ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੀ ਪਾਤਸ਼ਾਹੀ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਮੌਕੇ ’ਤੇ ਵਿਸ਼ਾਲ ਨਗਰ ਕੀਰਤਨ ਸਜਾਇਆ। ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਅਰਦਾਸ ਉਪਰੰਤ ਸ਼ੁਰੂ ਹੋਇਆ ਇਹ ਨਗਰ ਕੀਰਤਨ ਦਿੱਲੀ ਦੇ ਵੱਖ-ਵੱਖ ਬਜ਼ਾਰਾਂ ਤੇ ਰਸਤਿਆਂ ਵਿਚੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਨਾਨਕ ਪਿਆਊ ਵਿਖੇ ਸਮਾਪਤ ਹੋਇਆ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਪੰਜ ਪਿਆਰੇ ਇਸ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਸਨ ਤੇ ਇਸ ਵਿਚ ਪੰਥ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਜੱਥਿਆਂ ਤੋਂ ਇਲਾਵਾ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਬੱਚਿਆਂ ਦੇ ਨਾਲ-ਨਾਲ ਨਿਹੰਗ ਸਿੰਘਾਂ ਦੇ ਜੱਥਿਆਂ ਨੇ ਵੀ ਸ਼ਮੂਲੀਅਤ ਕੀਤੀ ਤੇ ਗੱਤਕੇ ਦੇ ਜੌਹਰ ਵਿਖਾਏ। ਸਮੁੱਚੇ ਰਸਤੇ ਵਿਚ ਸੰਗਤ ਵਿਚ ਨਗਰ ਕੀਰਤਨ ਦੇ ਸਵਾਗਤ ਲਈ ਬਹੁਤ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਮੌਕੇ ਸੰਗਤਾਂ ਨੇ ਵੱਖ-ਵੱਖ ਤਰੀਕੇ ਦੇ ਲੰਗਰ ਨਗਰ ਕੀਰਤਨ ਵਿਚ ਸ਼ਾਮਲ ਸੰਗਤ ਵਾਸਤੇ ਲਗਾਏ ਹੋਏ ਸਨ।
ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋ਼ ਅਤੇ ਧਰਮ ਪ੍ਰਚਾਰ ਮੁਖੀ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਉਸ ਵੇਲੇ ਪ੍ਰਚਲਤ ਸਮਾਜਿਕ ਬੁਰਾਈਆਂ ਖਿਲਾਫ ਆਵਾਜ਼ ਬੁਲੰਦ ਕਰ ਕੇ ਸਮਾਜ ਨੂੰ ਹਨੇਰੇ ਵਿਚੋਂ ਕੱਢਿਆ ਤੇ ਇਸੇ ਕਰ ਕੇ ਆਖਿਆ ਜਾਂਦਾ ਹੈ ਕਿ ਸਤਿਗੁਰ ਨਾਨਕ ਪ੍ਰਗਟਿਆ, ਮਿਟਿ ਧੁੰਦ ਜਗ ਚਾਨਣ ਹੋਆ।
ਉਹਨਾਂ ਕਿਹਾ ਕਿ ਨਾ ਸਿਰਫ ਗੁਰੂ ਸਾਹਿਬ ਨੇ ਸਮਾਜਿਕ ਬੁਰਾਈਆਂ ਖਿਲਾਫ ਆਵਾਜ਼ ਬੁਲੰਦ ਕੀਤੀ ਬਲਕਿ ਉਸ ਵੇਲੇ ਜ਼ਾਬਰ ਬਾਬਰ ਖਿਲਾਫ ਵੀ ਆਵਾਜ਼ ਬੁਲੰਦ ਕੀਤੀ ਜਦੋਂ ਕਿ ਉਸ ਵੇਲੇ ਕੋਈ ਵੀ ਹਾਕਮ ਖਿਲਾਫ ਆਵਾਜ਼ ਬੁਲੰਦ ਨਹੀਂ ਕਰਦਾ ਸੀ।
ਉਹਨਾਂ ਕਿਹਾ ਕਿ ਗੁਰੂ ਸਾਹਿਬ ਨੇ ਆਪ ਕਰਤਾਰਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ 18 ਸਾਲਾਂ ਤੱਕ ਖੇਤੀ ਕਰ ਕੇ ਲੋਕਾਂ ਨੂੰ ਕਿਰਤ ਕਰੋ, ਨਾਪ ਜਪੋ ਤੇ ਵੰਡ ਛਕੋ ਦਾ ਸੰਦੇਸ਼ ਦਿੱਤਾ। ਉਹਨਾਂ ਕਿਹਾ ਕਿ ਸਿੱਖ ਕੌਮ ਅੱਜ ਗੁਰੂ ਸਾਹਿਬ ਵੱਲੋਂ ਦਰਸਾਏ ਮਾਰਗ ’ਤੇ ਚਲ ਕੇ ਹੀ ਚੜ੍ਹਦੀਕਲਾ ਵਿਚ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣਾ ਸਾਡਾ ਮੁੱਢਲਾ ਫਰਜ਼ ਹੈ। ਉਹਨਾਂ ਕਿਹਾ ਕਿ ਇਹ ਵੀ ਇਕ ਵੱਡੀ ਸੱਚਾਈ ਹੈ ਕਿ ਸਿਰਫ ਸਿੱਖ ਭਾਈਚਾਰਾ ਹੀ ਨਹੀਂ ਬਲਕਿ ਮਨੁੱਖਤਾ ਨੂੰ ਪਿਆਰ ਕਰਨ ਵਾਲੇ ਹਰ ਧਰਮ ਦੇ ਅਤੇ ਹਰ ਜਾਤ ਦੇ ਲੋਕ ਗੁਰੂ ਨਾਨਕ ਦੇਵ ਜੀ ਨੂੰ ਗੁਰੂ ਮੰਨਦਿਆਂ ਉਹਨਾਂ ਦੇ ਦਰਸਾਏ ਮਾਰਗ ’ਤੇ ਚਲਦੇ ਹਨ। ਇਹੀ ਕਾਰਣ ਹੈ ਕਿ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਸਜਾਏ ਜਾਂਦੇ ਨਗਰ ਕੀਰਤਨ ਵਿਚ ਵੱਖ-ਵੱਖ ਧਰਮਾਂ ਤੇ ਜਾਤਾਂ ਦੇ ਲੋਕ ਅੱਗੇ ਹੋ ਕੇ ਸੰਗਤ ਦੀ ਸੇਵਾ ਕਰਦੇ ਹਨ।
ਉਹਨਾਂ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਜਿਥੇ ਉਹਨਾਂ ਨੇ ਨਗਰ ਕੀਰਤਨ ਵਿਚ ਵੱਡੀਆਂ ਹਾਜ਼ਰੀਆਂ ਭਰੀਆਂ ਹਨ, ਉਥੇ ਹੀ ਭਲਕੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਹੋਣ ਵਾਲੇ ਗੁਰਮਤਿ ਸਮਾਗਮ ਵਿਚ ਵੀ ਵੱਧ ਤੋਂ ਵੱਧ ਗਿਣਤੀ ਵਿਚ ਸੰਗਤ ਹਾਜ਼ਰੀ ਭਰੇ।