ਅੰਮ੍ਰਿਤਸਰ- ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।
ਸਮਾਗਮ ਮੌਕੇ ਸੰਗਤ ਨਾਲ ਵਿਚਾਰ ਕਰਦਿਆਂ ਗਿਆਨੀ ਬਲਜੀਤ ਸਿੰਘ ਨੇ ਕਿਹਾ ਕਿ 1984 ਵਿਚ ਸਮੇਂ ਦੀ ਭਾਰਤੀ ਹਕੂਮਤ ਵੱਲੋਂ ਸਿੱਖ ਕੌਮ ਦੇ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਹਮਲੇ ਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਮਗਰੋਂ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਆਪਣਾ ਫ਼ਰਜ਼ ਨਿਭਾਉਂਦਿਆਂ ਭਾਈ ਬੇਅੰਤ ਸਿੰਘ ਤੇ ਉਨ੍ਹਾਂ ਦੇ ਸਾਥੀ ਸਿੰਘਾਂ ਨੇ ਸ਼ਹਾਦਤਾਂ ਪ੍ਰਾਪਤ ਕੀਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਤੇ ਸ਼ਹੀਦ ਭਾਈ ਕੇਹਰ ਸਿੰਘ ਦਾ ਸਿੱਖ ਕੌਮ ਅੰਦਰ ਬੇਹੱਦ ਸਤਿਕਾਰ ਹੈ ਅਤੇ ਹਮੇਸ਼ਾ ਰਹੇਗਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਸ਼ਹੀਦ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਭੇਟ ਕੀਤੇ।
ਇਸ ਮੌਕੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਪ੍ਰੀਤਪਾਲ ਸਿੰਘ, ਮੀਤ ਸਕੱਤਰ ਸ. ਗੁਰਚਰਨ ਸਿੰਘ ਕੋਹਾਲਾ, ਸ. ਬਲਵਿੰਦਰ ਸਿੰਘ ਖੈਰਾਬਾਦ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ ਤੋਂ ਇਲਾਵਾ ਸ. ਵਰਿਆਮ ਸਿੰਘ ਅਗਵਾਨ, ਸ. ਬੇਅੰਤ ਸਿੰਘ ਖਿਆਲਾ, ਸ. ਸੁਖਵਿੰਦਰ ਸਿੰਘ ਅਗਵਾਨ, ਸ. ਤਰਸੇਮ ਸਿੰਘ ਆਦਿ ਮੌਜੂਦ ਸਨ।