ਮਾਨਸਾ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਨੇ ਕਿਹਾ ਕਿ ਕਿਸਾਨਾਂ ਵੱਲੋਂ ਮਿਹਨਤ ਨਾਲ ਤਿਆਰ ਕੀਤੀ ਫਸਲ ਦਾ ਇੱਕ-ਇੱਕ ਦਾਣਾ ਮੰਡੀਆਂ ਵਿੱਚੋਂ ਚੁੱਕਿਆ ਜਾਵੇਗਾ ਅਤੇ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਬਦਲੇ ਅਦਾਇਗੀ ਵੀ ਨਿਰਧਾਰਿਤ ਸਮੇਂ ਅੰਦਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਲ੍ਹੇ ਦੀਆਂ ਮੰਡੀਆਂ ਅੰਦਰ ਝੋਨੇ ਦੀ ਖਰੀਦ ਦਾ ਕੰਮ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਮੰਡੀਆਂ ਵਿੱਚ ਝੋਨੇ ਦੀ ਖਰੀਦ ਸਬੰਧੀ ਕਿਸੇ ਵੀ ਵਰਗ ਨੂੰ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਬੀਤੀ ਸ਼ਾਮ ਤੱਕ 266 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਸ਼੍ਰੀ ਮਨਦੀਪ ਸਿੰਘ ਮਾਨ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਢੰਗ ਨਾਲ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਦੀਆਂ ਮੰਡੀਆਂ ਅੰਦਰ ਬੀਤੀ ਸ਼ਾਮ ਤੱਕ 200838 ਮੀਟਰਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 150114 ਮੀਟਰਕ ਟਨ ਝੋਨਾ ਖਰੀਦਿਆ ਵੀ ਜਾ ਚੁੱਕਾ ਹੈ। ਇਸ ਤੋਂ ਇਲਾਵਾ 98694 ਮੀਟਰਕ ਟਨ ਝੋਨੇ ਦੀ ਲਿਫ਼ਟਿਗ ਵੀ ਕਰਵਾਈ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਪਨਗਰੇਨ ਵੱਲੋਂ 50 ਹਜ਼ਾਰ 860 ਮੀਟਰਕ ਟਨ, ਮਾਰਕਫੈਡ ਵੱਲੋਂ 50 ਹਜ਼ਾਰ 477, ਪਨਸਪ ਵੱਲੋਂ 33 ਹਜ਼ਾਰ 880 ਅਤੇ ਪੰਜਾਬ ਵੇਅਰਹਾਊਸ ਵੱਲੋਂ 14897 ਮੀਟਰਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਕਿਸਾਨਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਾ ਆਵੇ ਇਸ ਲਈ ਅੱਗੇ ਵੀ ਇਹ ਖਰੀਦ ਅਤੇ ਲਿਫਟਿੰਗ ਨਿਰੰਤਰ ਜਾਰੀ ਰਹੇਗੀ।