ਐਸ ਏ ਐਸ ਨਗਰ - ਸਿੰਘ ਸ਼ਹੀਦਾਂ ਵਿਖੇ ਦਸਮ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵਿਆਹ ਪੁਰਬ ਅਤੇ ਬਸੰਤ ਪੰਚਮੀ ਨੂੰ ਸਮਰਪਿਤ ਗੁਰਮਤਿ ਸਮਾਗਮ ਦਾ ਆਯੋਜਨ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਕਰਵਾਇਆ ਗਿਆ। ਇਸ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਇਸ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਗੁਰਮਤਿ ਸਮਾਗਮ ਵਿੱਚ ਭਾਈ ਸੁਖਵਿੰਦਰ ਸਿੰਘ ਜੀ ਦੇ ਕਵੀਸ਼ਰੀ ਜੱਥੇ ਨੇ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਵਿਆਹ ਮਾਤਾ ਜੀਤੋ ਜੀ ਨਾਲ ਸੰਨ 1677 ਈਂ ਵਿੱਚ ''ਗੁਰੂ ਕੇ ਲਾਹੋਰ'' ਵਿੱਖੇ ਹੋਣ ਬਾਰੇ ਬਾਰੇ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਵਿੱਚ ਵਿਸਥਾਰ ਸਹਿਤ ਸਰਵਣਕਰਵਾਇਆ। ਭਾਈ ਪੂਰਨ ਸਿੰਘ ਜੀ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਸੰਦੀਪ ਸਿੰਘ ਜੀ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ ਵਿੱਚ 31 ਰਾਗਾਂ ਵਿੱਚ ਦਰਜ ਧੁਰ ਕੀ ਬਾਣੀ ਬਾਰੇ ਦੱਸਿਆ। ਭਾਈ ਜਰਨੈਲ ਸਿੰਘ ਜੀ ਲੁਧਿਆਣੇ ਵਾਲਿਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੁਆਰਾ ''ਗੁਰੂ ਕਾ ਲਾਹੋਰ'' ਸ਼ਹਿਰ ਵਸਾਉਣ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਤੋਂ ਇਲਾਵਾ ਭਾਈ ਸਰੂਪ ਸਿੰਘ ਜੀ , ਸ਼੍ਰੋਮਣੀ ਪ੍ਰਚਾਰਕ ਭਾਈ ਰਜਿੰਦਰ ਸਿੰਘ ਜੀ ਦਮਦਮੀ ਟਕਸਾਲ, ਭਾਈ ਸਤਪਾਲ ਸਿੰਘ ਜੀ, ਭਾਈ ਸਿਮਰਨਜੀਤ ਸਿੰਘ ਜੀ, ਭਾਈ ਰਾਜਬੀਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦਿਨ ਹਜ਼ਾਰਾਂ ਸੰਗਤਾਂ ਨੇ ਇਸ ਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ । ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ ।
ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਆਉਣ ਵਾਲੀ ਮਿਤੀ 7 ਫਰਵਰੀ ਨੂੰ ਦਸਵੀਂ ਦਾ ਸ਼ੁਭ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ , ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਜੱਥੇ, ਇੰਟਰਨੈਸ਼ਨਲ ਢਾਡੀ ਜੱਥੇ ਅਤੇ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ ਸੰਗਤਾਂ ਨੂੰ ਹਰਜੱਸ ਸੁਣਾ ਕੇ ਨਿਹਾਲ ਕਰਨਗੇ। ਇਸ ਦਿਨ ਵਿਸ਼ਾਲ ਅੰਮ੍ਰਿਤ ਸੰਚਾਰ ਦਾ ਆਯੋਜਨ ਸਵੇਰੇ 10 ਵਜੇ ਕੀਤਾ ਜਾਵੇਗਾ ਜੀ। ਗੁਰ ਕਾ ਲੰਗਰ ਇਸ ਮੋਕੇ ਅਤੁੱਟ ਵਰਤਾਇਆ ਜਾਵੇਗਾ ਜੀ।