ਨਵੀਂ ਦਿੱਲੀ - ਕੁਲਦੀਪ ਸਿੰਘ ਭੋਗਲ ਨੇ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਦੁਬਾਰਾ ਰਾਸ਼ਟਰੀ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ, ਦਿੱਲੀ ਰਾਜ ਦੇ ਸਾਬਕਾ ਸਕੱਤਰ ਜਨਰਲ ਅਤੇ ਉਤਰਾਖੰਡ ਤੋਂ ਡੈਲੀਗੇਟ, ਸ. ਕੁਲਦੀਪ ਸਿੰਘ ਭੋਗਲ ਨੇ ਪ੍ਰੈਸ ਨੂੰ ਦਿੱਤੇ ਬਿਆਨ ਵਿੱਚ ਕਿਹਾ ਕਿ ਸ੍ਰ. ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟਾਂ ਨੇ ਸਰਬਸੰਮਤੀ ਨਾਲ ਰਾਸ਼ਟਰੀ ਪ੍ਰਧਾਨ ਬਣਾਇਆ ਹੈ। ਉਨ੍ਹਾਂ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਪੰਜਾਬ ਨੂੰ ਨਵੀਆਂ ਉਚਾਈਆਂ 'ਤੇ ਲੈ ਜਾਣਗੇ ਅਤੇ 2027 ਦੀਆਂ ਚੋਣਾਂ ਵਿੱਚ ਇੱਕ ਵਾਰ ਫਿਰ ਸੱਚਾਈ ਦੀ ਜਿੱਤ ਹੋਵੇਗੀ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਲੋਕਾਂ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਬਹੁਤ ਸਤਿਕਾਰ ਕੀਤਾ ਅਤੇ ਉਨ੍ਹਾਂ ਨੂੰ ਪੰਜ ਵਾਰ ਮੁੱਖ ਮੰਤਰੀ ਬਣਾਇਆ, ਉਸੇ ਤਰ੍ਹਾਂ ਜਨਤਾ ਵੀ 2027 ਵਿੱਚ ਸੁਖਬੀਰ ਸਿੰਘ ਬਾਦਲ ਨੂੰ ਦੁਬਾਰਾ ਮੁੱਖ ਮੰਤਰੀ ਬਣਾਏਗੀ ਅਤੇ ਪੰਜਾਬ ਨੂੰ 'ਆਪ' ਸਰਕਾਰ ਦੀ ਦਲਦਲ ਵਿੱਚੋਂ ਕੱਢੇਗੀ। ਕਿਉਂਕਿ ਅੱਜ ਪੰਜਾਬ ਦੀ ਹਾਲਤ ਦੇਸ਼ ਅਤੇ ਦੁਨੀਆ ਵਿੱਚ ਬਦਨਾਮ ਹੋ ਰਹੀ ਹੈ, ਕਾਨੂੰਨ ਵਿਵਸਥਾ ਦੇ ਨਾਮ ਤੇ ਕੁਝ ਵੀ ਨਹੀਂ ਬਚਿਆ, 'ਆਪ' ਸਰਕਾਰ ਲੋਕਾਂ ਵਿੱਚ ਆਪਣੀ ਭਰੋਸੇਯੋਗਤਾ ਗੁਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਵਿੱਚ ਆਪਣਾ ਵਿਸ਼ਵਾਸ ਜਤਾਇਆ ਹੈ ਅਤੇ ਜਿਸ ਤਰ੍ਹਾਂ ਹਰਸਿਮਰਤ ਕੌਰ ਬਾਦਲ ਨੇ ਹਾਲ ਹੀ ਵਿੱਚ ਸੰਸਦ ਅੰਦਰ ਪੰਜਾਬ ਅਤੇ ਦੇਸ਼ ਦੇ ਹਿੱਤ ਵਿੱਚ ਭਖਦੇ ਮੁੱਦੇ ਉਠਾਏ ਹਨ, ਉਸ ਨੇ ਸੂਬੇ ਅਤੇ ਦੇਸ਼ ਭਰ ਦੇ ਪੰਜਾਬੀਆਂ ਵਿੱਚ ਨਵੀਂ ਊਰਜਾ ਭਰੀ ਹੈ। ਉਨ੍ਹਾਂ ਕਿਹਾ ਕਿ ਸਾਡੇ ਬਹੁਤ ਸਾਰੇ ਹਰਮਨ ਪਿਆਰੇ ਆਗੂ ਜੋ ਸ਼੍ਰੋਮਣੀ ਅਕਾਲੀ ਦਲ ਛੱਡ ਚੁੱਕੇ ਹਨ, ਉਨ੍ਹਾਂ ਦੀ ਪਾਰਟੀ ਵਿੱਚ ਵਾਪਸੀ 'ਤੇ ਪੂਰਾ ਸਤਿਕਾਰ ਦਿੱਤਾ ਜਾਵੇਗਾ।