ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਰਾਜੌਰੀ ਗਾਰਡਨ ਹਲਕੇ ਤੋਂ ਭਾਜਪਾ ਉਮੀਦਵਾਰ ਵਜੋਂ ਮੈਦਾਨ ਵਿਚ ਉਤਾਰਣ ’ਤੇ ਪਾਰਟੀ ਦੀ ਕੌਮੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ ਅਤੇ ਆਸ ਪ੍ਰਗਟ ਕੀਤੀ ਹੈ ਕਿ ਸਰਦਾਰ ਸਿਰਸਾ ਦਿੱਲੀ ਵਿਧਾਨ ਸਭਾ ਵਿਚ ਸਿੱਖ ਕੌਮ ਦੀ ਆਵਾਜ਼ ਬੁਲੰਦ ਕਰਨਗੇ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਹਲੋਂ ਨੇ ਕਿਹਾ ਕਿ ਉਹਨਾਂ ਨੂੰ ਖੁਸ਼ੀ ਹੈ ਕਿ ਭਾਜਪਾ ਨੇ ਇਕ ਪ੍ਰਮੁੱਖ ਸਿੱਖ ਚੇਹਰੇ ਸਰਦਾਰ ਸਿਰਸਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਹੈ। ਉਹਨਾਂ ਕਿਹਾ ਕਿ ਇਹ ਚੋਣਾਂ ਦਿੱਲੀ ਦੇ ਲੋਕਾਂ ਲਈ ਵਿਸ਼ੇਸ਼ ਅਹਿਮੀਅਤ ਰੱਖਦੀਆਂ ਹਨ। ਉਹਨਾਂ ਕਿਹਾ ਕਿ ਪੰਜਾਬੀ ਭਾਈਚਾਰਾ ਖਾਸ ਤੌਰ ’ਤੇ ਸਿੱਖ ਭਾਈਚਾਰ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੇ ਪੰਜਾਬੀ ਵਿਰੋਧੀ ਸਟੈਂਡ ਖਿਲਾਫ ਲੜਦਾ ਆ ਰਿਹਾ ਹੈ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਮੁੱਖ ਮੰਤਰੀ ਹੁੰਦਿਆਂ ਕੋਈ ਕਸਰ ਨਹੀਂ ਛੱਡੀ ਕਿ ਕੌਮੀ ਰਾਜਧਾਨੀ ਵਿਚ ਪੰਜਾਬੀ ਦਾ ਮਾੜਾ ਹਾਲ ਹੋਵੇ। ਉਹਨਾਂ ਕਿਹਾ ਕਿ ਪੰਜਾਬੀ ਅਧਿਆਪਕਾਂ ਦੀਆਂ ਆਸਾਮੀਆਂ ਖਤਮ ਕੀਤੀਆਂ ਗਈਆਂ ਤੇ ਕਦੇ ਵੀ ਭਰੀਆਂ ਨਹੀਂ ਗਈਆਂ ਜਿਸ ਕਾਰਣ ਪੰਜਾਬੀ ਅਧਿਆਪਕਾਂ ਨੂੰ ਆਪਣੇ ਵਾਜਬ ਹੱਕ ਲੈਣ ਵਾਸਤੇ ਧਰਨੇ ਦੇਣੇ ਪਏ ਹਨ।
ਉਹਨਾਂ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ ਦੀ ਚੋਣ ਸਦਮਾ ਕੌਮੀ ਰਾਜਧਾਨੀ ਵਿਚ ਇਹ ਮਸਲੇ ਹੱਲ ਹੋ ਸਕਣਗੇ ਜਿਥੇ ਕਿ ਵੱਡੀ ਗਿਣਤੀ ਵਿਚ ਪੰਜਾਬੀ ਖਾਸ ਤੌਰ ’ਤੇ ਸਿੱਖ ਆਬਾਦੀ ਰਹਿੰਦੀ ਹੈ।