ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚਲਦੇ 13 ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਤੇ ਸਟਾਫ ਨੇ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਨੂੰ ਇਕੋ ਸਮੇਂ ਸ਼ਰਧਾ ਦੇ ਫੁੱਲ ਭੇਂਟ ਕਰ ਕੇ ਨਵਾਂ ਰਿਕਾਰਡ ਸਥਾਪਿਤ ਕੀਤਾ।
ਇਸ ਬਾਰੇ ਜਾਣਕਾਰੀ ਦਿੰਦਿਆਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਧਰਮ ਪ੍ਰਚਾਰ ਕਮੇਟੀ ਦੇ ਮੁਖੀ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਦੱਸਿਆ ਕਿ ਇਹ ਪ੍ਰੋਗਰਾਮ ਸਾਰੇ ਸਕੂਲਾਂ ਵਿਚ ਸਵੇਰੇ 11.00 ਵਜੇ ਇਕੋ ਸਮੇਂ ਰੱਖਿਆ ਗਿਆ ਸੀ ਜਿਸਦਾ ਇੰਚਾਰਜ ਕਮੇਟੀ ਮੈਂਬਰ ਸਰਦਾਰ ਪਰਵਿੰਦਰ ਸਿੰਘ ਲੱਕੀ ਨੂੰ ਬਣਾਇਆ ਗਿਆ ਸੀ।
ਉਹਨਾਂ ਕਿਹਾ ਕਿ ਸਾਰੇ ਸਕੂਲਾਂ ਦੇ ਵਿਦਿਆਰਥੀਆਂ ਤੇ ਸਟਾਫ ਨੇ ਸ਼ਬਦ ’ਵਾਟਾ ਲੰਮੀਆਂ ਤੇ ਰਸਤਾ ਪਹਾੜ ਦਾ’ ਦਾ ਇਕੋ ਸਮੇਂ ਗਾਇਨ ਕੀਤਾ। ਉਹਨਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਅਮੀਰ ਇਤਿਹਾਸ ਤੋਂ ਜਾਣੂ ਕਰਵਾਉਣਾ ਤੇ ਵਿਦਿਆਰਥੀਆਂ ਵਿਚ ਪ੍ਰੇਰਨਾ, ਉਤਸ਼ਾਹ, ਹੌਂਸਲਾ, ਦਲੇਰੀ ਤੇ ਬਹਾਦਰੀ ਦੀ ਭਾਵਨਾ ਪੈਦਾ ਕਰਨਾ ਸੀ।
ਉਹਨਾਂ ਕਿਹਾ ਕਿ ਇਹ ਪ੍ਰੋਗਰਾਮ ਬਹੁਤ ਹੀ ਸਫਲ ਸਾਬਤ ਹੋਇਆ ਹੈ ਜੋ ਦਿੱਲੀ ਗੁਰਦੁਆਰਾ ਕਮੇਟੀ ਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੈ। ਉਹਨਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਉਪਰਾਲੇ ਜਾਰੀ ਰੱਖੇ ਜਾਣਗੇ।