ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਦਾਅਵਾ ਕੀਤਾ ਹੈ ਕਿ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਆਪ ਦੇ ਉਮੀਦਵਾਰ ਸੰਜੀਵ ਅਰੋੜਾ (ਰਾਜ ਸਭਾ ਮੈਂਬਰ) ਦੀ ਜਿੱਤ ਪੱਕੀ ਹੈ। ਲੋਕਾਂ ਵੱਲੋਂ ਮਿਲ ਰਿਹਾ ਸਾਥ ਇਸ ਦਾ ਸਬੂਤ ਹੈ ਕਿ ਲੋਕ ਆਮ ਆਦਮੀ ਪਾਰਟੀ ਕੇ ਕੰਮਾਂ ਤੋਂ ਬਹੁਤ ਖੁਸ਼ ਹਨ।
ਉਨ੍ਹਾਂ ਕਿਹਾ ਕਿ ਆਪ ਉਮੀਦਵਾਰ ਸੰਜੀਵ ਅਰੋੜਾ ਸੂਝਵਾਨ ਅਤੇ ਇਮਾਨਦਾਰ ਵਿਅਕਤੀ ਹਨ, ਜਿਨ੍ਹਾਂ ਕੋਲ ਲੀਡਰਸ਼ਿਪ ਦੇ ਸਾਰੇ ਗੁਣ ਹਨ, ਜੋ ਸਮਾਜ ਦੇ ਹਰ ਵਰਗ ਨਾਲ ਜੁੜੇ ਹੋਏ ਹਨ ਅਤੇ ਲੋਕ ਭਲਾਈ ਤੇ ਸਮਾਜ ਸੇਵਾ ਲਈ ਹਮੇਸ਼ਾ ਤੱਤਪਰ ਰਹਿੰਦੇ ਹਨ। ਸੰਜੀਵ ਅਰੋੜਾ ਬਤੌਰ ਰਾਜ ਸਭਾ ਮੈਂਬਰ ਰਹਿੰਦੇ ਹੋਏ ਲੁਧਿਆਣਾ ਵਾਸੀਆਂ ਅਤੇ ਪੰਜਾਬ ਵਾਸੀਆਂ ਲਈ ਆਵਾਜ਼ ਚੁੱਕਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਪ੍ਰਤੀ ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨੂੰ ਦੇਖਦਿਆਂ ਇਹ ਯਕੀਨ ਹੋ ਗਿਆ ਹੈ ਕਿ ਇਸ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਵੱਡੇ ਅੰਤਰ ਨਾਲ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਪਣੇ 3 ਸਾਲਾਂ ਦੇ ਕਾਰਜਕਾਲ ਵਿੱਚ ਲੋਕ ਭਲਾਈ ਦੇ ਕੰਮਾਂ ਨੂੰ ਹੀ ਪਹਿਲ ਦਿੱਤੀ ਹੈ। ਆਪ ਦਾ ਮੁੱਖ ਮਕਸਦ ਸੂਬੇ ਦਾ ਚਹੁੰਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ।
ਸੂਬਾ ਜਨਰਲ ਸਕੱਤਰ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਬਿਹਤਰੀ ਅਤੇ ਸੂਬੇ ਦੇ ਵਿਕਾਸ ਨੂੰ ਹੀ ਤਰਜੀਹ ਦਿੱਤੀ ਜਾ ਰਹੀ ਹੈ। 'ਆਪ' ਸਰਕਾਰ ਵੱਲੋਂ ਆਪਣੇ 3 ਸਾਲ ਦੇ ਕਾਰਜਕਾਲ ਦੌਰਾਨ ਹਰ ਖੇਤਰ ਵਿੱਚ ਬਹੁਤ ਸੁਧਾਰ ਕੀਤੇ ਗਏ ਹਨ। ਲੋਕਾਂ ਨੂੰ 600 ਯੁਨੀਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਖੇਤਾਂ ਨੂੰ ਨਹਿਰਾਂ ਦਾ ਪਾਣੀ ਮਿਲ ਰਿਹਾ ਹੈ। ਸਰਕਾਰ ਵੱਲੋਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਤੋਂ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ।
ਸ. ਬਰਸਟ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਨੋਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਲਈ ਜਿੱਥੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਉੱਥੇ ਹੀ ਖੇਡ ਨਰਸਰੀਆਂ ਬਣਾਵਾਈਆਂ ਜਾ ਰਹੀਆਂ ਹਨ। ਉਨ੍ਹਾਂ ਸਾਰੇ ਵਲੰਟੀਅਰਾਂ ਨੂੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾ ਨੂੰ ਲੋਕਾਂ ਤੱਕ ਪਹੁੰਚਾਉਣ।