ਨਵਾਂ ਸ਼ਹਿਰ- ‘ਸਕੂਲ ਆਫ਼ ਐਮੀਨੈਂਸ’ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਅੱਜ ਇੱਥੇ ਗੱਲਬਾਤ ਦੌਰਾਨ ਪਿੰਡ ਬੇਗਮਪੁਰਾ ਦੇ ਪਰਮਜੀਤ ਕੁਮਾਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੇ ਉਲਟ ਹੁਣ ਸਕੂਲਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਤੇ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਦੀਆਂ ਸਹੂਲਤਾਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸਕੂਲਾਂ ਵੱਲੋਂ ਬੱਚਿਆਂ ਨੂੰ ਲਵਾਏ ਜਾਂਦੇ ਟੂਰ ਤੇ ਸਿੱਖਣ ਦੇ ਹੋਰ ਮੌਕੇ ਮੁਹੱਈਆ ਕਰਨ ਨਾਲ ਵਿਦਿਆਰਥੀਆਂ ਦੀ ਸੋਚ ਦਾ ਦਾਇਰਾ ਵਿਸ਼ਾਲ ਹੋ ਰਿਹਾ ਹੈ।
ਸਥਾਨਕ ਪਲਾਨ ਰੋਡ ਵਾਸੀ ਭੁਪਿੰਦਰ ਕੌਰ ਨੇ ਕਿਹਾ ਕਿ ਉਸ ਦੀਆਂ ਦੋ ਧੀਆਂ ਤੇ ਇਕ ਭਤੀਜੀ ਇਸ ਸਕੂਲ ਵਿੱਚ ਪੜ੍ਹ ਰਹੀ ਹੈ। ਉਸ ਨੇ ਕਿਹਾ ਕਿ ਇਹ ਸਕੂਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰ ਕੇ ਜ਼ਿੰਦਗੀ ਵਿੱਚ ਸਫ਼ਲਤਾ ਹਾਸਲ ਕਰਨ ਦੇ ਯੋਗ ਬਣਾ ਰਹੇ ਹਨ। ਉਸ ਨੇ ਕਿਹਾ ਕਿ ਵਿਦਿਆਰਥੀਆਂ ਦਾ ਭਵਿੱਖ ਬਦਲਣ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਜਾਂਦਾ ਹੈ।
ਪਿੰਡ ਦੁਰਗਾਪੁਰ ਵਾਸੀ ਪਰਵੀਨ ਬਾਲਾ ਨੇ ਸਰਕਾਰੀ ਸਕੂਲਾਂ ਵਿੱਚ ਅਤਿ-ਆਧੁਨਿਕ ਬੁਨਿਆਦੀ ਢਾਂਚਾ ਤੇ ਸਹੂਲਤਾਂ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਉਸ ਨੇ ਕਿਹਾ ਕਿ ਉਸ ਦਾ ਪੁੱਤਰ ਪਹਿਲਾਂ ਪ੍ਰਾਈਵੇਟ ਸਕੂਲ ਵਿੱਚ ਪੜ੍ਹਦਾ ਸੀ ਪਰ ਹੁਣ ਉਹ ਇੱਥੇ ਪੜ੍ਹਾਈ ਕਰ ਰਿਹਾ ਹੈ ਅਤੇ ਉਸ ਨੂੰ ਕਾਨਵੈਂਟ ਦੇ ਵਿਦਿਆਰਥੀਆਂ ਦੇ ਬਰਾਬਰ ਸਿੱਖਿਆ ਮਿਲ ਰਹੀ ਹੈ। ਉਸ ਨੇ ਕਿਹਾ ਕਿ ਆਧੁਨਿਕ ਬੁਨਿਆਦੀ ਢਾਂਚੇ ਤੇ ਮਿਆਰੀ ਸਿੱਖਿਆ ਨਾਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਮਿਲ ਰਿਹਾ ਹੈ।