ਮਾਨਸਾ - ਬੀਤੇ ਕੱਲ੍ਹ ਪੰਜਾਬ ਨੰਬਰਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੀ ਅਗਵਾਈ ਹੇਠ ਯੂਨੀਅਨ ਦੇ ਵਫ਼ਦ ਨੇ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨਾਲ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਨੰਬਰਦਾਰਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਸਿੰਘ ਗੁਰਨੇ ਕਲਾਂ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਨੰਬਰਦਾਰਾਂ ਦੇ ਪ੍ਰਤੀ ਮਹੀਨਾ ਮਾਣਭੱਤਾ ਪੰਜ ਹਜ਼ਾਰ ਅਤੇ ਨੰਬਰਦਾਰੀ ਜੱਦੀ ਪੁਸ਼ਤੀ ਸਬੰਧੀ ਗੱਲਬਾਤ ਕੀਤੀ ਗਈ। ਇਸ ਮੌਕੇ ਮੀਟਿੰਗ ਵਿੱਚ ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ ਵੀ ਹਾਜ਼ਰ ਸਨ। ਇਸ ਮੌਕੇ ਸੂਬਾ ਪ੍ਰਧਾਨ ਸਮਰਾ ਨੇ ਮੀਟਿੰਗ ਦੌਰਾਨ ਮਾਲ ਮੰਤਰੀ ਮੁੰਡੀਆਂ ਦੇ ਧਿਆਨ ਵਿੱਚ ਲਿਆਂਦਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਦੀਆਂ ਚੋਣਾਂ ਸਮੇਂ ਯੂਨੀਅਨ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉਪਰੰਤ ਨੰਬਰਦਾਰਾਂ ਦਾ ਮਾਣ ਭੱਤਾ ਦੁੱਗਣਾ ਅਤੇ ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇਗੀ।ਪਰ ਅਫਸੋਸ ਕਿ ਸਰਕਾਰ ਦੇ ਤਿੰਨ ਸਾਲ ਬੀਤ ਜਾਣ ਦੇ ਉਪਰੰਤ ਵੀ ਨੰਬਰਦਾਰਾਂ ਨੂੰ ਲਾਰਿਆਂ ਤੋਂ ਇਲਾਵਾ ਅਜੇ ਤੱਕ ਕੁਝ ਨਹੀਂ ਮਿਲਿਆ।ਇਸ ਗੱਲ ਦਾ ਨੰਬਰਦਾਰਾਂ ਵਿਚ ਭਾਰੀ ਰੋਸ ਹੈ। ਇਸ ਮੌਕੇ ਯੂਨੀਅਨ ਦੇ ਸੂਬਾ ਸਕੱਤਰ ਜਨਰਲ ਰਸ਼ਪਾਲ ਸਿੰਘ ਕੁਲਾਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਰਾਜ ਦੌਰਾਨ ਹੋਈਆਂ ਵੱਖ ਵੱਖ ਜ਼ਿਮਨੀ ਚੋਣਾਂ ਵਿੱਚ ਵੀ ਮੁੱਖ ਮੰਤਰੀ ਮਾਨ ਨੇ ਨੰਬਰਦਾਰਾਂ ਨੂੰ ਲਾਰੇ ਲਾ ਕੇ ਵੋਟਾਂ ਤਾਂ ਲੈ ਲਈਆਂ।ਪਰ ਨੰਬਰਦਾਰਾਂ ਨੂੰ ਫਿਰ ਅੱਖੋਂ ਪਰੋਖੇ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੀ ਮੀਟਿੰਗ ਬਹੁਤ ਵਧੀਆ ਮਹੌਲ ਵਿੱਚ ਹੋਈ ਹੈ ਅਤੇ ਕਿਰਨ ਦੀ ਆਸ ਜਾਗੀ ਹੈ। ਉਨ੍ਹਾਂ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਆਉਣ ਵਾਲੀਆਂ ਹਰੇਕ ਚੋਣਾਂ ਵਿਚ ਵਿਰੋਧ ਲਈ ਤਿਆਰ ਰਹਿਣਾ ਪਵੇਗਾ।
ਇਸ ਮੌਕੇ ਸੂਬਾ ਸਕੱਤਰ ਜਨਰਲ ਰਸ਼ਪਾਲ ਸਿੰਘ ਕੁਲਾਰ ਤੋਂ ਇਲਾਵਾ ਸੁਰਜੀਤ ਸਿੰਘ ਨਨਹੇੜਾ ਸੂਬਾ ਕਾਰਜਕਾਰੀ ਪ੍ਰਧਾਨ, ਹਰਕੰਵਲ ਸਿੰਘ ਮੁੰਧ ਜ਼ਿਲਾ ਪ੍ਰਧਾਨ ਜਲੰਧਰ, ਵਰਿੰਦਰ ਕੁਮਾਰ ਚੌਧਰੀ ਸੂਬਾ ਮੀਤ ਪ੍ਰਧਾਨ ਅਤੇ ਪਿਆਰਾ ਸਿੰਘ ਦਹੇੜਕਾ ਜ਼ਿਲਾ ਪ੍ਰਧਾਨ ਲੁਧਿਆਣਾ ਹਾਜ਼ਰ ਸਨ।