ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਰਨਾ ਭਰਾਵਾਂ ਖਿਲਾਫ ਸ਼ਿਕਾਇਤ ਕਮੇਟੀ ਦੇ ਪੰਜਾਬ ਦੇ ਮੁੱਖ ਸੇਵਾਦਾਰ ਸਰਦਾਰ ਮਨਜੀਤ ਸਿੰਘ ਭੋਮਾ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪੀ।
ਇਸ ਸ਼ਿਕਾਇਤ ਵਿਚ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਹੋਰ ਮੈਂਬਰਾਂ ਨੇ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਦੱਸਿਆ ਕਿ ਸਰਨਾ ਭਰਾ ਹਮੇਸ਼ਾ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਖਿਲਾਫ ਬਹੁਤ ਹੀ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਦੇ ਹਨ। ਉਹਨਾਂ ਦੱਸਿਆ ਕਿ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਹਰਵਿੰਦਰ ਸਿੰਘ ਸਰਨਾ ਨੇ ਤਾਂ ਵੀਡੀਓ ਪੋਸਟ ਕਰ ਕੇ ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਹਰਪ੍ਰੀਤ ਸਿੰਘ ਅਸਤੀਫੇ ਦੇ ਬਾਅਦ ਗਿਆਨੀ ਰਘਬੀਰ ਸਿੰਘ ’ਤੇ ਯੂਨੀਅਨਬਾਜ਼ੀ ਕਰਨ ਦੇ ਦੋਸ਼ ਲਗਾਏ। ਉਥੇ ਹੀ ਨਿਊਜ਼ 18 ’ਤੇ ਟੀ ਵੀ ਬਹਿਸ ਦੌਰਾਨ ਸਾਬਕਾ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ ਨੇ ਸਪਸ਼ਟ ਕਿਹਾ ਕਿ ਤੁਸੀਂ ਜਥੇਦਾਰ ਨੂੰ ਛੱਡੋ ਜਿਸਨੂੰ ਮਰਜ਼ੀ ਜਾ ਕੇ ਸ਼ਿਕਾਇਤ ਕਰੋ ਸਾਨੂੰ ਕੋਈ ਪਰਵਾਹ ਨਹੀਂ ਹੈ।
ਉਹਨਾਂ ਕਿਹਾ ਕਿ ਦੋਵਾਂ ਭਰਾਵਾਂ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਮਿਸਾਲੀ ਸਜ਼ਾ ਲਗਾਉਣੀ ਬੇਹੱਦ ਜ਼ਰੂਰੀ ਹੈ। ਉਹਨਾਂ ਕਿਹਾ ਕਿ ਇਹਨਾਂ ਦੀ ਸ੍ਰੀ ਅਕਾਲ ਤਖਤ ਸਾਹਿਬ ਅਤੇ ਹੋਰ ਤਖ਼ਤਾਂ ਦੇ ਜਥੇਦਾਰਾਂ ਖਿਲਾਫ ਬਦਜ਼ੁਬਾਨੀ ਨਾਲ ਸਿੱਖ ਸਮਾਜ ਵਿਚ ਕੁੜਤਣ ਪੈਦਾ ਹੋਈ ਹੈ। ਅਜਿਹੇ ਵਿਚ ਇਹਨਾਂ ਨੂੰ ਸਜ਼ਾ ਦੇਣੀ ਹੋਰ ਵੀ ਜ਼ਰੂਰੀ ਹੋ ਜਾਂਦੀ ਹੈ।
ਅੱਜ ਸਰਦਾਰ ਮਨਜੀਤ ਸਿੰਘ ਭੋਮਾ ਨੇ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਇਹ ਸ਼ਿਕਾਇਤ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਚ ਸੌਂਪੀ। ਇਸ ਵਿਚ ਮੰਗ ਕੀਤੀ ਗਈ ਹੈ ਕਿ ਦੋਵੇਂ ਸਰਨਾ ਭਰਾਵਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ।