ਨਵੀਂ ਦਿੱਲੀ-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ 358ਵਾਂ ਪ੍ਰਕਾਸ਼ ਪੁਰਬ ਪਟਨਾ ਦੀ ਧਰਤੀ 'ਤੇ ਪ੍ਰਬੰਧਕ ਕਮੇਟੀ, ਸਾਧ ਸੰਗਤ ਵੱਲੋਂ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਮਨਾਇਆ ਗਿਆ ਜਿਸ ਵਿਚ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਲੋਕ ਮੱਥਾ ਟੇਕਣ ਲਈ ਪਹੁੰਚੇ। ਸੰਗਤਾਂ ਨੂੰ ਮੱਥਾ ਟੇਕਣ ਲਈ ਘੰਟਿਆਂ ਬੱਧੀ ਉਡੀਕ ਕਰਨੀ ਪਈ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਸਮੇਤ ਕਈ ਧਾਰਮਿਕ ਸ਼ਖ਼ਸੀਅਤਾਂ ਨੇ ਗੁਰਬਾਣੀ ਕੀਰਤਨ ਅਤੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਰਾਜਪਾਲ ਆਸਿਫ ਮੁਹੰਮਦ ਖਾਨ, ਉਪ ਮੁੱਖ ਮੰਤਰੀ ਸਮਰਾਟ ਚੌਧਰੀ ਅਤੇ ਵਿਜੇ ਕੁਮਾਰ ਸਿਨਹਾ, ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਮੇਅਰ ਰਸ਼ਮੀ ਚੰਦਰਵੰਸ਼ੀ, ਬਿਹਾਰ ਭਾਜਪਾ ਦੇ ਪ੍ਰਧਾਨ ਦਿਲੀਪ ਜੈਸਵਾਲ, ਨੰਦ ਕਿਸ਼ੋਰ ਯਾਦਵ, ਵਿਧਾਨ ਸਭਾ ਦੇ ਸਪੀਕਰ ਸਿਸਿਲ ਕੁਮਾਰ, ਅਭਿਸ਼ੇਕ ਕੁਮਾਰ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਮੇਤ ਕਈ ਪਤਵੰਤੇ ਦਰਸ਼ਨਾਂ ਲਈ ਪਹੁੰਚੇ। ਪ੍ਰਕਾਸ਼ ਪੁਰਬ ਮੌਕੇ ਅਯੁੱਧਿਆ ਦੀ ਰਾਮ ਜਨਮ ਭੂਮੀ ਦੇ ਟਰੱਸਟੀ ਪਰਮਾਨੰਦ ਜੀ, ਹਰਿਦੁਆਰ ਤੋਂ ਰਾਨੀਮਲ ਪੰਥ ਦੇ ਗਿਆਨਦੇਵ ਜੀ, ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਰਜਿੰਦਰ ਸਿੰਘ ਚੱਢਾ, ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ, ਜਨਰਲ ਸਕੱਤਰ ਇੰਦਰਜੀਤ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ, ਮੀਤ ਪ੍ਰਧਾਨ ਗੁਰਵਿੰਦਰ ਸਿੰਘ, ਸਕੱਤਰ ਹਰਬੰਸ ਸਿੰਘ, ਮੈਂਬਰ ਮਹਿੰਦਰਪਾਲ ਸਿੰਘ ਢਿੱਲੋਂ, ਸ. ਹਰਪਾਲ ਸਿੰਘ ਜੌਹਲ, ਮੀਡੀਆ ਇੰਚਾਰਜ ਸੁਦੀਪ ਸਿੰਘ, ਸਵਮਨ ਸਿੰਘ ਸੋਹੀ, ਸੰਨੀ ਸੋਹੀ ਨੇ ਸਾਰੇ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਿਰੋਪਾਓ ਭੇਂਟ ਕਰਕੇ ਜੀ ਆਇਆਂ ਨੂੰ ਕਿਹਾ। ਪ੍ਰਬੰਧਕ ਕਮੇਟੀ ਨੇ ਗੋਬਿੰਦ ਪ੍ਰਕਾਸ਼ ਮੈਗਜ਼ੀਨ ਨੂੰ ਡਿਜੀਟਾਈਜ਼ ਕਰਦੇ ਹੋਏ ਫੈਸਲਾ ਕੀਤਾ ਹੈ ਕਿ ਹੁਣ ਹਰ ਮਹੀਨੇ ਇਹ ਮੈਗਜ਼ੀਨ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਭੇਜਿਆ ਜਾਵੇਗਾ ਤਾਂ ਜੋ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਤਖ਼ਤ ਸਾਹਿਬ ਵਿਖੇ ਹੋ ਰਹੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਮਿਲ ਸਕੇ। ਇਸ ਦੇ ਨਾਲ ਹੀ ਕਮੇਟੀ ਵੱਲੋਂ ਇੱਕ ਕੈਲੰਡਰ ਵੀ ਜਾਰੀ ਕੀਤਾ ਗਿਆ, ਜੋ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਾਰੀ ਕੀਤਾ ਗਿਆ। ਕਮੇਟੀ ਨੇ ਸਟੇਜ ਤੋਂ ਇੱਕ ਜੰਤਰੀ ਵੀ ਜਾਰੀ ਕੀਤੀ ਜੋ ਮਨਜੀਤ ਸਿੰਘ ਦਿੱਲੀ ਵੱਲੋਂ ਤਿਆਰ ਕੀਤੀ ਗਈ ਹੈ।