ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਸਰਦਾਰ ਬਲਵਿੰਦਰ ਸਿੰਘ ਭੂੰਦੜ ਅਤੇ ਸਾਬਕਾ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਇਸ ਗੱਲੋਂ ਧੰਨਵਾਦ ਕੀਤਾ ਕਿ ਉਹਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਆਪਣਾ ਅਸਤੀਫਾ ਵਾਪਸ ਲੈਣ ਲਈ ਉਹਨਾਂ ਦੀ ਬੇਨਤੀ ਪ੍ਰਵਾਨ ਕਰ ਲਈ ਹੈ।
ਪਾਰਟੀ ਦੇ ਸੀਨੀਅਰ ਆਗੂ ਜਿਹਨਾਂ ਵਿਚ ਸਾਬਕਾ ਮੰਤਰੀ ਸਰਦਾਰ ਜਨਮੇਜਾ ਸਿੰਘ ਸੇਖੋਂ ਵੀ ਸ਼ਾਮਲ ਸਨ, ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਉਹਨਾਂ ਦੀ ਰਿਹਾਇਸ਼ ’ਤੇ ਪਹੁੰਚ ਕੇ ਉਹਨਾਂ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਆਪਣਾ ਅਸਤੀਫਾ ਵਾਪਸ ਲੈਣ ਲਈ ਅਪੀਲ ਕੀਤੀ ਕਿਉਂਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਉਹਨਾਂ ਦਾ ਅਸਤੀਫਾ ਰੱਦ ਕਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਉਹਨਾਂ ਦੀ ਬੇਨਤੀ ਪ੍ਰਵਾਨ ਕੀਤੀ ਤੇ ਐਲਾਨ ਕੀਤਾ ਕਿ ਉਹ ਆਉਂਦੇ ਦਿਨਾਂ ਵਿਚ ਆਪਣਾ ਚਾਰਜ ਮੁੜ ਸੰਭਾਲਣਗੇ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਹੁਤ ਹੀ ਕਾਬਲ, ਇਮਾਨਦਾਰ ਅਤੇ ਧਾਰਮਿਕ ਸ਼ਖਸੀਅਤ ਹਨ ਜਿਹਨਾਂ ਨੇ ਪੰਥ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਉਹਨਾਂ ਕਿਹਾ ਕਿ ਅਸੀਂ ਐਡਵੋਕੇਟ ਧਾਮੀ ਜੀ ਨੂੰ ਬੇਨਤੀ ਕੀਤੀ ਸੀ ਕਿ ਸ਼੍ਰੋਮਣੀ ਕਮੇਟੀ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਉਹਨਾਂ ਦੀਆਂ ਧਾਰਮਿਕ ਸੇਵਾਵਾਂ ਦੀ ਬਹੁਤ ਲੋੜ ਹੈ ਤੇ ਉਹਨਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫਾ ਦੇਣ ਦਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਡਵੋਕੇਟ ਧਾਮੀ ਦਾ ਧੰਨਵਾਦ ਕੀਤਾ ਜਿਹਨਾਂ ਨੇ ਆਪਣਾ ਅਸਤੀਫਾ ਵਾਪਸ ਲੈਦ ਦਾ ਐਲਾਨ ਕੀਤਾ। ਉਹਨਾਂ ਕਿਹਾ ਕਿ ਅਜਿਹਾ ਕਰ ਕੇ ਉਹਨਾਂ ਨੇ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਹੈ।
ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਸਿੱਖ ਕੌਮ ਨੂੰ ਅੱਜ ਕਈ ਮੁਹਾਜ਼ ’ਤੇ ਲੜਾਈ ਲੜਨੀ ਪੈ ਰਹੀ ਹੈ। ਉਹਨਾਂ ਕਿਹਾ ਕਿ ਇਸ ਅਹਿਮ ਮੌਕੇ ’ਤੇ ਬਹੁਤ ਜ਼ਰੂਰੀ ਹੈ ਕਿ ਸਾਡੇ ਗੁਰੂ ਘਰ ਤੇ ਸਾਡੇ ਤਖ਼ਤ ਮਜ਼ਬੂਤ ਹੋਣ। ਉਹਨਾਂ ਕਿਹਾ ਕਿ ਸਿੱਖ ਕੌਮ ਨੂੰ ਅੰਦਰੂਨੀ ਤੌਰ ’ਤੇ ਕਮਜ਼ੋਰ ਕਰਨ ਦੇ ਬਹੁਤ ਯਤਨ ਕੀਤੇ ਤੇ ਸਾਜ਼ਿਸ਼ਾਂ ਰਚੀਆਂ ਗਈਆਂ ਅਤੇ ਤਖਤ ਸ੍ਰੀ ਹਜ਼ੂਰ ਸਾਹਿਬ, ਪਟਨਾ ਸਾਹਿਬ ਤੇ ਦਿੱਲੀ ਗੁਰਦੁਆਰਾ ਕਮੇਟੀ ’ਤੇ ਕਬਜ਼ੇ ਕਰ ਕੇ ਅਜਿਹਾ ਕੀਤਾ ਗਿਆ ਤੇ ਹਰਿਆਣਾ ਲਈ ਵੱਖਰੀ ਕਮੇਟੀ ਬਣਾਈ ਗਈ। ਉਹਨਾਂ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਆਪਣੇ ਦੁਸ਼ਮਣਾਂ ਨੂੰ ਪਛਾਣਨ ਅਤੇ ਸਿੱਖ ਸੰਸਥਾਵਾਂ ਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੇ ਯਤਨਾਂ ਨੂੰ ਫੇਲ੍ਹ ਕਰਨ।