ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ 'ਤੇ ਹਰਿਮੰਦਰ ਸਾਹਿਬ 'ਚ ਚੱਲੀ ਗੋਲੀ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪ੍ਰਤੀਕਰਮ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਅੱਜ ਕਿਸੇ ਵੱਡੀ ਘਟਨਾ ਨੂੰ ਵਾਪਰਨ ਤੋਂ ਰੋਕਿਆ। ਸੀਐਮ ਮਾਨ ਨੇ ਸੁਖਬੀਰ ਸਿੰਘ ਬਾਦਲ 'ਤੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ।
ਸੀਐਮ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਲਿਖਿਆ ਹਮਲਾਵਰ ਨੂੰ ਮੌਕੇ 'ਤੇ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ।
ਉਨ੍ਹਾਂ ਅੱਗੇ ਲਿਖਿਆ, “ਮੈਂ ਪੁਲਿਸ ਦੀ ਮੁਸਤੈਦੀ ਦੀ ਸ਼ਲਾਘਾ ਕਰਦਾ ਹਾਂ, ਮੈਂ ਸੁਖਬੀਰ ਬਾਦਲ ‘ਤੇ ਹਮਲੇ ਦੀ ਸਖ਼ਤ ਨਿੰਦਾ ਕਰਦਾ ਹਾਂ। ਮੈਂ ਪੁਲਿਸ ਨੂੰ ਇਸ ਘਟਨਾ ਦੀ ਤੁਰੰਤ ਜਾਂਚ ਕਰਨ ਅਤੇ ਰਿਪੋਰਟ ਦੇਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।"
ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ 'ਤੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, "ਅਸੀਂ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦੇ ਹਾਂ। ਹਿੰਸਾ ਅਤੇ ਅਜਿਹੇ ਹਮਲਿਆਂ ਦੀ ਇੱਕ ਸੱਭਿਅਕ ਸਮਾਜ ਵਿੱਚ ਕੋਈ ਥਾਂ ਨਹੀਂ ਹੈ। ਪ੍ਰਮਾਤਮਾ ਦੀ ਕਿਰਪਾ ਨਾਲ ਸ. ਸੁਖਬੀਰ ਬਾਦਲ ਨੂੰ ਕੋਈ ਸੱਟ ਨਹੀਂ ਲੱਗੀ, ਮੈਂ ਪੰਜਾਬ ਪੁਲਿਸ ਦਾ ਵੀ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਹਮਲਾਵਰ ਨੂੰ ਮੌਕੇ 'ਤੇ ਹੀ ਫੜ ਲਿਆ ਅਤੇ ਉਸ ਨੂੰ ਬਚਾ ਲਿਆ।