ਚੰਡੀਗੜ੍ਹ- ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਅਪੀਲ ਕੀਤੀ ਹੈ ਕਿ ਉਹ ਨਸ਼ੇ ਦੇ ਮੁੱਦੇ 'ਤੇ ਰਾਜਨੀਤੀ ਕਰਨਾ ਬੰਦ ਕਰਨ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦਾ ਸਮਰਥਨ ਕਰਨ। ਗਰਗ ਨੇ ਬਾਜਵਾ ਵੱਲੋਂ ਪੰਜਾਬ ਪੁਲਿਸ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਹਾਲੀਆ ਟਿੱਪਣੀਆਂ ਦੀ ਆਲੋਚਨਾ ਕੀਤੀ ਅਤੇ ਉਨ੍ਹਾਂ ਨੂੰ ਪੰਜਾਬ ਦੇ ਨੌਜਵਾਨਾਂ ਨੂੰ ਬਚਾਉਣ ਦੀ ਲੜਾਈ ਵਿੱਚ ਰਚਨਾਤਮਿਕ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਨੀਲ ਗਰਗ ਨੇ ਅੰਮ੍ਰਿਤਸਰ ਵਿੱਚ ਹੈਰੋਇਨ ਸਮੇਤ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਇੱਕ ਸੀਨੀਅਰ ਅਧਿਕਾਰੀ ਦੀ ਗ੍ਰਿਫ਼ਤਾਰੀ ਦੀ ਹਾਲ ਹੀ ਵਿੱਚ ਵਾਪਰੀ ਘਟਨਾ 'ਤੇ ਬਾਜਵਾ ਦੀ ਚੁੱਪੀ 'ਤੇ ਸਵਾਲ ਉਠਾਏ। ਉਨ੍ਹਾਂ ਪੁੱਛਿਆ, "ਕੀ ਇਸ ਗ੍ਰਿਫ਼ਤਾਰੀ ਕਾਰਨ ਈਡੀ ਨੂੰ ਵੀ ਹੁਣ ਭੰਗ ਕਰ ਦੇਣਾ ਚਾਹੀਦਾ ਹੈ? ਹਰ ਜਗ੍ਹਾ ਚੰਗੇ ਅਤੇ ਮਾੜੇ ਤੱਤ ਹਨ। ਇਹ ਰਾਜਨੀਤੀ ਬਾਰੇ ਨਹੀਂ ਹੈ - ਇਹ ਸਾਡੇ ਨੌਜਵਾਨਾਂ ਦੇ ਭਵਿੱਖ ਬਾਰੇ ਹੈ।"
ਕਾਂਗਰਸ ਪਾਰਟੀ ਦੇ ਪੁਰਾਣੇ ਇਤਿਹਾਸ ਨੂੰ ਯਾਦ ਕਰਦਿਆਂ ਗਰਗ ਨੇ ਬਾਜਵਾ ਅਤੇ ਉਨ੍ਹਾਂ ਦੀ ਪਾਰਟੀ 'ਤੇ ਸੱਤਾ ਵਿੱਚ ਰਹਿੰਦੇ ਹੋਏ ਡਰੱਗ ਮਾਫ਼ੀਆ ਨੂੰ ਬਚਾਉਣ ਦਾ ਦੋਸ਼ ਲਗਾਇਆ, ਜਿਸ ਕਾਰਨ ਇੱਕ ਪੂਰੀ ਪੀੜ੍ਹੀ ਬਰਬਾਦ ਹੋ ਗਈ। ਉਨ੍ਹਾਂ ਕਿਹਾ, "ਤੁਹਾਡੀ ਪਾਰਟੀ ਕਈ ਸਾਲਾਂ ਤੱਕ ਸੱਤਾ ਵਿੱਚ ਸੀ। ਤੁਸੀਂ ਡਰੱਗ ਮਾਫ਼ੀਆ ਨੂੰ ਪਨਾਹ ਦਿੱਤੀ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦਾ ਸ਼ਿਕਾਰ ਹੋਣ ਦਿੱਤਾ। ਹੁਣ ਤੁਹਾਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਨਸ਼ਿਆਂ ਵਿਰੁੱਧ ਜੰਗ ਵਿੱਚ ਸ਼ਾਮਲ ਹੋ ਜਾਣਾ ਚਾਹੀਦਾ ਹੈ ਅਤੇ ਇਸ ਦਾ ਮਜ਼ਾਕ ਨਹੀਂ ਉਡਾਉਣਾ ਚਾਹੀਦਾ ਹੈ। ਇਹ ਰਾਜਨੀਤੀ ਕਰਨ ਦਾ ਨਹੀਂ ਸਗੋਂ ਕੁਝ ਕਰਨ ਦਾ ਸਮਾਂ ਹੈ।"
ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ 'ਆਪ' ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਗਰਗ ਨੇ ਬਾਜਵਾ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਸੂਬੇ ਨੂੰ ਬਚਾਉਣ ਦੇ ਯਤਨਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ। ਗਰਗ ਨੇ ਕਿਹਾ, "ਮਾਨ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦਾ ਐਲਾਨ ਕਰ ਦਿੱਤਾ ਹੈ। ਅਸੀਂ ਉਦੋਂ ਤੱਕ ਚੁੱਪ ਨਹੀਂ ਬੈਠਾਂਗੇ ਜਦੋਂ ਤੱਕ ਹਰ ਨਸ਼ਾ ਤਸਕਰ ਨੂੰ ਨਿਆਂ ਦੇ ਕਟਹਿਰੇ ਵਿੱਚ ਨਹੀਂ ਲਿਆਂਦਾ ਜਾਂਦਾ ਅਤੇ ਪੰਜਾਬ ਰੰਗਲਾ ਪੰਜਾਬ ਵਜੋਂ ਆਪਣੀ ਪੁਰਾਣੀ ਸ਼ਾਨ ਮੁੜ ਪ੍ਰਾਪਤ ਨਹੀਂ ਕਰ ਲੈਂਦਾ। ਇਹ ਲੜਾਈ ਰਾਜਨੀਤਿਕ ਲਾਭ ਲਈ ਨਹੀਂ ਹੈ, ਇਹ ਪੰਜਾਬ ਦੇ ਭਵਿੱਖ ਦੀ ਰੱਖਿਆ ਲਈ ਹੈ।"
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ 'ਆਪ' ਸਰਕਾਰ ਸੂਬੇ ਭਰ ਵਿੱਚ ਡਰੱਗ ਨੈੱਟਵਰਕਾਂ 'ਤੇ ਸਰਗਰਮੀ ਨਾਲ ਕਾਰਵਾਈ ਕਰ ਰਹੀ ਹੈ। ਗਰਗ ਨੇ ਭਰੋਸਾ ਦਿੱਤਾ ਕਿ ਅਜਿਹੇ ਯਤਨ ਨਿਰੰਤਰ ਜਾਰੀ ਰਹਿਣਗੇ। ਇਸ ਦੇ ਲਈ ਸਾਰੇ ਰਾਜਨੀਤਿਕ ਨੇਤਾਵਾਂ ਨੂੰ ਆਪਣੇ ਮਤਭੇਦਾਂ ਨੂੰ ਇਕ ਪਾਸੇ ਰੱਖ ਕੇ ਸੂਬੇ ਦੇ ਨੌਜਵਾਨਾਂ ਦੇ ਭਵਿੱਖ ਦੀ ਰੱਖਿਆ ਲਈ ਇਕੱਠੇ ਕੰਮ ਕਰਨ ਦੀ ਲੋੜ ਹੈ।