ਨਵੀਂ ਦਿੱਲੀ-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਾਜਪਾ ਉੱਤੇ ਇਹ ਵੱਡਾ ਦੋਸ਼ ਲਾਇਆ ਹੈ ਕਿ ਉਹ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੂੰ ਗ੍ਰਿਫਤਾਰ ਕਰ ਸਕਦੀ ਹੈ। ਉਹਨਾਂ ਦੱਸਿਆ ਕਿ ਇਹ ਉਹਨਾਂ ਨੂੰ ਸੂਤਰਾਂ ਤੋਂ ਜਾਣਕਾਰੀ ਮਿਲ ਚੁੱਕੀ ਹੈ। ਇਸ ਤੋਂ ਪਹਿਲਾਂ ਪਾਰਟੀ ਦੇ ਵੱਡੇ ਨੇਤਾਵਾਂ ਦੇ ਘਰਾਂ ਉੱਪਰ ਵੀ ਕਈ ਤਰ੍ਹਾਂ ਦੀ ਰੇਡ ਹੋ ਸਕਦੀ ਹੈ ਇਹ ਵੀ ਜਾਣਕਾਰੀ ਉਹਨਾਂ ਨੂੰ ਸੂਤਰਾਂ ਤੋਂ ਮਿਲੀ ਹੈ।।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਜਾਣਦੇ ਹਾਂ ਕਿ ਭਾਜਪਾ ਨੇ ਦਿੱਲੀ ਦੇ ਲੋਕਾਂ ਲਈ ਕਿੰਨੀਆਂ ਸਾਜ਼ਿਸ਼ਾਂ ਕੀਤੀਆਂ ਹਨ। ਜਦੋਂ ਉਸ ਦੀਆਂ ਸਾਰੀਆਂ ਸਾਜ਼ਿਸ਼ਾਂ ਅਸਫਲ ਹੋ ਗਈਆਂ ਤਾਂ ਉਸ ਨੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਜੇਲ੍ਹ ਭੇਜਣਾ ਸ਼ੁਰੂ ਕਰ ਦਿੱਤਾ। ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਭਾਜਪਾ ਨਾ ਸਿਰਫ਼ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਹਾਰ ਰਹੀ ਹੈ, ਸਗੋਂ ਇਹ ਭਾਰਤ ਦੇ ਇਤਿਹਾਸ ਵਿੱਚ ਭਾਜਪਾ ਦੀ ਸਭ ਤੋਂ ਵੱਡੀ ਹਾਰ ਹੋਣ ਜਾ ਰਹੀ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੀ ਅੱਧੀ ਜ਼ਿੰਮੇਵਾਰੀ ਭਾਜਪਾ ਦੀ ਹੈ।ਉਹ ਠੀਕ ਢੰਗ ਨਾਲ ਕੰਮ ਨਹੀਂ ਕਰ ਰਹੀ। ਦਿੱਲੀ ਦੇ ਲੋਕਾਂ ਨੂੰ ਉਸ ਨੂੰ ਅਮਨ ਕਾਨੂੰਨ ਕਾਇਮ ਰੱਖਣ ਲਈ ਕੰਮ ਦਿੱਤਾ ਪਰੰਤੂ ਉਸ ਤੋਂ ਇਹ ਵੀ ਕੰਮ ਠੀਕ ਤਰੀਕੇ ਨਾਲ ਨਹੀਂ ਹੋਇਆ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਸੀਂ ਇੰਨਾ ਕੰਮ ਕੀਤਾ ਹੈ ਕਿ ਅਸੀਂ ਤੁਹਾਨੂੰ ਵੋਟ ਪਾਉਣ ਲਈ ਕਹਿ ਰਹੇ ਹਾਂ। ਉਨ੍ਹਾਂ ਕਿਹਾ ਕਿ ਅਜੇ ਦੋ ਦਿਨ ਪਹਿਲਾਂ ਹੀ ਅਸੀਂ ਦੋ ਸਕੀਮਾਂ ਜਾਰੀ ਕੀਤੀਆਂ ਹਨ। ਦਿੱਲੀ ਦੀ ਕੈਬਨਿਟ ਪਹਿਲਾਂ ਹੀ 1000 ਰੁਪਏ ਪਾਸ ਕਰ ਚੁੱਕੀ ਹੈ ਪਰ ਅਸੀਂ ਵਾਅਦਾ ਕੀਤਾ ਸੀ ਕਿ ਜੇਕਰ ਸਾਡੀ ਸਰਕਾਰ ਬਣੀ ਤਾਂ ਅਸੀਂ ਇਸ ਦੀ ਰਾਸ਼ੀ ਵਧਾ ਕੇ 2100 ਰੁਪਏ ਕਰ ਦੇਵਾਂਗੇ।
ਅਰਵਿੰਦ ਕੇਜਰੀਵਾਲ ਨੇ ਦੋਸ਼ ਲਾਇਆ ਕਿ ਸੂਤਰਾਂ ਤੋਂ ਸੂਚਨਾ ਮਿਲੀ ਹੈ ਕਿ ਈਡੀ ਅਤੇ ਸੀਬੀਆਈ ਆਤਿਸ਼ੀ ਨੂੰ ਗ੍ਰਿਫਤਾਰ ਕਰਨ ਦੀ ਯੋਜਨਾ ਬਣਾ ਰਹੇ ਹਨ ਅਤੇ ਇਸ ਦੇ ਲਈ ਭਾਜਪਾ ਦਿੱਲੀ ਟਰਾਂਸਪੋਰਟ ਵਿਭਾਗ ਦੇ ਕਿਸੇ ਮਾਮਲੇ ਵਿੱਚ ਆਤਿਸ਼ੀ ਨੂੰ ਗ੍ਰਿਫਤਾਰ ਕਰਨ ਦੀ ਸਾਜ਼ਿਸ਼ ਰਚ ਰਹੀ ਹੈ।
ਇਸ ਮੁੱਦੇ 'ਤੇ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ 'ਚ ਝੂਠਾ ਕੇਸ ਦਰਜ ਕਰਵਾ ਕੇ ਮੇਰੇ ਖਿਲਾਫ ਕਾਰਵਾਈ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਮੇਰੇ ਖਿਲਾਫ ਝੂਠਾ ਕੇਸ ਦਰਜ ਕਰਨ ਦੀ ਤਿਆਰੀ ਚੱਲ ਰਹੀ ਹੈ। ਅਤੇ ਜੇਕਰ ਮੈਨੂੰ ਗ੍ਰਿਫਤਾਰ ਕੀਤਾ ਗਿਆ ਤਾਂ ਆਖਰਕਾਰ ਸਾਰਾ ਸੱਚ ਸਾਹਮਣੇ ਆ ਜਾਵੇਗਾ।