ਨਵੀਂ ਦਿੱਲੀ - ਨਵੰਬਰ 1984 ਦੇ ਸਿੱਖ ਕਤਲੇਆਮ ਵਿਚ ਦੋਸ਼ੀ ਐਲਾਨੇ ਗਏ ਕਾਂਗਰਸੀ ਨੇਤਾ ਸੱਜਣ ਕੁਮਾਰ ਦੀ ਸਜ਼ਾ ਦੀ ਮਿਆਦ ਬਾਰੇ ਫੈਸਲਾ 25 ਫਰਵਰੀ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿੱਚ ਦਿੱਤਾ ਜਾਵੇਗਾ। ਸੱਜਣ ਕੁਮਾਰ ਦੇ ਵਕੀਲਾਂ ਨੇ ਅਦਾਲਤ ਨੂੰ ਦੱਸਿਆ ਹੈ ਕਿ ਉਹ 2 ਦਿਨਾਂ ਵਿੱਚ ਆਪਣੀਆਂ ਦਲੀਲਾਂ ਪੇਸ਼ ਕਰਨਗੇ। ਅਦਾਲਤ ਨੇ ਉਸਦੀ ਮੰਗ ਮੰਨ ਲਈ ਅਤੇ ਹੁਣ ਅਦਾਲਤ 25 ਫਰਵਰੀ ਨੂੰ ਦੁਪਹਿਰ ਨੂੰ ਸਜ਼ਾ ਦੀ ਮਿਆਦ ਬਾਰੇ ਫੈਸਲਾ ਸੁਣਾ ਸਕਦੀ ਹੈ। ਇਸ ਦੇ ਨਾਲ ਹੀ ਪੀੜਤ ਧਿਰ ਨੇ ਸਜ਼ਾ ਦੀ ਮਿਆਦ ਬਾਰੇ ਅਦਾਲਤ ਵਿੱਚ ਲਿਖਤੀ ਦਲੀਲਾਂ ਪੇਸ਼ ਕੀਤੀਆਂ ਹਨ। ਪੀੜਤ ਧਿਰ ਵੱਲੋਂ, ਸੀਨੀਅਰ ਵਕੀਲ ਨੇ ਮੌਤ ਦੀ ਸਜ਼ਾ ਦੀ ਮੰਗ ਕਰਦੇ ਹੋਏ ਇੱਕ ਫਾਈਲ ਪੇਸ਼ ਕੀਤੀ ਹੈ।
ਕਾਂਗਰਸੀ ਆਗੂ ਸੱਜਣ ਕੁਮਾਰ ਇਸ ਵੇਲੇ ਤਿਹਾੜ ਜੇਲ੍ਹ ਵਿੱਚ ਆਪਣੀ ਸਜ਼ਾ ਕੱਟ ਰਿਹਾ ਹੈ। ਉਸਨੇ ਅਦਾਲਤ ਤੋਂ ਰਹਿਮ ਦੀ ਭੀਖ ਮੰਗੀ ਸੀ। ਤੁਹਾਨੂੰ ਦੱਸ ਦੇਈਏ ਕਿ 12 ਫਰਵਰੀ ਨੂੰ ਹੋਈ ਸੁਣਵਾਈ ਵਿੱਚ ਅਦਾਲਤ ਨੇ ਉਸਨੂੰ ਦੋਸ਼ੀ ਕਰਾਰ ਦਿੱਤਾ ਸੀ। ਦਿੱਲੀ ਪੁਲਿਸ ਨੇ ਵੀ ਇਸ ਮਾਮਲੇ ਵਿਚ ਓਸ ਦੇ ਮੌਤ ਦੀ ਸਜ਼ਾ ਦੀ ਮੰਗ ਕੀਤੀ ਸੀ। ਦਿੱਲੀ ਸਿੱਖ ਕਤਲੇਆਮ ਦਾ ਮਾਮਲਾ ਜਿਸ ਵਿੱਚ ਕਾਂਗਰਸ ਨੇਤਾ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਗਿਆ ਹੈ, ਸਰਸਵਤੀ ਵਿਹਾਰ ਇਲਾਕੇ ਨਾਲ ਸਬੰਧਤ ਹੈ, ਸੱਜਣ ਕੁਮਾਰ ਦੀ ਅਗਵਾਈ ਹੇਠ ਭੂਤਰੀ ਹੋਈ ਭੀੜ ਨੇ ਸਿੱਖ ਭਾਈਚਾਰੇ ਦੇ ਦੋ ਲੋਕਾਂ ਨੂੰ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ ਸੀ ।