ਨਵੀਂ ਦਿੱਲੀ- ਦਿੱਲੀ ਵਿਖ਼ੇ ਨਵੰਬਰ 1984 ਸਿੱਖ ਕਤਲੇਆਮ ਨਾਲ ਜੁੜੇ ਇਕ ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵੀਨਿਊ ਦੀ ਅਦਾਲਤ ਵੱਲੋਂ ਦੋਸ਼ ਆਇਦ ਕਰਨ ਦਾ ਵੱਖ ਵੱਖ ਸਿੱਖ ਆਗੂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮਹਿਲਾ ਵਿੰਗ ਮੁੱਖੀ ਬੀਬੀ ਰਣਜੀਤ ਕੌਰ, ਪੰਥਕ ਸੇਵਾਦਾਰ ਪਰਮਜੀਤ ਸਿੰਘ ਵੀਰਜੀ ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸਵਾਗਤ ਕਰਦਿਆਂ ਕਿਹਾ ਕਿ ਇਸ ਨਾਲ ਪੀੜਤਾਂ ਨੂੰ ਇਨਸਾਫ਼ ਦੀ ਆਸ ਬੱਝੀ ਹੈ। ਜਿਕਰਯੋਗ ਹੈ ਕਿ ਕਿ ਜਗਦੀਸ਼ ਟਾਈਟਲਰ ਨੇ 1984 ਸਿੱਖ ਕਤਲੇਆਮ ਦੌਰਾਨ ਪੁਲਬੰਗਸ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ’ਤੇ ਹਮਲਾ ਕਰਨ ਵਾਲੀ ਭੀੜ ਦੀ ਅਗਵਾਈ ਕੀਤੀ ਸੀ, ਜਿਸ ਦੌਰਾਨ ਤਿੰਨ ਸਿੱਖਾਂ ਦਾ ਕਤਲ ਹੋਇਆ ਸੀ। ਕਰੀਬ 40 ਸਾਲ ਤੋਂ ਪੀੜਤ ਇਨਸਾਫ਼ ਦੀ ਉਡੀਕ ਕਰ ਰਹੇ ਹਨ, ਜਿਨ੍ਹਾਂ ਨੂੰ ਦੋਸ਼ ਦਾਖ਼ਲ ਹੋਣ ਨਾਲ ਆਸ ਬੱਝੀ ਹੈ। ਸਿੱਖ ਕਤਲੇਆਮ ਮਨੁੱਖੀ ਇਤਿਹਾਸ ਵਿਚ ਮਾਨਵ ਵਿਰੋਧੀ ਕਰੂਰਕਾਰੇ ਵਜੋਂ ਅੰਕਤ ਹੈ, ਜਿਸ ਦੇ ਪੀੜਤਾਂ ਨੂੰ ਇਨਸਾਫ਼ ਲਈ ਲੰਮਾਂ ਸੰਘਰਸ਼ ਲੜਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਗਦੀਸ਼ ਟਾਈਟਲਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਤਾਂ ਜੋ ਪੀੜਤਾਂ ਨੂੰ ਇਨਸਾਫ਼ ਮਿਲ ਸਕੇ। ਕੇਂਦਰ ਵਿਚ ਕਾਂਗਰਸ ਦੀ ਅਗਵਾਈ ਵਾਲੀਆਂ ਸਮੇਂ ਦੀਆਂ ਸਰਕਾਰਾਂ ਨੇ ਵਾਰ-ਵਾਰ ਟਾਈਟਲਰ ਨੂੰ ਕਲੀਨ ਚਿੱਟ ਦਿੱਤੀ ਹਾਲਾਂਕਿ ਉਸਦੇ 1984 ਦੇ ਸਿੱਖ ਕਤਲੇਆਮ ਕੇਸਾਂ ਵਿਚ ਸ਼ਾਮਲ ਹੋਣ ਦੇ ਪੁਖ਼ਤਾ ਸਬੂਤ ਸਨ। ਅੱਜ ਅਦਾਲਤ ਦਾ ਫੈਸਲਾ ਇਕ ਕੇਸ ਵਿਚ ਸਾਹਮਣੇ ਆਇਆ ਹੈ ਤੇ ਭਵਿੱਖ ਵਿਚ 1984 ਦੇ ਹੋਰ ਕੇਸਾਂ ਵਿਚ ਵੀ ਟਾਈਟਲਰ ਦੀ ਸ਼ਮੂਲੀਅਤ ਸਾਹਮਣੇ ਆ ਸਕਦੀ ਹੈ ।
ਸ਼੍ਰੋਮਣੀ ਕਮੇਟੀ ਦੇ ਮੁੱਖੀ ਐਡਵੋਕੇਟ ਧਾਮੀ ਨੇ ਕਿਹਾ ਕਿ ਸਾਡੀ ਕਮੇਟੀ ਹਰ ਸਮੇਂ ਪੀੜਤਾਂ ਦੇ ਨਾਲ ਖੜ੍ਹੀ ਹੈ ਅਤੇ ਕੇਸ ਵਿਚ ਹਰ ਤਰ੍ਹਾਂ ਦੀ ਕਾਨੂੰਨੀ ਚਾਰਾਜੋਈ ਲਈ ਸਹਾਇਤਾ ਕਰ ਰਹੀ ਹੈ।