ਨਵੀਂ ਦਿੱਲੀ- ਦਿੱਲੀ ਵਿੱਚ ਵਿਧਾਨ ਸਭਾ ਚੋਣਾਂ ਜਿੱਤਣ ਲਈ ਸਿਆਸੀ ਪਾਰਟੀਆਂ ਦੇ ਆਗੂ ਵੋਟਰਾਂ ਨੂੰ ਲੁਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ। ਇਸ ਦੌਰਾਨ ਤ੍ਰਿਣਮੂਲ ਕਾਂਗਰਸ (ਟੀਐਮਸੀ) ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ।
ਇਸ ਬਾਰੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਇਕ ਪੋਸਟ ਰਾਹੀਂ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਧੰਨਵਾਦ ਕੀਤਾ ਹੈ।
ਅਰਵਿੰਦ ਕੇਜਰੀਵਾਲ ਨੇ ਟਵਿੱਟਰ 'ਤੇ ਇੱਕ ਪੋਸਟ ਵਿੱਚ ਕਿਹਾ, "ਟੀਐਮਸੀ ਨੇ ਦਿੱਲੀ ਚੋਣਾਂ ਵਿੱਚ 'ਆਪ' ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਮੈਂ ਨਿੱਜੀ ਤੌਰ 'ਤੇ ਮਮਤਾ ਦੀਦੀ ਦਾ ਧੰਨਵਾਦੀ ਹਾਂ। ਤੁਸੀਂ ਹਮੇਸ਼ਾ ਸਾਡੇ ਚੰਗੇ ਅਤੇ ਮਾੜੇ ਸਮੇਂ ਵਿੱਚ ਸਾਡਾ ਸਾਥ ਦਿੱਤਾ ਹੈ ਅਤੇ ਆਸ਼ੀਰਵਾਦ ਦਿੱਤਾ ।"
ਤੁਹਾਨੂੰ ਦੱਸ ਦੇਈਏ ਕਿ ਸਮਾਜਵਾਦੀ ਪਾਰਟੀ (ਸਪਾ) ਵੱਲੋਂ ਆਮ ਆਦਮੀ ਪਾਰਟੀ ਨੂੰ ਸਮਰਥਨ ਦੇਣ ਦੇ ਐਲਾਨ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਵੀ ਅਖਿਲੇਸ਼ ਯਾਦਵ ਦਾ ਧੰਨਵਾਦ ਕੀਤਾ ਸੀ।
ਭਾਰਤੀ ਚੋਣ ਕਮਿਸ਼ਨ ਨੇ ਪਿਛਲੇ ਮੰਗਲਵਾਰ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਸੀ। ਇਸ ਦੇ ਬਾਅਦ ਤੋਂ ਹੀ ਦਿੱਲੀ 'ਚ ਸਿਆਸੀ ਗਰਮਾਹਟ ਚੱਲ ਰਹੀ ਹੈ। ਦਿੱਲੀ ਦੀਆਂ ਸਾਰੀਆਂ 70 ਵਿਧਾਨ ਸਭਾ ਸੀਟਾਂ ਲਈ 5 ਫਰਵਰੀ ਨੂੰ ਇੱਕ ਪੜਾਅ ਵਿੱਚ ਵੋਟਿੰਗ ਹੋਵੇਗੀ ਅਤੇ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ।