ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਪੰਥਕ ਸ਼ਖ਼ਸੀਅਤਾਂ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਅਨਿੰਨ ਸਿੱਖ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੇ ਜੀਵਨ ਪ੍ਰੇਰਣਾ ਸਰੋਤ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਸਿੱਖਾਂ ਦਾ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਹੈ, ਜਿਸ ’ਤੇ ਸਿੱਖ ਕੌਮ ਮਾਣ ਮਹਿਸੂਸ ਕਰਦੀ ਹੈ। ਉਨ੍ਹਾ ਕਿਹਾ ਕਿ ਸਾਨੂੰ ਬਾਬਾ ਮੱਖਣ ਸ਼ਾਹ ਤੇ ਭਾਈ ਲੱਖੀ ਸ਼ਾਹ ਦੇ ਜੀਵਨ ਤੋਂ ਪ੍ਰੇਰਣਾ ਲੈਂਦਿਆਂ ਗੁਰਸਿੱਖੀ ਮਾਰਗ ’ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ ਸਿੱਖ ਸ਼ਖ਼ਸੀਅਤਾਂ ਦੀ ਯਾਦ ਮਨਾਉਣਾ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਸੰਗਤਾਂ ਨੂੰ ਆਪਣੇ ਵਡੇਰਿਆਂ ਦੇ ਇਤਿਹਾਸ ਤੋਂ ਪ੍ਰੇਰਣਾ ਲੈ ਕੇ ਜੀਵਨ ਸੇਧਾਂ ਨਿਰਧਾਰਤ ਕਰਨ ਦੀ ਅਪੀਲ ਕੀਤੀ।
ਇਸੇ ਦੌਰਾਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਦੇ ਪ੍ਰਧਾਨ ਸ. ਦਲੇਰ ਸਿੰਘ ਨੇ ਸ਼੍ਰੋਮਣੀ ਕਮੇਟੀ ਦਾ ਸਮਾਗਮ ਕਰਨ ਲਈ ਧੰਨਵਾਦ ਕੀਤਾ। ਇਸ ਤੋਂ ਇਲਾਵਾ ਅਮਰੀਕਾ ਤੋਂ ਪੁਜੇ ਸ. ਅਮਰੀਕ ਸਿੰਘ ਮੋਰਥਲੀ, ਸ. ਰਘਬੀਰ ਸਿੰਘ ਬੱਬੀ, ਸ. ਸੁਖਜਿੰਦਰ ਸਿੰਘ ਟੀਟੂ, ਸ. ਸਤਨਾਮ ਸਿੰਘ ਟਾਹਲੀ, ਬਾਬਾ ਜਸਪਾਲ ਸਿੰਘ, ਸ. ਪਰਵਿੰਦਰ ਜੀਤ ਸਿੰਘ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਸੇਵਾ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਨੇ ਨਿਭਾਈ। ਸਮਾਗਮ ਦੌਰਾਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਤੋਂ ਸ. ਗਰੀਬ ਸਿੰਘ ਕਾਲੀ ਪਿਹੋਵਾ, ਸ. ਗਰੀਬ ਸਿੰਘ ਕਾਲੀ ਪਿਹੋਵਾ, ਹੈੱਡ ਗ੍ਰੰਥੀ ਭਾਈ ਜਸਪਾਲ ਸਿੰਘ, ਬੀਬੀ ਕੈਲਾਸ਼ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਸਿਮਰਨਜੀਤ ਕੌਰ, ਬੀਬੀ ਲਖਵਿੰਦਰ ਕੌਰ, ਬੀਬੀ ਪਰਵਿੰਦਰ ਕੌਰ, ਬੀਬੀ ਕੁਲਵੰਤ ਕੌਰ, ਬੀਬੀ ਹਰਪ੍ਰੀਤ ਕੌਰ, ਬੀਬੀ ਸੁਰਜੀਤ ਕੌਰ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸਾਬਕਾ ਸਕੱਤਰ ਡਾ. ਪਰਮਜੀਤ ਸਿੰਘ ਸਰੋਆ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਵਿੰਦਰ ਸਿੰਘ ਦੇਵੀਦਾਸਪੁਰ, ਸ. ਯੁਵਰਾਜ ਸਿੰਘ ਸਮੇਤ ਸੰਗਤ ਮੌਜੂਦ ਸੀ।