ਪੰਜਾਬ

ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ -ਹੋਲਾ ਮੁਹੱਲਾ ਦੀ ਦਿੱਤੀ ਵਧਾਈ

ਕੌਮੀ ਮਾਰਗ ਬਿਊਰੋ | March 14, 2025 06:54 PM

ਸ੍ਰੀ ਅਨੰਦਪੁਰ ਸਾਹਿਬ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਹੋਲਾ ਮੁਹੱਲਾ ਦੇ ਤਿਉਹਾਰ 'ਤੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਇਤਿਹਾਸਕ ਦਿਹਾੜਾ ਸਾਨੂੰ ਸਾਰਿਆਂ ਨੂੰ ਪਵਿੱਤਰ 'ਹੋਲਾ ਮੁਹੱਲਾ' ਤਿਉਹਾਰ ਨਾਲ ਜੁੜੀ ਅਮੀਰ ਵਿਰਾਸਤ ਦੀ ਯਾਦ ਦਿਵਾਉਂਦਾ ਹੈ, ਜੋ ਦਸਵੇਂ ਸਿੱਖ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਚਾਰਧਾਰਾ ਅਤੇ ਸਿੱਖ ਸੰਗਤ ਵਿੱਚ ਚੜ੍ਹਦੀ ਕਲਾ ਦੀ ਭਾਵਨਾ ਭਰਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮਹਾਨ ਸਿੱਖ ਗੁਰੂਆਂ ਵੱਲੋਂ ਦਿਖਾਏ ਰਸਤੇ 'ਤੇ ਚੱਲ ਕੇ ਮਨੁੱਖਤਾ ਪ੍ਰਤੀ ਜ਼ਿੰਮੇਵਾਰੀ ਅਤੇ ਸੇਵਾ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਪੰਜਾਬ, ਦੇਸ਼ ਦਾ ਇਕਲੌਤਾ ਸੂਬਾ ਹੈ ਜੋ 'ਸਮਾਜਵਾਦ ਅਤੇ ਧਰਮ ਨਿਰਪੱਖਤਾ' ਦੀ ਵੱਡੀ ਮਿਸਾਲ ਹੋਣ ਦੇ ਨਾਲ-ਨਾਲ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰੇ ਦਾ ਪ੍ਰਤੀਕ ਹੈ।

ਮੁੱਖ ਮੰਤਰੀ ਨੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਇਹ ਉਮੀਦ ਪ੍ਰਗਟਾਈ ਕਿ ਸੂਬੇ ਵਿੱਚ ਹਰ ਦਿਨ ਫਿਰਕੂ ਸਦਭਾਵਨਾ, ਸ਼ਾਂਤੀ ਅਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਹੋਰ ਮਜ਼ਬੂਤ ਹੁੰਦੀਆਂ ਰਹਿਣਗੀਆਂ। ਉਨ੍ਹਾਂ ਨੇ ਕਾਮਨਾ ਕੀਤੀ ਕਿ ਵਾਹਿਗੁਰੂ ਦੇ ਆਸ਼ੀਰਵਾਦ ਨਾਲ, ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰਦਾ ਰਹੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤਿਉਹਾਰ ਵਿੱਚ ਹਿੱਸਾ ਲੈਣਾ ਉਨ੍ਹਾਂ ਲਈ ਇੱਕ ਇਲਾਹੀ ਅਨੁਭਵ ਹੈ ਜੋ ਆਮ ਤੌਰ 'ਤੇ ਪੰਜਾਬੀਆਂ ਅਤੇ ਖਾਸ ਕਰਕੇ ਸਿੱਖ ਭਾਈਚਾਰੇ ਦੀ ਜੰਗਜੂ ਭਾਵਨਾ ਦਾ ਪ੍ਰਤੀਕ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਪਵਿੱਤਰ ਅਸਥਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਹੋਇਆ ਹੈ, ਜਿਸਦੀ ਸਥਾਪਨਾ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਸੰਨ 1665 ਵਿੱਚ ਕੀਤੀ ਗਈ ਸੀ ਅਤੇ ਮਹਾਨ ਗੁਰੂ ਨੇ ਮਨੁੱਖੀ ਮਾਣ-ਸਨਮਾਨ ਅਤੇ ਅਧਿਕਾਰਾਂ ਦੀ ਰਾਖੀ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਅੱਗੇ ਕਿਹਾ ਕਿ ਇਹ ਪਵਿੱਤਰ ਅਸਥਾਨ ਖਾਲਸੇ ਦਾ ਜਨਮ ਸਥਾਨ ਵੀ ਹੈ ਕਿਉਂਕਿ 1699 ਵਿੱਚ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵਿਸਾਖੀ ਦੇ ਇਤਿਹਾਸਕ ਦਿਨ ਇਸ ਪਵਿੱਤਰ ਧਰਤੀ 'ਤੇ ਖਾਲਸਾ ਪੰਥ ਦੀ ਨੀਂਹ ਰੱਖੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੇ ਹਮੇਸ਼ਾ ਪੰਜਾਬੀਆਂ ਨੂੰ ਜ਼ੁਲਮ, ਅੱਤਿਆਚਾਰ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਲਈ ਪ੍ਰੇਰਿਤ ਕਰਦਿਆਂ ਫਿਰਕੂ ਸਦਭਾਵਨਾ ਅਤੇ ਭਾਈਚਾਰੇ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕੀਤਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਤਿਉਹਾਰ ਮੌਕੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਲੋਕਾਂ ਦੀ ਵੱਡੇ ਪੱਧਰ ‘ਤੇ ਸ਼ਮੂਲੀਅਤ ਦੇਖਣ ਨੂੰ ਮਿਲਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੂਰੀ ਨਿਮਰਤਾ ਅਤੇ ਉਤਸ਼ਾਹ ਨਾਲ ਹੋਲਾ ਮੁਹੱਲਾ ਮੌਕੇ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਲਈ ਆਉਣ ਵਾਲੇ ਸ਼ਰਧਾਲੂਆਂ ਲਈ ਵਿਸ਼ਵ ਪੱਧਰੀ ਅਤੇ ਠੋਸ ਬੰਦੋਬਸਤ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਪਵਿੱਤਰ ਤਿਉਹਾਰ ਨੂੰ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉੱਪਰ ਉੱਠ ਕੇ ਅਤੇ ਆਪਸ ਵਿੱਚ ਰਲ-ਮਿਲ ਕੇ ਉਤਸ਼ਾਹ ਨਾਲ ਮਨਾਉਣ ਦਾ ਸੱਦਾ ਦਿੱਤਾ ਤਾਂ ਜੋ ਧਰਮ ਨਿਰਪੱਖਤਾ ਅਤੇ ਧਾਰਮਿਕ ਸਹਿਣਸ਼ੀਲਤਾ ਦੇ ਸਿਧਾਂਤਾਂ ਨੂੰ ਕਾਇਮ ਰੱਖਦਿਆਂ ਹੋਰਨਾਂ ਲਈ ਮਿਸਾਲ ਕਾਇਮ ਕੀਤੀ ਜਾ ਸਕੇ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਇਸ ਪਵਿੱਤਰ ਸ਼ਹਿਰ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇੱਥੇ ਆਉਣ ਵਾਲੇ ਦਿਨਾਂ ਵਿੱਚ ਅਤਿ-ਆਧੁਨਿਕ ਮਲਟੀ ਸਪੈਸ਼ਲਿਟੀ ਹਸਪਤਾਲ ਤੇ ਸਟੇਡੀਅਮ ਦੀ ਉਸਾਰੀ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ। ਭਗਵੰਤ ਸਿੰਘ ਮਾਨ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਆਲੇ-ਦੁਆਲੇ ਦੇ ਖੇਤਰ ਨੂੰ ਇੱਕ ਪਸੰਦੀਦਾ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਵੀ ਐਲਾਨ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਮੁੰਡੀਆਂ ਅਤੇ ਹੋਰ ਮੌਜੂਦ ਸਨ।

