ਧਰਮ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮ ਕਰਵਾਉਣ ਲਈ ਦਿੱਤੀ ਪ੍ਰਵਾਨਗੀ

ਕੌਮੀ ਮਾਰਗ ਬਿਊਰੋ | December 16, 2024 08:39 PM

ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਆਗਾਮੀ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਕਰਵਾਏਗੀ।

ਸੈਰ-ਸਪਾਟਾ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਵੱਡੇ ਪੱਧਰ 'ਤੇ ਮਨਾਏਗੀ। ਉਨ੍ਹਾਂ ਕਿਹਾ ਕਿ ਸੂਬੇ ਭਰ ਵਿੱਚ ਸਮਾਗਮਾਂ ਦੀ ਲੜੀ ਕਰਵਾਈ ਜਾਵੇਗੀ ਅਤੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਸੈਰ ਸਪਾਟਾ ਵਿਭਾਗ ਨੂੰ ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਉਣ ਲਈ ਵਿਸਥਾਰਤ ਪ੍ਰੋਗਰਾਮ ਉਲੀਕਣ ਲਈ ਕਿਹਾ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਾਰਮਿਕ ਆਜ਼ਾਦੀ ਦੇ ਅਧਿਕਾਰ ਦੀ ਰਾਖੀ ਅਤੇ ਮਨੁੱਖੀ ਤੇ ਧਰਮ ਨਿਰਪੱਖ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਮਹਾਨ ਕੁਰਬਾਨੀ ਮਾਨਵਤਾ ਦੇ ਇਤਿਹਾਸ ਵਿੱਚ ਅਦੁੱਤੀ ਅਤੇ ਬੇਮਿਸਾਲ ਹੈ ਅਤੇ ਜ਼ੁਲਮ ਤੇ ਜਬਰ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਵੇਂ ਗੁਰੂ ਸਾਹਿਬ ਨੇ ਦੇਸ਼ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕੀਤੀ।

ਪੰਜਾਬ ਵਿੱਚ ਸੈਰ ਸਪਾਟੇ ਨੂੰ ਉਤਸ਼ਾਹਤ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਫਰਵਰੀ ਵਿੱਚ ਸੂਬੇ ਵਿੱਚ ਰੰਗਲਾ ਪੰਜਾਬ ਫੈਸਟੀਵਲ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਫੈਸਟੀਵਲ ਦਾ ਉਦੇਸ਼ ਪੰਜਾਬ ਨੂੰ ਸਭ ਤੋਂ ਵੱਧ ਪਸੰਦੀਦਾ ਵਿਸ਼ਵ ਸੈਰ-ਸਪਾਟਾ ਸਥਾਨ ਵਜੋਂ ਦਰਸਾਉਣਾ ਹੈ ਅਤੇ ਕਿਹਾ ਕਿ ਪੰਜਾਬ ਕੋਲ ਸੁੰਦਰ ਥਾਵਾਂ ਦੇ ਨਾਲ-ਨਾਲ ਅਮੀਰ ਅਤੇ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਹੈ, ਜੋ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰ ਸਕਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੂੰ ਮਨਪਸੰਦ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀਆਂ ਵੱਡੀਆਂ ਸੰਭਾਵਨਾਵਾਂ ਹਨ, ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਸੂਬੇ ਵਿੱਚ ਸੈਰ-ਸਪਾਟੇ ਦੀ ਵਿਆਪਕ ਸੰਭਾਵਨਾ ਨੂੰ ਵਰਤਿਆ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਮੇਲਾ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਲਈ ਪ੍ਰੇਰਕ ਵਜੋਂ ਕੰਮ ਕਰੇਗਾ ਕਿਉਂਕਿ ਇਹ ਸੈਰ ਸਪਾਟੇ ਨੂੰ ਉਤਸ਼ਾਹਤ ਕਰ ਕੇ ਸੂਬੇ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ। ਉਨ੍ਹਾਂ ਕਿਹਾ ਕਿ ਇਹ ਸਭ ਤੋਂ ਵਧੀਆ ਸਮਾਂ ਹੈ, ਜਦੋਂ ਸੈਰ-ਸਪਾਟੇ ਨੂੰ ਵੱਡਾ ਹੁਲਾਰਾ ਦੇਣ ਲਈ ਗਤੀਸ਼ੀਲ ਪੰਜਾਬ ਨੂੰ ਦੁਨੀਆ ਭਰ ਦੇ ਲੋਕਾਂ ਸਾਹਮਣੇ ਦਿਖਾਇਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੇਲਾ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਸੈਲਾਨੀਆਂ ਨੂੰ ਆਕਰਸ਼ਿਤ ਕਰੇਗਾ ਅਤੇ ਪੰਜਾਬ ਦੀ ਆਰਥਿਕਤਾ ਨੂੰ ਹੁਲਾਰਾ ਦੇਵੇਗਾ।

