ਚੰਡੀਗੜ੍ਹ- ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਬਾਰੇ ਕੀਤੀ ਗਈ ਗ਼ਲਤ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਨੂ ਵਰਗੀਆਂ ਕੁਝ ਪੰਜਾਬ ਵਿਰੋਧੀ ਤਾਕਤਾਂ ਸੂਬੇ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਪਾ ਰਹਿਆਂ ਹਨ। ਇਸੇ ਲਈ ਉਹ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪਰ ਆਪ ਸਰਕਾਰ ਉਨ੍ਹਾਂ ਦੇ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦੇਵੇਗੀ।
ਡਾ. ਬਲਬੀਰ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਕਿਸੇ ਇੱਕ ਜਾਤ ਜਾਂ ਧਰਮ ਨਾਲ ਸਬੰਧਿਤ ਨਹੀਂ ਸਨ। ਉਹ ਪੂਰੇ ਦੇਸ਼ ਦੇ ਹਨ ਅਤੇ ਉਨ੍ਹਾਂ ਦੀ ਜਨਮ ਜਯੰਤੀ ਦੇਸ਼ ਭਰ ਵਿੱਚ ਮਨਾਈ ਜਾਂਦੀ ਹੈ। ਇਸ ਲਈ, ਇਹ ਬਿਆਨ ਸਿਰਫ਼ ਪੰਜਾਬ ਦੇ ਲੋਕਾਂ ਨੂੰ ਭੜਕਾਉਣ ਲਈ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਾਬਾ ਸਾਹਿਬ ਨੂੰ ਸਤਿਕਾਰ ਦਿੱਤਾ ਹੈ। 'ਆਪ' ਸਰਕਾਰ ਬਣਨ ਤੋਂ ਬਾਅਦ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਬਾਬਾ ਸਾਹਿਬ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਲਗਾਈਆਂ ਗਈਆਂ ਹਨ। ਸਾਡੀ ਸਰਕਾਰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਲੱਗੀ ਹੋਈ ਹੈ।
ਉਨ੍ਹਾਂ ਲੋਕਾਂ ਨੂੰ ਚੇਤਾਵਨੀ ਦਿੱਤੀ ਕਿ ਗੁਰਪਤਵੰਤ ਪੰਨੂ ਵਰਗੇ ਲੋਕ ਸਮਾਜ ਦੇ ਦੁਸ਼ਮਣ ਹਨ। ਅਜਿਹੇ ਲੋਕ ਕਿਸੇ ਨਾਲ ਸਬੰਧਿਤ ਨਹੀਂ ਹੁੰਦੇ। ਇਸ ਲਈ, ਉਸ ਦੀਆਂ ਗੱਲਾਂ ਵੱਲ ਧਿਆਨ ਨਾ ਦਿਓ। ਉਨ੍ਹਾਂ ਨੇ ਪੰਨੂ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਸ ਵਿੱਚ ਹਿੰਮਤ ਹੈ ਤਾਂ ਉਹ ਪੰਜਾਬ ਆ ਕੇ ਇਹ ਗੱਲ ਕਹੇ।
ਡਾ. ਬਲਬੀਰ ਨੇ ਕਿਹਾ ਕਿ ਹੁਣ ਪੂਰਾ ਪੰਜਾਬ ਅਜਿਹੇ ਲੋਕਾਂ ਵਿਰੁੱਧ ਜਾਗਰੂਕ ਹੋ ਗਿਆ ਹੈ। ਇਸ ਦਾ ਜਵਾਬ ਪੰਜਾਬ ਦੇ ਲੋਕ ਖ਼ੁਦ ਦੇਣਗੇ। ਇਸ ਦੇ ਨਾਲ ਹੀ, ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਅਪਰਾਧੀਆਂ ਅਤੇ ਗੈਂਗਸਟਰਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਅਸੀਂ ਕਿਸੇ ਵੀ ਕੀਮਤ 'ਤੇ ਪੰਜਾਬ ਦਾ ਮਾਹੌਲ ਖ਼ਰਾਬ ਨਹੀਂ ਹੋਣ ਦੇਵਾਂਗੇ।
ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਵੀ ਗੁਰਪਤਵੰਤ ਪੰਨੂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਵਿਰੁੱਧ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਉਹ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਸਾਜ਼ਿਸ਼ ਰਚ ਰਿਹਾ ਹੈ।
ਦੇਵ ਮਾਨ ਨੇ ਕਿਹਾ ਕਿ ਪੰਜਾਬ ਦਾ ਭਾਈਚਾਰਾ ਬਹੁਤ ਮਜ਼ਬੂਤ ਹੈ। ਇਹ ਕਦੇ ਟੁੱਟਣ ਵਾਲਾ ਨਹੀਂ ਹੈ। ਗੁਰਪਤਵੰਤ ਪੰਨੂ ਸਿੱਖ ਧਰਮ ਬਾਰੇ ਕੁਝ ਨਹੀਂ ਜਾਣਦਾ। ਸਾਡੇ ਗੁਰੂਆਂ ਨੇ ਹਮੇਸ਼ਾ ਸਰਬੱਤ ਦਾ ਭਲਾ ਦਾ ਪਾਠ ਸਿਖਾਇਆ ਹੈ ਅਤੇ ਸਾਰੇ ਲੋਕਾਂ ਨੂੰ ਬਰਾਬਰ ਦਾ ਦਰਜਾ ਦਿੱਤਾ ਹੈ। ਇਸੇ ਕਰਕੇ ਪੂਰੇ ਦੇਸ਼ ਵਿੱਚੋਂ ਸਭ ਤੋਂ ਵੱਧ ਦਲਿਤ ਆਬਾਦੀ ਪੰਜਾਬ ਵਿੱਚ ਹੈ।
ਉਨ੍ਹਾਂ ਕਿਹਾ ਕਿ ਅਸੀਂ ਅਜਿਹੇ ਬਿਆਨਾਂ ਤੋਂ ਡਰਨ ਵਾਲੇ ਲੋਕ ਨਹੀਂ ਹਾਂ। 14 ਤਰੀਕ ਨੂੰ, ਅਸੀਂ ਬਾਬਾ ਸਾਹਿਬ ਦਾ ਜਨਮ ਦਿਨ ਬਹੁਤ ਧੂਮਧਾਮ ਨਾਲ ਮਨਾਵਾਂਗੇ ਅਤੇ ਪੂਰੇ ਪੰਜਾਬ ਵਿੱਚ ਸਥਾਪਿਤ ਉਨ੍ਹਾਂ ਦੇ ਬੁੱਤਾਂ ਦੀ ਰੱਖਿਆ ਕਰਾਂਗੇ ਅਤੇ ਜੇਕਰ ਕੋਈ ਕੁਝ ਗ਼ਲਤ ਕਰਨ ਦੀ ਕੋਸ਼ਿਸ਼ ਕਰੇਗਾ, ਤਾਂ ਉਸ ਨੂੰ ਢੁਕਵਾਂ ਜਵਾਬ ਵੀ ਦਿੱਤਾ ਜਾਵੇਗਾ।