Have something to say? Post your comment

 

ਪੰਜਾਬ

ਗੁਰਦਾਸਪੁਰ ਪੁਲਿਸ ਤੇ ਬੀ.ਐੱਸ.ਐੱਫ. ਨੇ ਸਾਂਝੇ ਓਫਰੇਸ਼ਨ ਦੌਰਾਨ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਖੇਪ ਨੂੰ ਕੀਤਾ ਬਰਾਮਦ

ਦਮਦਮੀ ਟਕਸਾਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਦਾ ਸਨਮਾਨ

ਸਿੱਖ ਨਵੇਂ ਸਾਲ ਨਾਨਕਸ਼ਾਹੀ ਸੰਮਤ 557 ਦੀ ਆਮਦ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼

ਸ੍ਰੀ ਗੁਰੂ ਰਾਮਦਾਸ ਨਿਵਾਸ ਵਿਖੇ ਸ਼ਰਧਾਲੂਆਂ ’ਤੇ ਹਮਲੇ ਖਿਲਾਫ਼ ਸਖ਼ਤ ਕਾਰਵਾਈ ਕਰੇ ਪੁਲਿਸ ਪ੍ਰਸ਼ਾਸਨ, ਪਛਾਣ ਕੀਤੀ ਜਾਵੇ ਨਸ਼ਰ- ਸ਼੍ਰੋਮਣੀ ਕਮੇਟੀ

7 ਸਾਲਾ ਬੱਚੇ ਨੂੰ ਅਗਵਾ ਕਰਨ ਵਾਲਾ ਦੋਸ਼ੀ ਪੁਲਿਸ ਵੱਲੋਂ ਜਵਾਬੀ ਕਾਰਵਾਈ ‘ਚ ਹੋਇਆ ਜ਼ਖਮੀ: ਐਸਐਸਪੀ ਮਾਲੇਰਕੋਟਲਾ

ਪੰਜਾਬ ਸਰਕਾਰ ਵੱਲੋਂ ਉਦਯੋਗਾਂ ਲਈ ਓ.ਟੀ.ਐਸ. ਸਕੀਮ ਦਾ ਨੋਟੀਫਿਕੇਸ਼ਨ ਜਾਰੀ: ਤਰੁਨਪ੍ਰੀਤ ਸਿੰਘ ਸੌਂਦ

ਨਾਮਧਾਰੀ ਹੋਲੇ ਮਹੱਲੇ ਸਮੇਂ ਇੱਕ ਨਰੋਆ ਸਮਾਜ ਸਿਰਜਣ ਦਾ ਸੰਦੇਸ਼

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 557 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਖ਼ਾਲਸਾ ਕਾਲਜ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ’ਚ ਮੈਰਿਟ ਪੁਜੀਸ਼ਨਾਂ ਹਾਸਲ ਕੀਤੀਆਂ

ਬੀਬੀ ਨਿਰਅੰਜਨ 'ਅਵਤਾਰ' ਕੌਰ ਯਾਦਗਾਰੀ ਅਵਾਰਡ ਸਮਾਰੋਹ ਐਤਵਾਰ 16 ਮਾਰਚ ਨੂੰ