ਨਵੀਂ ਦਿੱਲੀ- ਪੈਰਿਸ ਓਲੰਪਿਕ 'ਚ ਦੋ ਕਾਂਸੀ ਦੇ ਤਗਮੇ ਜਿੱਤ ਕੇ ਇਤਿਹਾਸ ਰਚਣ ਵਾਲੀ ਨੌਜਵਾਨ ਨਿਸ਼ਾਨੇਬਾਜ਼ ਮਨੂ ਭਾਕਰ ਅਤੇ ਸਭ ਤੋਂ ਘੱਟ ਉਮਰ ਦੇ ਵਿਸ਼ਵ ਸ਼ਤਰੰਜ ਚੈਂਪੀਅਨ ਡੀ ਗੁਕੇਸ਼ ਸਮੇਤ ਚਾਰ ਖਿਡਾਰੀਆਂ ਨੂੰ ਦੇਸ਼ ਦੇ ਸਰਵਉੱਚ ਖੇਡ ਪੁਰਸਕਾਰ 'ਖੇਲ ਰਤਨ' ਨਾਲ ਸਨਮਾਨਿਤ ਕੀਤਾ ਜਾਵੇਗਾ।
ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਨੇ ਵੀਰਵਾਰ ਨੂੰ ਰਾਸ਼ਟਰੀ ਖੇਡ ਪੁਰਸਕਾਰ 2024 ਦਾ ਐਲਾਨ ਕੀਤਾ। ਪੁਰਸਕਾਰ ਜੇਤੂਆਂ ਨੂੰ 17 ਜਨਵਰੀ, 2025 ਨੂੰ ਸਵੇਰੇ 11 ਵਜੇ ਰਾਸ਼ਟਰਪਤੀ ਭਵਨ ਵਿਖੇ ਹੋਣ ਵਾਲੇ ਇੱਕ ਵਿਸ਼ੇਸ਼ ਸਮਾਰੋਹ ਵਿੱਚ ਭਾਰਤ ਦੇ ਰਾਸ਼ਟਰਪਤੀ ਤੋਂ ਪੁਰਸਕਾਰ ਦਿੱਤੇ ਜਾਣਗੇ।
ਮਨੂ ਅਤੇ ਗੁਕੇਸ਼ ਤੋਂ ਇਲਾਵਾ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਅਤੇ ਓਲੰਪਿਕ 'ਚ ਕਾਂਸੀ ਦਾ ਤਮਗਾ ਜਿੱਤਣ ਵਾਲੇ ਪੈਰਾ ਐਥਲੀਟ ਪ੍ਰਵੀਨ ਕੁਮਾਰ ਨੂੰ ਖੇਡ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ।
ਮਨੂ ਨੇ ਓਲੰਪਿਕ 2024 ਦੇ ਵਿਅਕਤੀਗਤ ਮੁਕਾਬਲੇ ਵਿੱਚ ਨਾ ਸਿਰਫ਼ ਭਾਰਤ ਲਈ ਝੰਡਾ ਲਹਿਰਾਇਆ ਸਗੋਂ 10 ਮੀਟਰ ਏਅਰ ਪਿਸਟਲ ਮਿਕਸਡ ਟੀਮ ਮੁਕਾਬਲੇ ਵਿੱਚ ਸਰਬਜੋਤ ਸਿੰਘ ਦੇ ਨਾਲ ਕਾਂਸੀ ਦਾ ਤਗ਼ਮਾ ਵੀ ਜਿੱਤਿਆ। ਪੈਰਿਸ ਓਲੰਪਿਕ ਵਿੱਚ ਇਸ ਦੋਹਰੀ ਸਫ਼ਲਤਾ ਨੇ ਉਸ ਨੂੰ ਸਫ਼ਲਤਾ ਦੀਆਂ ਨਵੀਆਂ ਬੁਲੰਦੀਆਂ ’ਤੇ ਪਹੁੰਚਾਇਆ।
ਸ਼ਤਰੰਜ ਖਿਡਾਰੀ ਡੀ ਗੁਕੇਸ਼ ਨੂੰ ਵੀ ਖੇਡ ਰਤਨ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਗੁਕੇਸ਼ ਨੇ ਪਿਛਲੇ ਮਹੀਨੇ 12 ਦਸੰਬਰ ਨੂੰ ਸ਼ਤਰੰਜ ਦਾ ਯੂਥ ਵਿਸ਼ਵ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਸੀ। ਸਿੰਗਾਪੁਰ 'ਚ ਹੋਈ ਵਿਸ਼ਵ ਚੈਂਪੀਅਨਸ਼ਿਪ 'ਚ ਗੁਕੇਸ਼ ਨੇ ਚੀਨ ਦੇ ਡਿੰਗ ਲਿਰੇਨ ਨੂੰ ਹਰਾ ਕੇ ਇਹ ਖਿਤਾਬ ਜਿੱਤਿਆ ਸੀ, ਉਹ ਸਿਰਫ 18 ਸਾਲ ਦੀ ਉਮਰ 'ਚ ਵਿਸ਼ਵ ਚੈਂਪੀਅਨ ਬਣਿਆ ਸੀ, ਜੋ ਕਿ ਇਕ ਵਿਸ਼ਵ ਰਿਕਾਰਡ ਹੈ।