ਨਵੀਂ ਦਿੱਲੀ- ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵਲੋਂ ਕਿਸਾਨਾਂ ਦੀਆਂ ਲਟਕਦੀਆਂ ਮੰਗਾਂ ਨੂੰ ਲੈ ਕੇ ਵੱਡਾ ਕਦਮ ਚੁੱਕਦਿਆਂ 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਨਾਲ ਕਿਸਾਨ ਅੰਦੋਲਨ ਵਿੱਚ ਨਵਾਂ ਮੋੜ ਆ ਗਿਆ ਹੈ। ਉਨ੍ਹਾਂ ਦਸਿਆ ਕਿ ਇਸ ਮਾਰਚ ਨੂੰ 'ਸ਼ਹੀਦੀ ਜਥਾ' (ਮਰਜੀਵੜਿਆ ਦਾ ਜੱਥਾ) ਕਿਹਾ ਜਾਵੇਗਾ।
ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਇਸ ਮਾਰਚ ਵਿੱਚ ਕਿਸਾਨ ਸ਼ਾਂਤੀਪੂਰਵਕ ਪੈਦਲ ਦਿੱਲੀ ਵੱਲ ਵਧਣਗੇ। ਉਨ੍ਹਾਂ ਕਿਹਾ ਜਿਵੇਂ ਕਿ ਅਸੀਂ ਪਹਿਲਾਂ ਸ਼ੰਭੂ ਸਰਹੱਦ 'ਤੇ ਦੇਸ਼ ਦੇ ਸਾਰੇ ਨੇਤਾਵਾਂ ਨਾਲ ਵਿਚਾਰ ਵਟਾਂਦਰਾ ਕੀਤਾ ਸੀ, ਦੋਵਾਂ ਮੰਚਾਂ ਨੇ ਫੈਸਲਾ ਕੀਤਾ ਹੈ ਕਿ ਅਸੀਂ ਜ਼ਰੂਰੀ ਸਮਾਨ ਨਾਲ ਸ਼ਾਂਤੀਪੂਰਵਕ ਦਿੱਲੀ ਵੱਲ ਮਾਰਚ ਕਰਾਂਗੇ। ਉਨ੍ਹਾਂ ਦਸਿਆ ਕਿ ਕਿਸਾਨ ਲੰਬੇ ਸਮੇਂ ਤੋਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਕਾਨੂੰਨੀ ਗਾਰੰਟੀ ਦੀ ਮੰਗ ਕਰ ਰਹੇ ਹਨ। ਸਰਕਾਰ ਨਾਲ ਗੱਲਬਾਤ ਕਰਨ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਕਿਸਾਨਾਂ ਵਿੱਚ ਅਸੰਤੁਸ਼ਟੀ ਵੱਧ ਰਹੀ ਹੈ।
ਇਸ ਦੌਰਾਨ ਉਨ੍ਹਾਂ ਵਲੋਂ ਪਿਛਲੀਆਂ ਲਹਿਰਾਂ ਦਾ ਹਵਾਲਾ ਦੇਂਦਿਆ ਕਿਹਾ ਗਿਆ ਕਿ ਕਿਸਾਨ ਪਹਿਲਾਂ ਹੀ ਦਿੱਲੀ ਵੱਲ ਮਾਰਚ ਕਰ ਚੁੱਕੇ ਹਨ, ਪਰ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਰੋਕ ਦਿੱਤਾ। ਉਨ੍ਹਾਂ ਦਸਿਆ ਕਿ ਕਿਸਾਨ 6 ਦਸੰਬਰ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਯਾਤਰਾ ਕਰਨਗੇ ਤੇ ਸਾਨੂੰ ਉਮੀਦ ਹੈ ਕਿ ਹਰਿਆਣਾ ਸਰਕਾਰ ਕਿਸਾਨਾਂ ਦੀ ਮਦਦ ਕਰੇਗੀ।