ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਇਸ ਵੇਲੇ ਬਾਦਲ ਪਰਿਵਾਰ ਦੀ ਸੇਵਾ ਵਿਚ ਜੋ ਭੂਮਿਕਾ ਨਿਭਾ ਰਹੇ ਹਨ, ਇਹ ਇਤਿਹਾਸ ਵਿਚ ਕਾਲੇ ਅੱਖਰਾਂ ਵਿਚ ਲਿਖਿਆ ਜਾਵੇਗਾ। ਉਹਨਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਪੰਥਕ ਜਥੇਬੰਦੀਆਂ ਡੱਟ ਕੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਖੜ੍ਹੀਆਂ ਹਨ ਤੇ ਹਮੇਸ਼ਾ ਖੜ੍ਹੀਆਂ ਰਹਿਣਗੀਆਂ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਬਦਨਾਮ ਕਰਨ ਵਾਸਤੇ ਪੁਰਜ਼ੋਰ ਕੋਸ਼ਿਸ਼ਾਂ ਹੋ ਰਹੀਆਂ ਹਨ ਕਿਉਂਕਿ ਉਹ 2 ਦਸੰਬਰ ਦੀ ਸਿੰਘ ਸਾਹਿਬਾਨ ਦੀ ਮੀਟਿੰਗ ਵਿਚ ਸ਼ਾਮਲ ਸਨ ਜਿਸ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਤਨਖਾਹ ਲਗਾਈ ਗਈ ਸੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਹਦਾਇਤ ਹੋਈ ਸੀ ਕਿ 3 ਦਿਨਾਂ ਦੇ ਅੰਦਰ-ਅੰਦਰ ਸਰਦਾਰ ਬਾਦਲ ਤੇ ਹੋਰ ਮੈਂਬਰਾਂ ਦੇ ਅਸਤੀਫੇ ਪ੍ਰਵਾਨ ਕੀਤੇ ਜਾਣ।
ਉਹਨਾਂ ਕਿਹਾ ਕਿ ਇਸ ਤੋਂ ਬਾਅਦ ਅਕਾਲੀ ਦਲ ਨੂੰ 20 ਦਿਨਾਂ ਦਾ ਸਮਾਂ ਕਿਉਂ ਤੇ ਕਿਵੇਂ ਦਿੱਤਾ ਗਿਆ ਇਹ ਗੱਲ ਬੁਝਾਰਤ ਬਣੀ ਹੋਈ ਹੈ। ਉਹਨਾਂ ਕਿਹਾ ਕਿ ਇਹ ਵੀ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦੀ ਵਿਰਸਾ ਸਿੰਘ ਵਲਟੋਹਾ ਨਾਲ ਗੱਲਬਾਤ ਦੀ ਵੀਡੀਓ ਦਾ ਸਿਰਫ ਇਕ ਹਿੱਸਾ ਹੀ ਜਨਤਕ ਹੋਇਆ ਹੈ, ਉਹ ਵੀ ਬਹੁਤ ਭੇਦਭਰੀ ਹਾਲਾਤ ਵਿਚ ਹੋਇਆ ਹੈ।
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ’ਤੇ ਇਕ ਪਰਿਵਾਰ ਦਾ ਕਬਜ਼ਾ ਹੈ ਤੇ ਇਸ ਕਬਜ਼ੇ ਨੂੰ ਮਜ਼ਬੂਤ ਕਰਨ ਵਾਸਤੇ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਚਾਹੀਦਾ ਹੈ ਕਿ ਜਥੇਦਾਰ ਦੇ ਅਹੁਦੇ ’ਤੇ ਨਿਯੁਕਤੀ ਤੋਂ ਪਹਿਲਾਂ ਹੀ ਸ਼ਖਸੀਅਤ ਬਾਰੇ ਪੂਰੀ ਘੋਖ ਪੜਤਾਲ ਕੀਤੀ ਜਾਵੇ ਪਰ ਜਦੋਂ ਨਿਯੁਕਤੀ ਹੋ ਜਾਵੇ ਤਾਂ ਉਸ ਮਗਰੋਂ ਜਥੇਦਾਰ ਸਾਹਿਬਾਨ ਦੀ ਕਿਰਦਾਰਕੁਸ਼ੀ ਨਾ ਕੀਤੀ ਜਾਵੇ। ਉਹਨਾਂ ਕਿਹਾ ਕਿ ਜੋ ਇਸ ਵੇਲੇ ਐਡਵੋਕੇਟ ਧਾਮੀ ਜਾਂ ਸ਼੍ਰੋਮਣੀ ਕਮੇਟੀ ਕਰ ਰਹੀ ਹੈ, ਉਸ ਤੋਂ ਸਪਸ਼ਟ ਹੈ ਕਿ ਜਿਹੜਾ ਵਿਅਕਤੀ ਇਕ ਪਰਿਵਾਰ ਦੀ ਜੀ ਹਜ਼ੂਰੀ ਕਰੇਗਾ, ਉਸਨੂੰ ਹੀ ਪੰਥ ਵਿਚ ਰਹਿਣ ਦਿੱਤਾ ਜਾਵੇਗਾ ਤੇ ਦੂਜਿਆਂ ਨੂੰ ਪੰਥ ਵਿਚ ਨਹੀਂ ਰਹਿਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਜਨਮ ਦੇਣ ਵਾਲੀ ਮਾਂ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੀ ਬਦਨਾਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਐਡਵੋਕੇਟ ਧਾਮੀ ਨੇ ਤਾਂ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਪ੍ਰਤੀ ਵੀ ਬਹੁਤ ਹੀ ਮੰਦਭਾਗੀ ਸ਼ਬਦਾਵਲੀ ਵਰਤੀ ਪਰ ਇਸ ਮਾਮਲੇ ਵਿਚ ਕੋਈ ਕਾਰਵਾਈ ਨਹੀਂ ਹੋਈ । ਜਦੋਂ ਕਿ ਇਕ ਰਿਸ਼ਤੇਦਾਰ ਬਣ ਕੇ ਸਾਹਮਣੇ ਆਏ ਵਿਅਕਤੀ ਦੇ ਮਾਮਲੇ ਵਿਚ ਗਿਆਨੀ ਹਰਪ੍ਰੀਤ ਸਿੰਘ ਦੇ ਖਿਲਾਫ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪੰਥ ਦੀਆਂ ਨੁਮਾਇੰਦਾ ਜਥੇਬੰਦੀਆਂ ਦੀ ਜਲਦ ਮੀਟਿੰਗ ਕਰ ਕੇ ਗਿਆਨੀ ਹਰਪ੍ਰੀਤ ਸਿੰਘ ਦੇ ਹੱਕ ਵਿਚ ਮੋਰਚਾ ਵਿੱਢਿਆ ਜਾਵੇਗਾ।