ਨਵੀਂ ਦਿੱਲੀ -ਹਾਈ ਕੋਰਟ ਵੱਲੋਂ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਕਤਲ ਕੇਸ ਵਿੱਚ ਬਰੀ ਕੀਤੇ ਜਾਣ ਖ਼ਿਲਾਫ਼ ਸੀਬੀਆਈ ਵੱਲੋਂ ਦਾਇਰ ਪਟੀਸ਼ਨ ’ਤੇ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੀ ਬੈਂਚ ਨੇ ਰਾਮ ਰਹੀਮ ਸਮੇਤ ਚਾਰ ਲੋਕਾਂ ਨੂੰ ਨੋਟਿਸ ਜਾਰੀ ਕੀਤਾ ਹੈ। ਚੀਫ਼ ਜਸਟਿਸ ਦੀ ਬੈਂਚ ਨੇ ਮਾਮਲੇ ਨੂੰ ਅਗਲੀ ਸੁਣਵਾਈ ਲਈ ਜਸਟਿਸ ਬੇਲਾ ਤ੍ਰਿਵੇਦੀ ਦੇ ਬੈਂਚ ਕੋਲ ਭੇਜ ਦਿੱਤਾ ਹੈ। ਦੱਸ ਦੇਈਏ ਕਿ ਪਿਛਲੇ ਸਾਲ ਮਈ 'ਚ ਪੰਜਾਬ ਹਰਿਆਣਾ ਹਾਈਕੋਰਟ ਨੇ 2002 'ਚ ਸਾਬਕਾ ਕੈਂਪ ਮੈਨੇਜਰ ਰਣਜੀਤ ਸਿੰਘ ਦੇ ਕਤਲ ਦੇ ਮਾਮਲੇ 'ਚ ਰਾਮ ਰਹੀਮ ਅਤੇ ਚਾਰ ਹੋਰਾਂ ਨੂੰ ਬਰੀ ਕਰ ਦਿੱਤਾ ਸੀ। ਕੁਰੂਕਸ਼ੇਤਰ ਦੇ ਰਹਿਣ ਵਾਲੇ ਕੈਂਪ ਮੈਨੇਜਰ ਰਣਜੀਤ ਸਿੰਘ ਦੀ 10 ਜੁਲਾਈ 2002 ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਪਰ ਡੇਰੇ ਨੂੰ ਕਲੀਨ ਚਿੱਟ ਦੇ ਦਿੱਤੀ ਗਈ। ਹਾਲਾਂਕਿ ਰਣਜੀਤ ਦਾ ਪਰਿਵਾਰ ਸੰਤੁਸ਼ਟ ਨਹੀਂ ਸੀ। ਪੁਲੀਸ ਜਾਂਚ ਤੋਂ ਅਸੰਤੁਸ਼ਟ ਰਣਜੀਤ ਸਿੰਘ ਦੇ ਪੁੱਤਰ ਜਗਸੀਰ ਸਿੰਘ ਨੇ ਜਨਵਰੀ 2003 ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ ਜਿਸ ਉਪਰੰਤ ਸੀਬੀਆਈ ਨੇ ਹਾਈਕੋਰਟ ਵੱਲੋਂ ਰਾਮ ਰਹੀਮ ਨੂੰ ਕਤਲ ਕੇਸ ਵਿੱਚ ਬਰੀ ਕੀਤੇ ਜਾਣ ਦੇ ਖਿਲਾਫ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਇਸ ਤੋਂ ਪਹਿਲਾਂ ਜਸਟਿਸ ਬੇਲਾ ਤ੍ਰਿਵੇਦੀ ਦੀ ਬੈਂਚ ਨੇ ਜਗਸੀਰ ਨਾਂ ਦੇ ਵਿਅਕਤੀ ਦੀ ਪਟੀਸ਼ਨ 'ਤੇ ਰਾਮ ਰਹੀਮ ਨੂੰ ਨੋਟਿਸ ਜਾਰੀ ਕੀਤਾ ਸੀ। ਜ਼ਿਕਰਯੋਗ ਹੈ ਕਿ ਇਸ ਮਾਮਲੇ 'ਚ ਸ਼ੁਰੂਆਤ 'ਚ ਰਾਮ ਰਹੀਮ ਦਾ ਨਾਂ ਨਹੀਂ ਸੀ ਪਰ ਸਾਲ 2003 'ਚ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਸੀ। ਜਿਸ ਤੋਂ ਬਾਅਦ 2006 'ਚ ਰਾਮ ਰਹੀਮ ਦੇ ਡਰਾਈਵਰ ਖੱਟਾ ਸਿੰਘ ਦੇ ਬਿਆਨ 'ਤੇ ਡੇਰਾ ਮੁਖੀ ਨੂੰ ਸ਼ਾਮਲ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਅਦਾਲਤ ਨੇ 2007 ਵਿੱਚ ਮੁਲਜ਼ਮਾਂ ਖ਼ਿਲਾਫ਼ ਦੋਸ਼ ਆਇਦ ਕੀਤੇ ਸਨ। 19 ਸਾਲਾਂ ਬਾਅਦ ਅਕਤੂਬਰ 2021 ਵਿੱਚ ਡੇਰਾ ਮੁਖੀ ਸਮੇਤ 5 ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ। ਜਿਸ ਤੋਂ ਬਾਅਦ ਸੀਬੀਆਈ ਨੇ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।