ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿੱਖ ਮਸਲਿਆਂ ਵਿੱਚ ਦਖਲਅੰਦਾਜ਼ੀ ਦਾ ਨੋਟਿਸ ਲੈਂਦਿਆਂ ਸਰਕਾਰ ਨੂੰ ਨਸੀਹਤ ਦਿੱਤੀ ਹੈ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਰਹਿ ਕੇ ਸੂਬੇ ਦੇ ਹਾਲਾਤ ਸੁਧਾਰਣ ਵੱਲ ਧਿਆਨ ਦੇਵੇ।
ਜਾਰੀ ਕੀਤੇ ਇੱਕ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਵਿਧਾਨ ਸਭਾ ਅੰਦਰ ਜਾਣਬੁੱਝ ਕੇ ਨੀਤੀਗਤ ਢੰਗ ਨਾਲ ਸਿੱਖ ਮਾਮਲਿਆਂ ਵਿੱਚ ਦਖਲ ਦੀ ਕਰੜੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਮਸਲੇ ਸਿੱਖ ਖੁਦ ਹੱਲ ਕਰਨਾ ਜਾਣਦੇ ਹਨ ਅਤੇ ਇਨ੍ਹਾਂ ਮਸਲਿਆਂ ਵਿੱਚ ਸਰਕਾਰਾਂ ਵੱਲੋਂ ਦਖਲਅੰਦਾਜ਼ੀ ਕੌਮੀ ਭਾਵਨਾਵਾਂ ਨੂੰ ਵੱਡੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਦਾਇਰੇ ਵਿੱਚ ਰਹਿ ਕੇ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਸੂਬੇ ਦੀ ਹਰ ਖੇਤਰ ਵਿੱਚ ਨਿਘਰਦੀ ਹਾਲਾਤ ਨੂੰ ਸੁਧਾਰਣ ਵੱਲ ਧਿਆਨ ਦੇਵੇ ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸਿੱਖ ਮਸਲਿਆਂ ਵਿੱਚ ਜੇਕਰ ਏਨੀ ਹੀ ਦਿਲਚਸਪੀ ਹੈ ਤਾਂ ਇਹ ਬੰਦੀ ਸਿੰਘਾਂ ਦਾ ਮਸਲਾ ਹੱਲ ਕਰਵਾਉਣ, ਜਿਸ ਵਿੱਚ ਦਿੱਲੀ ਅੰਦਰ ਇਨ੍ਹਾਂ ਦੀ ਦਸ ਸਾਲ ਸਰਕਾਰ ਹੁੰਦਿਆਂ ਇਹ ਵਿਰੋਧ ’ਚ ਹੀ ਭੁਗਤੇ ਹਨ। ਉਨ੍ਹਾਂ ਆਖਿਆ ਕਿ ਪ੍ਰੋ. ਦੇਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਿੱਲੀ ਦੀ ਸਰਕਾਰ ਦੇ ਹੱਥ ਵਿੱਚ ਸੀ ਜਿਸ ਪ੍ਰਤੀ ਇਨ੍ਹਾਂ ਨੇ ਜਾਣਬੁੱਝ ਕੇ ਨਕਾਰਾਤਮਕ ਰਵੱਈਆ ਅਖਤਿਆਰ ਕਰੀ ਰੱਖਿਆ। ਉਨ੍ਹਾਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਨਸੀਹਤ ਦਿੱਤੀ ਕਿ ਉਹ ਆਪਣੇ ਅਧਿਕਾਰ ਖੇਤਰ ਤੱਕ ਸੀਮਤ ਰਹੇ ਅਤੇ ਸਿੱਖਾਂ ਦੇ ਅੰਦਰੂਨੀ ਮਾਮਲਿਆਂ ਵਿੱਚ ਦਖਲ ਨਾ ਦੇਵੇ।