ਲੁਧਿਆਣਾ/ਚੰਡੀਗੜ੍ਹ- ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਦੇਸ਼ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਬਾਰੇ ਹਾਲ ਹੀ ਵਿੱਚ ਕੀਤੀ ਗਈ ਅਪਮਾਨਜਨਕ ਟਿੱਪਣੀ ਵਿਰੁੱਧ ਆਮ ਆਦਮੀ ਪਾਰਟੀ ਨੇ ਮੋਰਚਾ ਖੋਲ੍ਹ ਦਿੱਤਾ ਹੈ। 'ਆਪ' ਆਗੂ ਲਗਾਤਾਰ ਪੰਨੂ 'ਤੇ ਹਮਲੇ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਆਉਣ ਦੀ ਚੁਣੌਤੀ ਦੇ ਰਹੇ ਹਨ।
ਸੋਮਵਾਰ ਨੂੰ ‘ਆਪ’ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਦਲਜੀਤ ਸਿੰਘ ਗਰੇਵਾਲ (ਭੋਲਾ), ਜੀਵਨ ਸਿੰਘ ਸੰਗੋਵਾਲ ਅਤੇ ਰਜਿੰਦਰ ਪਾਲ ਕੌਰ ਛੀਨਾ ਨੇ ਲੁਧਿਆਣਾ ਵਿੱਚ ਇਸ ਮੁੱਦੇ ’ਤੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਇਸ ਮੌਕੇ ਪਾਰਟੀ ਆਗੂ ਤੇ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਅਤੇ ਪਾਰਟੀ ਆਗੂ ਪਰਮਵੀਰ ਸਿੰਘ ਵੀ ਹਾਜ਼ਰ ਸਨ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਕਿਹਾ ਕਿ ਦੇਸ਼ ਤੋਂ ਬਾਹਰ ਬੈਠੇ ਕੁਝ ਲੋਕ ਅਤੇ ਏਜੰਸੀਆਂ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿੱਚ ਜੋ ਸ਼ਾਨਦਾਰ ਕੰਮ ਕੀਤਾ ਹੈ, ਉਸ ਨੂੰ ਵਿਦੇਸ਼ੀ ਤਾਕਤਾਂ ਬਰਦਾਸ਼ਤ ਨਹੀਂ ਕਰ ਪਾ ਰਹੀਆਂ।
'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ ਪੰਜਾਬ ਇਕ ਵਾਰ ਫਿਰ ਰੰਗਲਾ ਪੰਜਾਬ ਬਣ ਰਿਹਾ ਹੈ। 55 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਵਾਲੀ ਪੰਜਾਬ ਦੀ ਇਹ ਪਹਿਲੀ ਸਰਕਾਰ ਹੈ।
ਉਨ੍ਹਾਂ ਕਿਹਾ ਕਿ ਇਹ ਗੁਰੂਆਂ ਪੀਰਾਂ ਦੀ ਧਰਤੀ ਹੈ। ਗੁਰਪਤਵੰਤ ਪੰਨੂ ਆਪਣੇ ਹਿੰਸਕ ਬਿਆਨਾਂ ਨਾਲ ਪੰਜਾਬ ਦੀ ਆਪਸੀ ਭਾਈਚਾਰਕ ਸਾਂਝ ਨੂੰ ਵਿਗਾੜਨਾ ਚਾਹੁੰਦਾ ਹੈ। ਪਰ ਉਹ ਪੰਜਾਬ ਦੇ ਸਭਿਆਚਾਰ ਬਾਰੇ ਕੁਝ ਨਹੀਂ ਜਾਣਦਾ। ਪੰਜਾਬ ਦੇ ਲੋਕ ਅਜਿਹੀਆਂ ਘਟੀਆ ਚਾਲਾਂ ਨੂੰ ਸਮਝਦੇ ਹਨ।
ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਹੁਣ ਜੇਕਰ ਕੋਈ ਵੀ ਏਜੰਸੀ, ਕੋਈ ਪਾਰਟੀ ਜਾਂ ਕੋਈ ਵਿਅਕਤੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਨੂੰ ਜੇਲ੍ਹ ਦੀ ਹਵਾ ਖਾਣੀ ਪਵੇਗੀ। ਬਾਹਰ ਬੈਠੇ ਲੋਕਾਂ ਖ਼ਿਲਾਫ਼ ਵੀ ਅੰਤਰਰਾਸ਼ਟਰੀ ਕਾਨੂੰਨਾਂ ਤਹਿਤ ਭਾਰਤ ਵਾਪਸ ਲਿਆ ਕਾਰਵਾਈ ਕੀਤੀ ਜਾਵੇਗੀ।
‘ਆਪ’ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਜੋ ਵੀ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰੇਗਾ, ਆਮ ਆਦਮੀ ਪਾਰਟੀ ਉਸ ਖ਼ਿਲਾਫ਼ ਡਟ ਕੇ ਖੜ੍ਹੇਗੀ। ਪੰਜਾਬ ਪੰਜ ਦਰਿਆਵਾਂ ਅਤੇ ਗੁਰੂਆਂ-ਪੀਰਾਂ ਦੀ ਧਰਤੀ ਹੈ। ਇੱਥੇ ਸਾਰੇ ਧਰਮਾਂ ਦਾ ਸਤਿਕਾਰ ਕੀਤਾ ਜਾਂਦਾ ਹੈ। ਹਿੰਦੂ, ਮੁਸਲਮਾਨ, ਸਿੱਖ ਅਤੇ ਈਸਾਈ ਸਾਰੇ ਧਰਮਾਂ ਦੇ ਲੋਕ ਇਕੱਠੇ ਰਹਿੰਦੇ ਹਨ। ਇਸ ਲਈ ਇੱਥੋਂ ਦਾ ਮਾਹੌਲ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕਦੇ ਵੀ ਸਫਲ ਨਹੀਂ ਹੋਣਗੀਆਂ।
ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਵੀ ਕਿਸੇ ਇੱਕ ਜਾਤੀ, ਫ਼ਿਰਕੇ ਜਾਂ ਧਰਮ ਨਾਲ ਸਬੰਧਿਤ ਨਹੀਂ ਹਨ। ਉਹ ਸਾਰੇ ਦੇਸ਼ ਤੋਂ ਹਨ। ਸੰਵਿਧਾਨ ਰਾਹੀਂ ਉਨ੍ਹਾਂ ਨੇ ਸਾਰੇ ਧਰਮਾਂ ਦੇ ਲੋਕਾਂ ਨੂੰ ਬਰਾਬਰੀ ਅਤੇ ਆਜ਼ਾਦੀ ਸਮੇਤ ਕਈ ਨਾਗਰਿਕ ਅਧਿਕਾਰ ਦਿੱਤੇ। ਪੰਜਾਬ ਦੇ ਲੋਕ ਉਨ੍ਹਾਂ ਦਾ ਸਭ ਤੋਂ ਵੱਧ ਸਤਿਕਾਰ ਕਰਦੇ ਹਨ। ਪੰਨੂ ਵਰਗੇ ਲੋਕ ਉਨ੍ਹਾਂ ਬਾਰੇ ਕੁਝ ਨਹੀਂ ਜਾਣਦੇ।
‘ਆਪ’ ਵਿਧਾਇਕ ਜੀਵਨ ਸਿੰਘ ਸੰਗੋਵਾਲ ਨੇ ਕਿਹਾ ਕਿ ਗੁਰਪਤਵੰਤ ਪੰਨੂ ਵਰਗੇ ਲੋਕ ਅਜਿਹੇ ਭੜਕਾਊ ਬਿਆਨ ਦੇ ਕੇ ਆਪਣੀ ਰੋਜ਼ੀ ਰੋਟੀ ਕਮਾਉਂਦੇ ਹਨ। ਇਹ ਸਿਰਫ਼ ਉਸਦਾ ਕੰਮ ਹੈ। ਉਹ ਅਕਸਰ ਅਜਿਹੇ ਮਾੜੇ ਬਿਆਨ ਦਿੰਦਾ ਰਹਿੰਦਾ ਹੈ।
ਸੰਗੋਵਾਲ ਨੇ ਕਿਹਾ ਕਿ ਅਸੀਂ ਅਜਿਹੇ ਗਿੱਦੜਾਂ ਤੋਂ ਡਰਨ ਵਾਲੇ ਲੋਕ ਨਹੀਂ ਹਾਂ। 14 ਤਰੀਕ ਨੂੰ ਅਸੀਂ ਬਾਬਾ ਸਾਹਿਬ ਦਾ ਜਨਮ ਦਿਨ ਬੜੀ ਧੂਮਧਾਮ ਨਾਲ ਮਨਾਵਾਂਗੇ। ਆਮ ਆਦਮੀ ਪਾਰਟੀ ਦੇ ਸਮੂਹ ਵਰਕਰ ਅਤੇ ਆਗੂ ਸੂਬੇ ਭਰ ਵਿੱਚ ਬਾਬਾ ਸਾਹਿਬ ਅੰਬੇਡਕਰ ਦੇ ਬੁੱਤਾਂ 'ਤੇ ਝੰਡਿਆਂ ਅਤੇ ਡੰਡਿਆਂ ਨਾਲ ਪਹਿਰਾ ਦੇਣਗੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ।