ਨਵੀਂ ਦਿੱਲੀ -ਦਿੱਲੀ ਅਤੇ ਹੋਰ ਸ਼ਹਿਰਾਂ ਅੰਦਰ ਨਵੰਬਰ 1984 ’ਚ ਹੋਏ ਸਿੱਖ ਕਤਲੇਆਮ ਦੀ 40ਵੀਂ ਵਰ੍ਹੇਗੰਢ ਮੌਕੇ ਕੈਨੇਡਾ ਦੀ ਨਿਊ ਡੈਮੋਕ੍ਰੈਟਿਕ ਪਾਰਟੀ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਇਸ ਨੂੰ ‘ ਸਿੱਖ ਨਸਲਕੁਸ਼ੀ’ ਵਜੋਂ ਮਾਨਤਾ ਦਿਵਾਉਣ ਲਈ ਮਤਾ ਪੇਸ਼ ਕੀਤਾ ਜਾਵੇਗਾ।
ਨਿਊ ਡੈਮੋਕ੍ਰੈਟਿਕ ਪਾਰਟੀ ਦੇ ਆਗੂ ਜਗਮੀਤ ਸਿੰਘ ਨੇ ਕਿਹਾ, “ਅਸੀਂ ਇਸ ਨੂੰ ਸਹਾਰਨ ਵਾਲੇ ਅਤੇ ਇਸ ਵਿੱਚ ਮਾਰੇ ਗਏ ਲੋਕਾਂ ਨੂੰ ਯਾਦ ਕਰ ਰਹੇ ਹਾਂ, ਕੈਨੇਡਾ ਦੀ ਧਰਤੀ ਉੱਤੇ ਸਿੱਖਾਂ ਦੇ ਖ਼ਿਲਾਫ਼ ਭਾਰਤ ਦੀ ਹਿੰਸਕ ਮੁਹਿੰਮ ਨੇ ਸਿੱਖ ਨਸਲਕੁਸ਼ੀ ਦੇ ਜਖ਼ਮ ਹਰੇ ਕਰ ਦਿੱਤੇ ਹਨ।” ਐੱਨਡੀਪੀ ਆਗੂ ਜਗਮੀਤ ਸਿੰਘ ਵੱਖ-ਵੱਖ ਮੌਕਿਆਂ ’ਤੇ ਕੈਨੇਡਾ ਵਿੱਚ ‘ਸਿੱਖ ਨਸਲਕੁਸ਼ੀ’ ਨੂੰ ਮਾਨਤਾ ਦਿਵਾਉਣ ਦੀ ਪਹਿਲਾਂ ਵੀ ਗੱਲ ਕਰ ਚੁੱਕੇ ਹਨ।
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਾਲ 2017 ਵਿੱਚ ਕੈਨੇਡਾ ਦੇ ਓਂਟਾਰੀਓ ਸੂਬੇ ਦੀ ਅਸੈਂਬਲੀ ਵੱਲੋਂ ਨਵੰਬਰ 1984 ਵਿੱਚ ਵਾਪਰੀ ਸਿੱਖ ਕਤਲੇਆਮ ਨੂੰ ਨਸਲਕੁਸ਼ੀ ਵਜੋਂ ਮਾਨਤਾ ਦੇਣ ਲਈ ਮਤਾ ਪਾਸ ਕੀਤਾ ਗਿਆ ਸੀ। ਅਮਰੀਕਾ ਦੇ ਕੈਲੀਫੌਰਨੀਆ ਸੂਬੇ ਦੀ ਅਸੈਂਬਲੀ ਵੱਲੋਂ ਵੀ ਸਿੱਖ ਕਤਲੇਆਮ ਨੂੰ ਨਸਲਕੁਸ਼ੀ ਵਜੋਂ ਮਾਨਤਾ ਦੇਣ ਦਾ ਮਤਾ ਪਾਸ ਕੀਤਾ ਗਿਆ ਜਾ ਚੁਕਿਆ ਹੈ ।