ਅੰਮ੍ਰਿਤਸਰ- ਤਖ਼ਤ ਸੱਚਖੰਡ ਸ੍ਰੀ ਹਜ਼ੂਰ ਅਬਿਚਲ ਨਗਰ ਸਾਹਿਬ ਨਾਂਦੇੜ ਵਿਖੇ ਗੁਰੂ ਮਹਾਰਾਜ ਦੇ ਸਿੰਘਾਸ਼ਨ ਦੀ ਪਿਛਲੇ 25 ਸਾਲ ਤੋਂ ਨਿਰਵਿਘਨ ਸਫਲਤਾ ਪੂਰਨ ਸੇਵਾਵਾਂ ਨਿਭਾਉਣ ਦੇ ਉਤਰ ਫੱਲ ਵਜੋਂ ਸਿੰਘ ਸਾਹਿਬ ਜਥੇਦਾਰ ਬਾਬਾ ਕੁਲਵੰਤ ਸਿੰਘ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਅਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਵਿਸ਼ੇਸ਼ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।
ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਤੋਂ ਜਾਰੀ ਇੱਕ ਲਿਖਤੀ ਪ੍ਰੈਸ ਬਿਆਨ ਵਿੱਚ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ 25 ਜਨਵਰੀ ਨੂੰ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਹੋਣ ਵਾਲੇ ਵਿਸ਼ੇਸ਼ ਸਮਾਗਮਾਂ ਵਿਚ ਸਮੂਲੀਅਤ ਕਰਨ ਲਈ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਆਪਣੀਆਂ ਅਕਾਲੀ ਫੌਜਾਂ ਨਾਲ ਰਵਾਨਾ ਹੋ ਗਏ ਹਨ। ਸ. ਬੇਦੀ ਨੇ ਦਸਿਆ ਕਿ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸਿੰਘ ਸਾਹਿਬ ਗਿ. ਕੁਲਵੰਤ ਸਿੰਘ ਨੂੰ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਿੰਘਾਸਨ ਤਖ਼ਤ ਸਾਹਿਬ ਦੀ ਸੇਵਾ ਕਰਦਿਆਂ 25 ਸਾਲ ਸੰਪੂਰਨ ਹੋਣ ਤੇ ਇਸ ਵਰ੍ਹੇ ਨੂੰ ਸਿਲਵਰ ਜੁਬਲੀ ਵਰੇ੍ਹ ਵਜੋਂ ਮਨਾਉਂਦਿਆਂ ਮਹਾਨ ਗੁਰਮਤਿ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ। ਉਨ੍ਹਾਂ ਹੋਰ ਕਿਹਾ ਕਿ ਇੰਨ੍ਹਾਂ ਸਮਾਗਮਾਂ ਸਮੇਂ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਨੂੰ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਮੁਖੀ ਅਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਚੌਥੇ ਜਥੇਦਾਰ ਬਾਬਾ ਜੱਸਾ ਸਿੰਘ ਆਹਲੂਵਾਲੀਆ ਵਿਸ਼ੇਸ਼ ਐਵਾਰਡ ਤੇ ਸੋਨ ਤਗਮਾ ਅਤੇ ਸੁਨਹਿਰੀ ਸ੍ਰੀ ਸਾਹਿਬ ਨਾਲ ਸਨਮਾਨਿਤ ਕਰਨਗੇ।