ਅੰਮ੍ਰਿਤਸਰ- ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਅਮਰੀਕਾ ਸਥਿਤ ਗੁਰਦੁਆਰਾ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਛਾਉਣੀ ਨਿਹੰਗ ਸਿੰਘਾਂ ਬੁੱਢਾ ਦਲ ਪਲੇਨਫੀਲਡ ਇੰਡਿਆਨਾ ਯੂ.ਐਸ.ਏ ਵਿਖੇ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪੂਰਨ ਸਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਗੁਰਬਾਣੀ ਦੇ ਮਨੋਹਰ ਕੀਰਤਨ, ਕਥਾਵਾਚਕਾਂ, ਗਿਆਨੀਆਂ, ਪ੍ਰਚਾਰਕਾਂ ਅਤੇ ਢਾਡੀ ਕਵੀਸਰਾਂ ਨੇ ਸਿੱਖ ਇਤਿਹਾਸ ਤੇ ਗੁਰੂ ਸਾਹਿਬ ਦੀ ਮਹਿਮਾ ਬਾਰੇ ਸੰਗਤਾਂ ਨੂੰ ਜਾਣੂ ਕਰਵਾਇਆ। ਗੁਰਦੁਆਰਾ ਸਾਹਿਬ ਵੱਲੋਂ ਗੁਰੂ ਕਾ ਲੰਗਰ ਅੁਤੱਟ ਵਰਤਾਇਆ ਗਿਆ। ਛਾਉਣੀ ਦੇ ਇੰਚਾਰਜ਼ ਜਥੇਦਾਰ ਬਾਬਾ ਜਸਵਿੰਦਰ ਸਿੰਘ ਜੱਸੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਭਨਾਂ ਨੂੰ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿਤੀ। ਬਾਬਾ ਕਸ਼ਮੀਰ ਸਿੰਘ ਮੁਛਲ ਗ੍ਰੰਥੀ ਸਿੰਘ ਨੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ ਤੇ ਬਾਣੀ ਬਾਰੇ ਵਿਸਥਾਰ ਵਿੱਚ ਸੰਗਤਾਂ ਨਾਲ ਸਾਂਝ ਪਾਈ। ਸਥਾਨਕ ਸੰਗਤਾਂ ਨੇ ਲੰਗਰ ਵਿੱਚ ਸਰਧਾ ਭਾਵਨਾ ਨਾਲ ਸੇਵਾ ਕੀਤੀ।