ਐੱਸ.ਏ.ਐੱਸ ਨਗਰ - ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ 326ਵਾਂ ਖਾਲਸਾ ਸਾਜਨਾ ਦਿਵਸ ਸ਼ਰਧਾ ਭਾਵਨਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ । ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ 9:00 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਦੇਵ ਸਿੰਘ ਦੇ ਇੰਟਰਨੈਸ਼ਨਲ ਢਾਡੀ ਜੱਥੇ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੁਆਰਾ ਚਿੜੀਆਂ ਨੂੰ ਬਾਜ ਬਣਾਉਣ ਭਾਵ ਖਾਲਸਾ ਪੰਥ ਜੀ ਨੂੰ ਸਿਰਜਣ ਦੇ ਪ੍ਰਸੰਗ ਨੂੰ ਬੜੇ ਭਾਵਪੂਰਨ ਅਤੇ ਜੋਸ਼ ਭਰਪੂਰ ਤਰੀਕੇ ਨਾਲ ਢਾਡੀ ਵਾਰਾਂ ਵਿੱਚ ਵਿਸਥਾਰ ਨਾਲ ਸੁਣਾਇਆ । ਭਾਈ ਅਜਮੇਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ । ਇਸ ਤੋਂ ਇਲਾਵਾ ਭਾਈ ਸੰਦੀਪ ਸਿੰਘ ਸ਼੍ਰੇਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਅਕਾਲਗੜ੍ਹ ਵਾਲਿਆਂ ਦਾ ਪੰਥਕ ਢਾਡੀ ਜੱਥਾ, ਭਾਈ ਓਂਕਾਰ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਨਿਰਵੈਰ ਸਿੰਘ , ਭਾਈ ਹਰਪ੍ਰੀਤ ਸਿੰਘ, ਸੁਖਮਨੀ ਸੇਵਾ ਸੋਸਾਇਟੀ ਦੀਆਂ ਬੀਬੀਆਂ, ਭਾਈ ਰਵਿੰਦਰ ਸਿੰਘ, ਭਾਈ ਮਨਦੀਪ ਸਿੰਘ, ਭਾਈ ਸਵਿੰਦਰ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਸੁਖਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ , ਭਾਈ ਗੁਰਮੀਤ ਸਿੰਘ, ਭਾਈ ਹਰਬਖਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਇਸ ਮੌਕੇ ਤੇ ਪੂਰੇ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ । ਦਰਬਾਰ ਸਾਹਿਬ ਜੀ ਨੂੰ ਬਾਹਰੋਂ ਅਤੇ ਗੇਟ ਤੱਕ ਦੇ ਰਸਤੇ ਨੂੰ ਵਿਸ਼ੇਸ਼ ਢੰਗ ਨਾਲ ਸਜਾਇਆ ਗਿਆ ਸੀ । ਇਸ ਦਿਹਾੜੇ ਤੇ ਹਜ਼ਾਰਾਂ ਸੰਗਤਾਂ ਨੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ । ਇਸ ਦਿਨ ਕਰਵਾਏ ਗਏ ਮਹਾਨ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣੇ । ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਦੇਣ ਦੀ ਸੇਵਾ ਪ੍ਰਬੰਧਕ ਕਮੇਟੀ ਵਲੋ ਕੀਤੀ ਗਈ । ਇਸ ਮੌਕੇ ਤੇ ਗੁਰੂ ਕਾ ਲੰਗਰ ਸੰਗਤਾਂ ਨੂੰ ਸਾਰਾ ਦਿਨ ਅਤੁੱਟ ਵਰਤਾਇਆ ਗਿਆ ।