂ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਹਨਾਂ ਕਿਹਾ ਕਿ ਵੱਡੀ ਗੱਲ ਇਹ ਹੈ ਕਿ ਤਖਤ ਸ੍ਰੀ ਹਜ਼ੂਰ ਸਾਹਿਬ ਦੀ ਮਰਿਆਦਾ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਲੈ ਕੇ ਹੀ ਜੱਥਾ ਨਾਲ ਚਲ ਰਿਹਾ ਹੈ। ਉਹਨਾਂ ਕਿਹਾ ਕਿ ਰਵਾਇਤਾਂ ਦੀ ਪਾਲਣਾ ਬਹੁਤ ਵੱਡੀ ਗੱਲ ਹੈ।
ਇਸ ਮੌਕੇ ਤੇ ਕਮੇਟੀ ਮੈਂਬਰ ਆਤਮਾ ਸਿੰਘ ਲੁਬਾਣਾ, ਜਸਮੀਨ ਸਿੰਘ ਨੋਨੀ, ਭੁਪਿੰਦਰ ਸਿੰਘ ਭੁੱਲਰ, ਪਰਵਿੰਦਰ ਸਿੰਘ ਲੱਕੀ, ਅਮਰਜੀਤ ਸਿੰਘ ਪਿੰਕੀ, ਗੁਰਦੇਵ ਸਿੰਘ ਆਦਿ ਮੌਜੂਦ ਰਹੇ।