ਮੁੱਖ ਮੰਤਰੀ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਸੂਬੇ ਦੀ ਸ਼ਾਨਦਾਰ ਸੱਭਿਆਚਾਰਕ ਵਿਰਾਸਤ ਨੂੰ ਕਾਇਮ ਰੱਖਣ ਲਈ ਸੂਬੇ ਭਰ ਵਿੱਚ ਵਿਰਾਸਤੀ ਮੇਲੇ ਕਰਵਾਉਣ ਦੀ ਪ੍ਰਵਾਨਗੀ ਦੇ ਦਿੱਤੀ। ਉਨ੍ਹਾਂ ਸੈਰ ਸਪਾਟਾ ਅਤੇ ਸੱਭਿਆਚਾਰਕ ਵਿਭਾਗ ਨੂੰ ਹਰੇਕ ਸਾਲ ਸਮਾਗਮਾਂ ਕਰਵਾਉਣ ਲਈ ਵਿਸਥਾਰਤ ਪ੍ਰਸਤਾਵ ਤਿਆਰ ਕਰਨ ਲਈ ਕਿਹਾ ਤਾਂ ਜੋ ਇਹ ਤਿਉਹਾਰ ਹਰ ਸਾਲ ਮਨਾਏ ਜਾ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਤਿਉਹਾਰਾਂ ਨੂੰ ਵੱਡੇ ਪੱਧਰ 'ਤੇ ਮਨਾਇਆ ਜਾਣਾ ਚਾਹੀਦਾ ਹੈ ਤਾਂ ਜੋ ਸੂਬੇ ਦੀ ਅਮੀਰ ਵਿਰਾਸਤ ਨੂੰ ਵੱਡੇ ਪੱਧਰ 'ਤੇ ਸੰਭਾਲਿਆ ਜਾ ਸਕੇ।

ਮੁੱਖ ਮੰਤਰੀ ਨੇ ਸੈਰ-ਸਪਾਟਾ ਵਿਭਾਗ ਨੂੰ ਪ੍ਰਗਤੀ ਮੈਦਾਨ ਦੀ ਤਰਜ਼ 'ਤੇ ਅਤਿ-ਆਧੁਨਿਕ ਸੰਮੇਲਨ ਕੇਂਦਰਾਂ ਦੀ ਸਥਾਪਨਾ ਦੀ ਸੰਭਾਵਨਾ ਤਲਾਸ਼ਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਹ ਕਨਵੈਨਸ਼ਨ ਸੈਂਟਰ ਅੰਮ੍ਰਿਤਸਰ, ਲੁਧਿਆਣਾ ਅਤੇ ਨਿਊ ਚੰਡੀਗੜ੍ਹ ਵਰਗੇ ਵੱਡੇ ਸ਼ਹਿਰਾਂ ਵਿੱਚ ਸਥਾਪਤ ਕੀਤੇ ਜਾਣੇ ਚਾਹੀਦੇ ਹਨ ਅਤੇ ਇਨ੍ਹਾਂ ਵਿੱਚ ਹਾਊਸ ਅਰੀਨਾ, ਹੋਟਲ, ਸ਼ਾਪਿੰਗ ਮਾਲ ਅਤੇ ਹੋਰ ਸਥਾਨ ਹੋਣੇ ਚਾਹੀਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਾਮਵਰ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਸਿੱਧੀ ਪ੍ਰਾਪਤ ਕਲਾਕਾਰਾਂ ਦੇ ਵੱਡੇ ਸ਼ੋਅ ਕਰਵਾ ਕੇ ਸੂਬੇ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਵਿੱਚ ਸਹਾਈ ਹੋਵੇਗਾ।

