ਨਵੀਂ ਦਿੱਲੀ -1986 ਵਿਚ ਵਾਪਰਿਆ ਸਾਕਾ ਨਕੋਦਰ ਦੇ ਸ਼ਹੀਦਾਂ ਦਾ 38ਵਾਂ ਸ਼ਹੀਦੀ ਦਿਹਾੜਾ 2 ਫਰਵਰੀ ਨੂੰ ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ/ਡੈਲਟਾ ਵਿਖੇ ਮਨਾਇਆ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਖੁੱਲੇ ਦੀਵਾਨ ਸਜਾਏ ਗਏ ਜਿਨ੍ਹਾਂ ਅੰਦਰ ਪੰਥਕ ਬੁਲਾਰਿਆਂ ਨੇ ਹਾਜ਼ਰੀਆਂ ਭਰ ਕੇ ਸ਼ਹੀਦਾਂ ਦੇ ਜੀਵਨ ਉੱਪਰ ਸੰਗਤਾਂ ਨਾਲ ਵਿਚਾਰ ਸਾਂਝੇ ਕੀਤੇ। ਪੰਥਕ ਸੇਵਾਦਾਰ ਭਾਈ ਨਰਿੰਦਰ ਸਿੰਘ ਖਾਲਸਾ ਵਲੋਂ ਭੇਜੀ ਗਈ ਰਿਪੋਰਟ ਮੁਤਾਬਿਕ ਗੁਰੂ ਨਾਨਕ ਸਿੱਖ ਗੁਰਦੁਆਰਾ ਦੇ ਮੁੱਖ ਸੇਵਾਦਾਰ ਭਾਈ ਗੁਰਮੀਤ ਸਿੰਘ ਤੂਰ, ਜੱਥੇਦਾਰ ਅਜੈਬ ਸਿੰਘ ਬਾਗੜੀ ਨੇ ਵਿਸਥਾਰ ਵਿੱਚ ਸ਼ਹੀਦੀ ਘਟਨਾ ਦਾ ਇਤਿਹਾਸ ਸੰਗਤਾਂ ਨਾਲ ਸਾਂਝ ਪਾਂਦਿਆਂ ਦਸਿਆ ਕਿ ਕਿ ਸਾਕਾ ਨਕੋਦਰ ਨੂੰ ਵਾਪਰਿਆਂ 38 ਸਾਲ ਬੀਤ ਚੁੱਕੇ ਹਨ। 4 ਫਰਵਰੀ 1986 ਨੂੰ ਪੰਜਾਬ ਪੁਲਿਸ ਨੇ ਨਕੋਦਰ ਵਿੱਚ ਸਿੱਖਾਂ ਦੇ ਇੱਕ ਸ਼ਾਂਤਮਈ ਕਾਫਿਲੇ ਉੱਪਰ ਗੋਲੀਆਂ ਚਲਾ ਕੇ ਚਾਰ ਸਿੱਖ ਨੌਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਸੀ। ਸਿੱਖਾਂ ਦਾ ਇਹ ਕਾਫਿਲਾ ਦੋ ਦਿਨ ਪਹਿਲਾਂ (ਭਾਵ 2 ਫਰਵਰੀ 1986) ਨੂੰ ਗੁਰਦੁਆਰਾ ਗੁਰੂ ਅਰਜਨ ਜੀ, ਨਕੋਦਰ ਵਿਖੇ ਅਗਨ ਭੇਟ ਹੋਏ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਗੋਇੰਦਵਾਲ ਸਾਹਿਬ ਲਿਜਾਣ ਵਾਸਤੇ ਜਾ ਰਿਹਾ ਸੀ। ਸਾਕਾ ਨਕੋਦਰ 1986 ਦੌਰਾਨ ਪੁਲੀਸ ਵੱਲੋਂ ਸਿੱਖ ਨੌਜਵਾਨਾਂ ਦਾ ਪਿੱਛਾ ਕਰਕੇ ਉਨ੍ਹਾਂ ਨੂੰ ਗੋਲੀਆਂ ਦਾ ਨਿਸ਼ਾਨਾ ਬਣਾਇਆ ਗਿਆ ਸੀ। ਪੁਲਿਸ ਨੇ ਇਹ ਸਾਕਾ ਵਰਤਾ ਦੇਣ ਤੋਂ ਬਾਅਦ ਸ਼ਹੀਦ ਹੋਏ ਸਿੱਖ ਨੌਜੁਆਨ ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ, ਸ਼ਹੀਦ ਭਾਈ ਬਲਧੀਰ ਸਿੰਘ ਜੀ ਰਾਮਗੜ੍ਹ, ਸ਼ਹੀਦ ਭਾਈ ਝਿਲਮਣ ਸਿੰਘ ਜੀ ਗੋਰਸੀਆਂ ਅਤੇ ਸ਼ਹੀਦ ਭਾਈ ਹਰਮਿੰਦਰ ਸਿੰਘ ਜੀ ਚਲੂਪੁਰ ਦੀਆਂ ਮ੍ਰਿਤਕ ਦੇਹਾਂ ਵੀ ਪਰਿਵਾਰਾਂ ਨੂੰ ਨਹੀਂ ਸਨ ਦਿੱਤੀਆਂ । ਪੁਲਿਸ ਵਲੋਂ ਆਪਣਾ ਕੁਕਰਮ ਛੁਪਾਉਣ ਲਈ ਕਾਹਲੀ ਵਿਚ ਆਪ ਹੀ ਇਨ੍ਹਾਂ ਸਿੰਘਾ ਦਾ ਬਿਨਾਂ ਸਿੱਖ ਮਰਿਆਦਾ ਦੇ ਤੇਲ ਪਾ ਕੇ ਸਸਕਾਰ ਕਰ ਦਿੱਤਾ ਸੀ। ਭਾਵੇਂ ਕਿ ਸਾਢੇ ਤਿੰਨ ਦਹਾਕੇ ਦੇ ਅਰਸੇ ਦੌਰਾਨ ਤਿੰਨ ਸ਼ਹੀਦ ਸਿੰਘਾਂ ਦੇ ਮਾਤਾ ਪਿਤਾ ਜਹਾਨ ਤੋਂ ਚਲਾਣਾ ਕਰ ਗਏ ਹਨ ਪਰ ਹਾਲੇ ਵੀ ਉਨ੍ਹਾਂ ਦੇ ਪਰਿਵਾਰ ਅਤੇ ਪਿੱਛੇ ਬਚੇ ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਮਾਤਾ-ਪਿਤਾ ਹਰ ਸਾਲ ਸਾਕਾ ਨਕੋਦਰ 1986 ਦੇ ਸ਼ਹੀਦਾਂ ਨੂੰ ਯਾਦ ਕਰਦੇ ਹਨ। ਉਹ ਇਸ ਸਾਕੇ ਦੇ ਦੋਸ਼ੀ ਪੁਲਿਸ ਵਾਲਿਆਂ ਅਤੇ ਅਫਸਰਾਂ ਜਿਨ੍ਹਾਂ ਵਿਚ ਇਜਹਾਰ ਆਲਮ ਅਤੇ ਦਰਬਾਰਾ ਸਿੰਘ ਗੁਰੂ ਦੇ ਨਾਂ ਸ਼ੁਮਾਰ ਹਨ, ਨੂੰ ਕਟਹਿਰੇ ਵਿਚ ਖੜ੍ਹੇ ਕਰਨ ਲਈ ਯਤਨਸ਼ੀਲ ਰਹਿੰਦੇ ਹਨ। ਦੱਸਣਾ ਬਣਦਾ ਹੈ ਕਿ ਇਨ੍ਹਾਂ ਦੋਵਾਂ ਦੋਸ਼ੀਆਂ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਸਿਆਸੀ ਸਰਪ੍ਰਸਤੀ ਕਰਦਾ ਰਿਹਾ ਹੈ ਅਤੇ ਅੱਜ ਵੀ ਕਰ ਰਿਹਾ ਹੈ।