ਅੰਮ੍ਰਿਤਸਰ-ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਅੱਜ ਸਾਲਾਨਾ ਕਾਨਵੋਕੇਸ਼ਨ ਦੌਰਾਨ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਕਲਾਸਾਂ ਦੇ 155 ਦੇ ਕਰੀਬ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਖਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਡਿਗਰੀ ਵੰਡ ਦੌਰਾਨ ਕਿਹਾ ਕਿ ਸਿੱਖਿਆ ਦਾ ਮੁੱਖ ਉਦੇਸ਼ ਵਿਅਕਤੀਆਂ ’ਚ ਅਨੁਸ਼ਾਸਨ ਅਤੇ ਸੱਚਾਈ ਨੂੰ ਉਤਸ਼ਾਹਿਤ ਕਰਨਾ ਹੈ।
ਇਸ ਮੌਕੇ ਸ: ਛੀਨਾ ਨੇ ਗੁਰਬਾਣੀ ਦੀਆਂ ਉਦਾਹਰਣਾਂ ਦਾ ਹਵਾਲਾ ਦਿੰੰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਰੋਜ਼ੀ-ਰੋਟੀ ਚੁਣਨ ਦੇ ਯੋਗ ਬਣਾਉਣ ਤੋਂ ਇਲਾਵਾ ਸਿੱਖਿਆ ਦਾ ਮਨਰੋਥ ਵਿਅਕਤੀ ਨੂੰ ਅਨੁਸ਼ਾਸ਼ਨ ਦਾ ਜੀਵਨ ਜੀਉਣ ਅਤੇ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕ ਬਣਨ ’ਚ ਯੋਗਦਾਨ ਪਾਉਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿੰਦਗੀ ’ਚ ਆਸਾਨ ਰਸਤੇ ਸਾਨੂੰ ਕਿਧਰੇ ਵੀ ਨਹੀਂ ਲੈ ਕੇ ਜਾਂਦੇ। ਉਨ੍ਹਾਂ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਾਪਤ ਕਰਨ ’ਤੇ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਸਾਰਥਿਕ ਜੀਵਨ ਜਿਉਣ ਲਈ ਚੰਗੀਆਂ ਭਾਵਨਾਵਾਂ ਨੂੰ ਗ੍ਰਹਿਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਨਹੀਂ ਭੁੱਲਣਾ ਚਾਹੀਦਾ ਅਤੇ ਕਾਨੂੰਨ ਦਾ ਸਤਿਕਾਰ ਕਰਨਾ ਚਾਹੀਦਾ ਹੈ।
ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ’ਵਰਸਿਟੀ ਦੇ ਉਪ ਕੁਲਪਤੀ ਡਾ. ਮਹਿਲ ਸਿੰਘ ਨੇ ਕਿਹਾ ਕਿ ਡਿਗਰੀਆਂ ਪ੍ਰਾਪਤ ਕਰਨ ਨਾਲ ਵਿਦਿਆਰਥੀਆਂ ਦੇ ਜ਼ਿੰਦਗੀ ਦਾ ਇਕ ਪੜਾਅ ਖ਼ਤਮ ਹੋ ਜਾਂਦਾ ਹੈ ਅਤੇ ਅਗਲਾ ਪੜਾਅ ਸ਼ੁਰੂ ਹੁੰਦਾ ਹੈ ਜੋ ਵਧੇਰੇ ਚੁਣੌਤੀਪੂਰਨ ਅਤੇ ਸੰਘਰਸ਼ਾਂ ਨਾਲ ਭਰਪੂਰ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਦਗੀ ’ਚ ਸਫਲ ਹੋਣ ਲਈ ਇਮਾਨਦਾਰੀ ਦੇ ਮਾਰਗ ’ਤੇ ਚੱਲਣ ਲਈ ਉਤਸ਼ਾਹਿਤ ਕੀਤਾ।
ਇਸ ਤੋਂ ਪਹਿਲਾਂ ਕਾਲਜ ਪ੍ਰਿੰਸੀਪਲ ਸ: ਗੁਰਦੇਵ ਸਿੰਘ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਾਲਜ ਦੀ ਸਾਲਾਨਾ ਰਿਪੋਰਟ ਪੜ੍ਹੀ ਅਤੇ ਵਿੱਦਿਅਕ, ਖੇਡਾਂ ਅਤੇ ਪਾਠਕ੍ਰਮ ਤੋਂ ਬਾਹਰਲੀਆਂ ਗਤੀਵਿਧੀਆਂ ਦੇ ਖੇਤਰ ’ਚ ਵਿਦਿਆਰਥੀਆਂ ਅਤੇ ਫੈਕਲਟੀ ਦੀਆਂ ਪ੍ਰਾਪਤੀਆਂ ਸਬੰਧੀ ਚਾਨਣਾ ਪਾਇਆ। ਉਨ੍ਹਾਂ ਕਾਲਜ ਦੇ ਸਮੁੱਚੇ ਵਿਕਾਸ ਅਤੇ ਤਰੱਕੀ ਲਈ ਗਵਰਨਿੰਗ ਕੌਂਸਲ ਖ਼ਾਸਕਰ ਪ੍ਰਧਾਨ ਸ: ਸੱਤਿਆਜੀਤ ਸਿੰਘ ਮਜੀਠੀਆ ਅਤੇ ਸ: ਛੀਨਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਕਾਲਜ ਵਿਦਿਆਰਥੀ ਸਿੱਖਿਆ ਦੇ ਵੱਖ-ਵੱਖ ਖੇਤਰਾਂ ’ਚ ਤਰੱਕੀ ਪ੍ਰਾਪਤ ਕਰ ਰਹੇ ਹਨ।