ਮੋਹਾਲੀ- ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਹਾੜੀ ਸੀਜ਼ਨ 2025-26 ਦੌਰਾਨ ਸੂਬੇ ਦੀਆਂ ਮੰਡੀਆਂ ਵਿੱਚ ਚੱਲ ਰਹੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜਾ ਲਿਆ ਗਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਮੰਡੀਆਂ ਵਿੱਚ ਕਿਸਾਨਾਂ, ਮਜਦੂਰਾਂ, ਆੜ੍ਹਤੀਆਂ ਨੂੰ ਕਿਸੇ ਵੀ ਕਿਸਮ ਦੀ ਕੋਈ ਸਮੱਸਿਆ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਹਾੜੀ ਸੀਜਨ 2025-26 ਦੌਰਾਨ ਕਣਕ ਦੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ। ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ ਵਿੱਚ ਘੱਟ ਸੀ ਅਤੇ ਹੁਣ ਆਮਦ ਵਿੱਚ ਤੇਜੀ ਆਉਣੀ ਸ਼ੁਰੂ ਹੋ ਗਈ ਹੈ। ਹੁਣ ਤੱਕ ਮੰਡੀਆਂ ਵਿੱਚ 2.39 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ।
ਸ. ਬਰਸਟ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਣਕ ਦੀ ਖਰੀਦ ਸਬੰਧੀ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿੱਚ ਸਾਫ਼-ਸਫਾਈ, ਪੀਣ ਵਾਲੇ ਪਾਣੀ, ਬਾਥਰੂਮਾਂ, ਛਾਂ, ਬੈਠਣ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੇ ਲਈ ਮੰਡੀ ਬੋਰਡ ਦੇ ਅਫਸਰਾਂ ਦੀਆਂ ਡਿਊਟੀਆਂ ਲਗਾ ਕੇ ਖਰੀਦ ਪ੍ਰਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਮੱਸਿਆਵਾਂ ਨੂੰ ਤੁਰੰਤ ਹੱਲ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਮੰਡੀ ਬੋਰਡ ਵੱਲੋਂ ਕਣਕ ਦੀ ਖਰੀਦ ਕਰਵਾਉਣ ਲਈ ਕੁੱਲ 1865 ਪੱਕੀਆਂ ਮੰਡੀਆਂ ਘੋਸ਼ਿਤ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿੱਚ 152 ਮੁੱਖ ਯਾਰਡ, 285 ਸਬ-ਯਾਰਡ ਅਤੇ 1428 ਖਰੀਦ ਕੇਂਦਰ ਆਉਂਦੇ ਹਨ। ਇਸ ਦੇ ਨਾਲ ਹੀ ਸੀਜਨ ਦੌਰਾਨ ਫਸਲ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ 520 ਆਰਜੀ ਮੰਡੀਆਂ ਘੋਸ਼ਿਤ ਕੀਤੀਆਂ ਜਾ ਚੁੱਕੀਆਂ ਹਨ। ਚੇਅਰਮੈਨ ਨੇ ਦੱਸਿਆ ਕਿ ਮੰਡੀਆਂ ਵਿੱਚ ਹੁਣ ਤੱਕ 2.39 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ 1.62 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋ ਚੁੱਕੀ ਹੈ, ਜਿਸ ਵਿੱਚੋਂ 1.27 ਲੱਖ ਮੀਟ੍ਰਿਕ ਟਨ ਦੀ ਸਰਕਾਰੀ ਪੱਧਰ ਤੇ ਖਰੀਦ ਹੋਈ ਹੈ। ਮੰਡੀਆਂ ਵਿੱਚੋਂ 0.32 ਲੱਖ ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਮੰਡੀਆਂ ਵਿੱਚ 1.47 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ 0.94 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ।