ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਆਖਿਆ ਕਿ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਅਣਥੱਕ ਕੋਸ਼ਿਸ਼ਾਂ ਤਹਿਤ ਪੰਜਾਬ ਜਲਦੀ ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਦੀ ਮੇਜ਼ਬਾਨੀ ਕਰੇਗਾ।
ਇੱਥੇ 1975 ਹਾਕੀ ਵਿਸ਼ਵ ਕੱਪ ਜੇਤੂ ਟੀਮ, ਕੌਮੀ ਖੇਡਾਂ ਦੇ ਜੇਤੂਆਂ, ‘ਖੇਡਾਂ ਵਤਨ ਪੰਜਾਬ ਦੀਆਂ’ ਤੇ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ਦੇ ਜੇਤੂਆਂ ਦੇ ਸਨਮਾਨ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਇਹ ਮੁੱਦਾ ਕਈ ਪਲੇਟਫਾਰਮਾਂ ਉਤੇ ਉਠਾਇਆ ਹੈ ਅਤੇ ਹੁਣ ਇਸ ਦੇ ਸਾਰਥਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਜਲਦੀ ਚਾਰ ਦੇਸ਼ਾਂ ਦੀ ਹਾਕੀ ਲੀਗ ਦੀ ਮੇਜ਼ਬਾਨੀ ਕਰੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸੇ ਤਰ੍ਹਾਂ ਦੇ ਕਈ ਹੋਰ ਮੁਕਾਬਲੇ ਵੀ ਕਰਵਾਏ ਜਾਣਗੇ ਤਾਂ ਕਿ ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਹੁਲਾਰਾ ਦਿੱਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਦੇ ਖ਼ਤਰੇ ਤੋਂ ਨੌਜਵਾਨਾਂ ਨੂੰ ਬਚਾਉਣ ਲਈ ਸੂਬੇ ਦੇ ਹਰੇਕ ਪਿੰਡ ਵਿੱਚ ਖੇਡ ਮੈਦਾਨ ਤੇ ਜਿੰਮ ਖੋਲ੍ਹੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਡੀ ਗਿਣਤੀ ਖਿਡਾਰੀ ਪੈਦਾ ਕਰਨ ਲਈ ਮੁਹਿੰਮ ਨੂੰ ਜ਼ੋਰ-ਸ਼ੋਰ ਨਾਲ ਚਲਾ ਰਹੀ ਹੈ ਤਾਂ ਕਿ ਵੱਧ ਤੋਂ ਵੱਧ ਪੰਜਾਬੀ ਖਿਡਾਰੀ ਕੌਮਾਂਤਰੀ ਮੁਕਾਬਲਿਆਂ ਲਈ ਕੌਮੀ ਟੀਮ ਵਿੱਚ ਸ਼ਾਮਲ ਹੋਣ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਕੋਲ ਅਥਾਹ ਖੇਡ ਹੁਨਰ ਹੈ ਅਤੇ ਪੰਜਾਬ ਸਰਕਾਰ ਇਸ ਗੱਲ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ ਕਿ ਪੰਜਾਬ ਦੇ ਖਿਡਾਰੀ ਕੌਮਾਂਤਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਭਾਰਤ ਲਈ ਤਮਗੇ ਜਿੱਤਣ ਦੇ ਯੋਗ ਬਣਨ। ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ, ਜਿਸ ਨੇ ਖਿਡਾਰੀਆਂ ਲਈ ਕੌਮਾਂਤਰੀ ਮੁਕਾਬਲਿਆਂ ਦੀ ਤਿਆਰੀ ਲਈ ਵੀ ਫੰਡ ਮੁਹੱਈਆ ਕੀਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਤੇ ਖੇਡਾਂ ਦਾ ਆਪਸੀ ਰਿਸ਼ਤਾ ਬੜਾ ਗੂੜ੍ਹਾ ਹੈ, ਜਿਸ ਕਾਰਨ ਪੰਜਾਬੀ ਖਿਡਾਰੀਆਂ ਨੇ ਇਨ੍ਹਾਂ ਖੇਡਾਂ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਵਿਰਸੇ ਵਿੱਚ ਖੇਡ ਸੱਭਿਆਚਾਰ ਮਿਲਿਆ ਹੈ ਪਰ ਪਿਛਲੀਆਂ ਸਰਕਾਰਾਂ ਲੋੜੀਂਦਾ ਬੁਨਿਆਦੀ ਢਾਂਚਾ ਮੁਹੱਈਆ ਕਰਨ ਵਿੱਚ ਨਾਕਾਮ ਰਹੀਆਂ। ਉਨ੍ਹਾਂ ਕਿਹਾ ਕਿ ਹੁਣ ਖਿਡਾਰੀਆਂ ਨੂੰ ਅਤਿ-ਆਧੁਨਿਕ ਖੇਡ ਸੱਭਿਆਚਾਰ ਤੇ ਵਿਸ਼ਵ ਪੱਧਰੀ ਸਹੂਲਤਾਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਵਚਨਬੱਧ ਹੈ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਕਾਰਨ ਖਿਡਾਰੀਆਂ ਨੇ ਆਪਣੇ ਲਈ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਵੱਖਰੀ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ 1975 ਦੀ ਹਾਕੀ ਵਿਸ਼ਵ ਕੱਪ ਜੇਤੂ ਟੀਮ ਵਿੱਚ ਅੱਠ ਖਿਡਾਰੀ ਅਤੇ ਕੋਚ ਦੇ ਨਾਲ-ਨਾਲ ਮੈਨੇਜਰ ਪੰਜਾਬ ਨਾਲ ਸਬੰਧਤ ਸਨ।
ਮੁੱਖ ਮੰਤਰੀ ਨੇ ਕਿਹਾ ਕਿ 1975 ਦਾ ਵਿਸ਼ਵ ਕੱਪ ਦੇਸ਼ ਲਈ ਮਾਣ ਵਾਲਾ ਪਲ ਸੀ ਕਿਉਂਕਿ ਭਾਰਤ ਨੇ ਇੱਕੋ ਇੱਕ ਵਿਸ਼ਵ ਕੱਪ ਜਿੱਤਿਆ। ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਪਿਛਲੀ ਸਰਕਾਰ ਨੇ ਕਦੇ ਵੀ ਖੇਡਾਂ ਅਤੇ ਖਿਡਾਰੀਆਂ ਦੀ ਪਰਵਾਹ ਨਹੀਂ ਕੀਤੀ ਪਰ ਉਨ੍ਹਾਂ ਦੀ ਸਰਕਾਰ ਨੇ ਇਸ 'ਤੇ ਪੂਰਾ ਧਿਆਨ ਦਿੱਤਾ ਹੈ ਤਾਂ ਜੋ ਖਿਡਾਰੀਆਂ ਨੂੰ ਹੌਸਲਾ ਮਿਲੇ ਅਤੇ ਨੌਜਵਾਨਾਂ ਨੂੰ ਉਨ੍ਹਾਂ ਤੋਂ ਪ੍ਰੇਰਨਾ ਮਿਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇੱਕ ਵਿਲੱਖਣ ਸਮਾਗਮ ਹੈ ਕਿਉਂਕਿ ਜਿਨ੍ਹਾਂ ਨੇ ਦੇਸ਼ ਦੇ ਝੰਡੇ ਨੂੰ ਉੱਚਾ ਚੁੱਕਿਆ ਹੈ, ਉਹ ਇਸ ਸਮਾਗਮ ਵਿੱਚ ਮੌਜੂਦ ਹਨ। ਉਨ੍ਹਾਂ ਕਿਹਾ ਕਿ ਉਹ ਇੱਕ ਕੱਟੜ ਖੇਡ ਪ੍ਰੇਮੀ ਹਨ, ਇਸ ਲਈ ਇਹ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਖੇਡਾਂ ਦੇ ਖੇਤਰ ਵਿੱਚ ਹਮੇਸ਼ਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਇਹ ਸਮਾਗਮ ਉਨ੍ਹਾਂ ਦੀ ਮਿਹਨਤ, ਲਗਨ ਅਤੇ ਸਮਰਪਣ ਭਾਵਨਾ ਦਾ ਪ੍ਰਮਾਣ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਖਿਡਾਰੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚੋਂ ਤਮਗੇ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਦੇਣ ਲਈ ਪੰਜਾਬ ਵਿੱਚ ਖੇਡ ਨਰਸਰੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸੂਬਾ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੋ ਸਕਦਾ ਹੈ, ਜਿਸ ਕਾਰਨ ਪੰਜਾਬ ਇਸ ਲਈ ਕੋਈ ਕਸਰ ਨਹੀਂ ਛੱਡ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਖੇਡਾਂ ਵਿੱਚ ਸ਼ਾਮਲ ਨੌਜਵਾਨਾਂ ਕੋਲ ਨਸ਼ਿਆਂ ਵੱਲ ਜਾਣ ਦਾ ਸਮਾਂ ਨਹੀਂ ਹੁੰਦਾ ਕਿਉਂਕਿ ਉਹ ਆਪਣੇ-ਆਪਣੇ ਖੇਤਰਾਂ ਵਿੱਚ ਪਛਾਣ ਬਣਾਉਣ ਲਈ ਆਪਣੀ ਪੂਰੀ ਤਾਕਤ ਲਗਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸੂਬਾ ਸਰਕਾਰ ਵੱਲੋਂ ਹਰ ਸਾਲ ਕਰਵਾਈਆਂ ਜਾਂਦੀਆਂ ਹਨ, ਜੋ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਇੱਕ ਪਲੇਟਫਾਰਮ ਪ੍ਰਦਾਨ ਕਰਨ ਵੱਲ ਇੱਕ ਸਹੀ ਕਦਮ ਹੈ।
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਖੇਡਾਂ ਸੂਬਾ ਸਰਕਾਰ ਨੂੰ ਖਿਡਾਰੀਆਂ ਦੀਆਂ ਤਾਕਤਾਂ ਅਤੇ ਕਮਜ਼ੋਰੀਆਂ ਦੀ ਪਛਾਣ ਕਰਨ ਵਿੱਚ ਮਦਦ ਕਰਦੀਆਂ ਹਨ, ਜੋ ਭਵਿੱਖ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਉਨ੍ਹਾਂ ਨੂੰ ਤਿਆਰ ਕਰਨ ਲਈ ਲਾਹੇਵੰਦ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਮਕਬੂਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਕਿਉਂਕਿ ਇਹ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਵਿੱਚ ਮੁੱਖ ਭੂਮਿਕਾ ਨਿਭਾ ਸਕਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਦਾ ਮੌਕਾ ਹੈ ਕਿ ਅੱਜ ਇਸ ਇਤਿਹਾਸਕ ਸਮਾਗਮ ਵਿੱਚ ਪ੍ਰਸਿੱਧ ਖਿਡਾਰੀਆਂ ਨੇ ਸ਼ਿਰਕਤ ਕੀਤੀ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ 1975 ਦੀ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨੂੰ ਵੀ ਸਨਮਾਨਿਤ ਕੀਤਾ ਅਤੇ ਹਾਲ ਹੀ ਵਿੱਚ ਰਾਸ਼ਟਰੀ ਖੇਡਾਂ ਵਿੱਚ ਹਿੱਸਾ ਲੈਣ ਵਾਲੇ 107 ਖਿਡਾਰੀਆਂ ਨੂੰ 3.99 ਕਰੋੜ ਰੁਪਏ ਦੇ ਨਕਦ ਇਨਾਮ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਅਤੇ ‘ਪੈਰਾ ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਤਮਗੇ ਜਿੱਤਣ ਵਾਲੇ 13778 ਖਿਡਾਰੀਆਂ ਨੂੰ 9.65 ਕਰੋੜ ਰੁਪਏ ਦੇ ਨਕਦ ਇਨਾਮ ਵੰਡੇ।
ਇਸ ਮੌਕੇ 1975 ਦੇ ਵਿਸ਼ਵ ਕੱਪ ਵਿੱਚ ਹਿੱਸਾ ਲੈਣ ਵਾਲੇ ਹਾਕੀ ਖਿਡਾਰੀਆਂ ਨੇ ਮੁੱਖ ਮੰਤਰੀ ਨੂੰ ਆਪਣੇ ਆਟੋਗ੍ਰਾਫ ਵਾਲੀ ਹਾਕੀ ਵੀ ਭੇਟ ਕੀਤੀ।