ਮੁੱਖ ਮੰਤਰੀ ਨੇ ਵਿਭਾਗ ਨੂੰ ਰਣਜੀਤ ਸਾਗਰ ਡੈਮ, ਸ਼ਾਹਪੁਰ ਕੰਢੀ ਡੈਮ ਅਤੇ ਸੂਬੇ ਦੇ ਕੰਢੀ ਖੇਤਰਾਂ ਦੇ ਆਲੇ-ਦੁਆਲੇ ਦੇ ਖੇਤਰਾਂ ਨੂੰ ਹੋਰ ਵਿਕਸਤ ਕਰਨ ਲਈ ਵਿਸਤ੍ਰਿਤ ਯੋਜਨਾ ਤਿਆਰ ਕਰਨ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਤਰਾਂ ਨੂੰ ਵਿਸ਼ਵ ਭਰ ਦੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਆਦਰਸ਼ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਨੂੰ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦੀ ਵੱਡੀ ਸੰਭਾਵਨਾ ਹੈ, ਜਿਸ ਲਈ ਹਰ ਸੰਭਵ ਯਤਨ ਕੀਤੇ ਜਾਣੇ ਚਾਹੀਦੇ ਹਨ।

ਇਸ ਦੌਰਾਨ ਮੁੱਖ ਮੰਤਰੀ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਕਿ ਕਿਲ੍ਹਾ ਮੁਬਾਰਕ ਵਿੱਚ ਬਣੇ ਪੰਜਾਬ ਦੇ ਪਹਿਲੇ ਬੁਟੀਕ ਹੋਟਲ ਦੀ ਅਜ਼ਮਾਇਸ਼ ਸ਼ੁਰੂ ਹੋ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਸ਼ਾਹੀ ਸ਼ਹਿਰ ਦੇ ਦੌਰੇ ਦੌਰਾਨ ਹੋਟਲ ਜ਼ਰੂਰ ਜਾਣਗੇ। ਉਨ੍ਹਾਂ ਕਿਹਾ ਕਿ ਪੀ.ਪੀ.ਪੀ. ਮੋਡ 'ਤੇ ਬਣਾਇਆ ਗਿਆ ਇਹ ਹੋਟਲ ਆਰਾਮ, ਪ੍ਰਾਹੁਣਚਾਰੀ ਅਤੇ ਸੁੰਦਰਤਾ ਵਿੱਚ ਨਵਾਂ ਮਾਪਦੰਡ ਸਥਾਪਤ ਕਰੇਗਾ ਅਤੇ ਇਹ ਡੈਸਟੀਨੇਸ਼ਨ ਵੈਡਿੰਗਜ਼ ਅਤੇ ਹੋਰ ਸਮਾਗਮਾਂ ਲਈ ਪਸੰਦੀਦਾ ਸਥਾਨ ਹੋਵੇਗਾ।

Have something to say? Post your comment

 

ਧਰਮ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ

ਐਡਵੋਕੇਟ ਧਾਮੀ ਨੇ ਦਸਵੇਂ ਪਾਤਸ਼ਾਹ ਦੇ ਪ੍ਰਕਾਸ਼ ਗੁਰਪੁਰਬ ਦੀ ਸੰਗਤ ਨੂੰ ਦਿੱਤੀ ਵਧਾਈ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ 'ਤੇ ਚੱਲਣ ਦਾ ਸੱਦਾ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ

ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਤੇ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਨੇ ਸੰਗਤਾਂ ਨੂੰ ਵਧਾਈ ਦਿੱਤੀ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਕੇਂਦਰੀ ਮੰਤਰਾਲੇ ਵੱਲੋਂ ਬੰਦੀ ਛੋੜ ਦਿਵਸ ਸਬੰਧੀ ਪੋਸਟ ਹਟਾਉਣਾ ਦੁਖਦਾਈ- ਐਡਵੋਕੇਟ ਧਾਮੀ

ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨਵੰਬਰ 2025 ’ਚ ਵੱਡੇ ਪੱਧਰ ’ਤੇ ਮਨਾਈ ਜਾਵੇਗੀ- ਐਡਵੋਕੇਟ ਧਾਮੀ