ਅੰਮ੍ਰਿਤਸਰ- ਭਾਜਪਾ ਦੇ ਸੀਨੀਅਰ ਆਗੂ ਸ. ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲੱਗੀ ਤਨਖ਼ਾਹ ਪੂਰੀ ਕਰਨ ਖ਼ਾਤਰ ਸ੍ਰੀ ਦਰਬਾਰ ਸਾਹਿਬ ਘੰਟਾ ਘਰ ਵਾਲੀ ਡਿਊਟੀ ਦੇ ਬਾਹਰ ਬੈਠ ਕੇ ਸੇਵਾ ਨਿਭਾਅ ਰਹੇ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾ ਕੇ ਜਾਨ ਲੇਵਾ ਹਮਲਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਨਾਲ ਡਗਮਗਾ ਗਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ’ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਗੋਲੀ ਚਲਾਉਣ ਵਾਲਾ ਵਿਅਕਤੀ ਕਿਸੇ ਨਾਮਵਰ ਜਥੇਬੰਦੀ ਨਾਲ ਸਬੰਧਿਤ ਆਗੂ ਦੱਸਿਆ ਜਾ ਰਿਹਾ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਫਿਰ ਵੀ ਇਸ ਹਮਲੇ ਪਿੱਛੇ ਪੰਜਾਬ ਦੀ ਅਮਨ ਸ਼ਾਂਤੀ ਨੂੰ ਖ਼ਰਾਬ ਕਰਨ ਵਾਲੇ ਦਾ ਪਤਾ ਲਗਾਇਆ ਜਾਣਾ ਚਾਹੀਦਾ ਹੈ।
ਛੀਨਾ ਨੇ ਕਿਹਾ ਕਿ ਹਮਲਾ ਸਰਕਾਰ ਦੀ ਅਣਗਹਿਲੀ ਦਾ ਨਤੀਜਾ ਹੈ, ਜਿਸ ਲਈ ਸੂਬੇ ਵਿਚਲੀ ਆਪ ਦੇ ਮੁੱਖ ਮੰਤਰੀ ਨੂੰ ਇਸ ਸਬੰਧੀ ਆਪਣੀ ਜ਼ਿੰਮੇਵਾਰੀ ਕਬੂਲਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਸ. ਬਾਦਲ ਵਲੋਂ ਕੀਤੀ ਗਈ ਗਲਤੀ ਲਈ ਸਿੱਖ ਪਰੰਪਰਾ ਅਨੁਸਾਰ ਪੰਜ ਸਿੰਘ ਸਾਹਿਬਾਨ ਨੇ ਉਨ੍ਹਾਂ ਨੂੰ ਤਨਖ਼ਾਹ ਲਗਾ ਦਿੱਤੀ ਸੀ ਪਰ ਇਸ ਲਈ ਕਿਸੇ ਵੀ ਇਨਸਾਨ ਨੂੰ ਸੁਖਬੀਰ ਬਾਦਲ ਨੂੰ ਨੁਕਸਾਨ ਪਹੁੰਚਾਉਣ ਦਾ ਕੋਈ ਵੀ ਹੱਕ ਨਹੀਂ ਹੈ। ਅਜਿਹਾ ਕਰਨ ਵਾਲਾ ਗੁਰੂ ਦਾ ਸੱਚਾ ਸਿੱਖ ਹੋ ਹੀ ਨਹੀਂ ਸਕਦਾ। ਕਿਉਂਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਦੀ ਸਿਰਮੌਰ ਅਦਾਲਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਇਹ ਵੱਡੀ ਸਾਜ਼ਿਸ਼ ਰਚੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਾਬੂ ਕੀਤੇ ਗਏ ਦੋਸ਼ੀ ਨੂੰ ਸਖਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਕੋਈ ਅਜਿਹਾ ਕਾਰਾ ਨਾ ਕਰ ਸਕੇ।